ਪ੍ਰਤਾਪ ਸਿੰਘ ਬਾਜਵਾ ਨੇ 'ਆਪ' ਸਰਕਾਰ 'ਤੇ ਸਾਧੇ ਨਿਸ਼ਾਨੇ
ਚੰਡੀਗੜ੍ਹ: ਸਤਲੁਜ ਯਮੁਨਾ ਲਿੰਕ (SYL) ਨਹਿਰ ਦੇ ਪਾਣੀ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ 'ਚ 'ਆਪ' ਸਰਕਾਰ ਦੇ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਨਹੀਂ ਦੇਵਾਂਗੇ। ਇਸ ਵਿਚਾਲੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ (Sunil Gupta) ਨੇ 2025 ਤੱਕ SYL ਦਾ ਪਾਣੀ ਹਰਿਆਣਾ ਦੇ ਹਰ ਪਿੰਡ ਤੱਕ ਪਹੁੰਚਾਉਣ ਦਾ ਦਾਅਵਾ ਕੀਤਾ ਹੈ। ਇਸ ਦਾਅਵੇ 'ਤੇ ਪੰਜਾਬ ਕਾਂਗਰਸ (Punjab Congress) ਵੱਲੋਂ ਇਤਰਾਜ਼ ਜਤਾਇਆ ਹੈ। ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ SYL ਦੇ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ 'ਆਪ' ਸਰਕਾਰ 'ਤੇ ਨਿਸ਼ਾਨੇ ਸਾਧੇ ਹਨ। ਪ੍ਰਤਾਪ ਬਾਜਵਾ ਨੇ ਪੰਜਾਬ ਸਰਕਾਰ 'ਤੇ ਦਿੱਲੀ ਤੋਂ ਚੱਲਣ ਦਾ ਦੋਸ਼ ਲਾਇਆ। ਕਾਂਗਰਸੀ ਆਗੂ ਨੇ ਕਿਹਾ, ''ਇਹ ਮੋਹਰੇ ਹਨ। ਸਾਰੇ ਫੈਸਲੇ ਦਿੱਲੀ ਤੋਂ ਲਏ ਜਾਂਦੇ ਹਨ। ਅਸੀਂ ਤੁਹਾਡੇ ਸਾਹਮਣੇ ਐਸਵਾਈਐਲ ਦੇ ਮੁੱਦੇ 'ਤੇ ਪਹਿਲਾਂ ਹੀ ਸਪੱਸ਼ਟੀਕਰਨ ਮੰਗਿਆ ਸੀ। ਪਹਿਲੋਂ ਸਫ਼ਾਈ ਭਗਵੰਤ ਮਾਨ ਦਵੇ। ਫਿਰ ਅਰਵਿੰਦ ਕੇਜਰੀਵਾਲ ਤੇ ਫਿਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਇਸ ਮਾਮਲੇ 'ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਹ ਆਪਣਾ ਪੱਖ ਸਾਫ਼ ਕਰਨ।" ਇਹ ਵੀ ਪੜ੍ਹੋ:ਪੰਜਾਬ ਪੁਲਿਸ ਦਾ ਕੁਮਾਰ ਵਿਸ਼ਵਾਸ 'ਤੇ ਵੱਡਾ ਐਕਸ਼ਨ, ਜਾਣੋ ਕੀ ਹੈ ਪੂਰਾ ਮਾਮਲਾ ਬਾਜਵਾ ਨੇ ਅੱਗੇ ਕਿਹਾ, ''ਅਸੀਂ ਆਪਣਾ ਸਟੈਂਡ ਸਾਫ਼ ਕਰ ਦਿੱਤਾ ਹੈ। ਪੰਜਾਬ ਦੇ ਲੋਕ ਤੇ ਪੰਜਾਬ ਕਾਂਗਰਸ ਦੇ ਆਗੂ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਾਡੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ। ਅਸੀਂ ਇੱਥੋਂ ਪਾਣੀ ਦੀ ਇੱਕ ਬੂੰਦ ਵੀ ਨਹੀਂ ਜਾਣ ਦੇਵਾਂਗੇ। ਸਾਡੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ। 15-20 ਸਾਲਾਂ ਵਿੱਚ ਪਾਣੀ ਦੀ ਸਥਿਤੀ ਬਹੁਤ ਗੰਭੀਰ ਹੋ ਜਾਵੇਗੀ।" ਦੂਜੇ ਪਾਸੇ ਇਸ ਤੋਂ ਪਹਿਲਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੰਜਾਬ ਦੇ ਪਾਣੀ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਕਿਸੇ ਵੀ ਸੂਬੇ ਨੂੰ ਨਹੀਂ ਦੇਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਉੱਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ਲਈ ਕੋਈ ਵੀ ਕੁਰਬਾਨੀ ਦੇਣੀ ਪਾਈ ਤਾਂ ਜ਼ਰੂਰ ਦੇਵਾਂਗੇ। -PTC News