ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ 'ਚ ਰੇਲਾਂ ਦਾ ਚੱਕਾ ਜਾਮ ਅੱਜ , ਤਿਆਰੀਆਂ ਮੁਕੰਮਲ
Rail Roko Andolan: ਸੰਯੁਕਤ ਕਿਸਾਨ ਮੋਰਚੇ (SKM) ਵੱਲੋਂ ਐਮਐੱਸਪੀ (MSP) ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਮੋਰਚੇ ਦੀਆਂ ਲਟਕਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਐਤਵਾਰ 31 ਜੁਲਾਈ ਨੂੰ 4 ਘੰਟੇ ਦਾ ਰੇਲ ਰੋਕੋ ਪ੍ਰੋਗਰਾਮ ਕੀਤਾ ਜਾਵੇਗਾ। ਇਹ ਰੇਲ ਰੋਕੋ ਪ੍ਰੋਗਰਾਮ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ।
ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਰੇਲ ਮਾਰਗ ਜਾਮ ਕਰਨ ਦੇ ਨਾਲ ਨਾਲ ਟੋਲ ਪਲਾਜ਼ਿਆਂ 'ਤੇ ਵੀ ਸੜਕਾਂ ਜਾਮ ਕੀਤੀਆਂ ਜਾਣਗੀਆਂ ਪਰ ਸ਼ਹੀਦ ਊਧਮ ਸਿੰਘ ਦੀ ਬਰਸੀ 'ਤੇ ਜਾਣ ਵਾਲੀਆਂ ਅਤੇ ਐਮਰਜੈਂਸੀ 'ਚ ਫਸੇ ਲੋਕਾਂ ਨੂੰ ਜਾਮ ਤੋਂ ਛੋਟ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : CWG 2022: ਮੀਰਾਬਾਈ ਚਾਨੂ ਦੇ ਗੋਲਡ ਜਿੱਤਣ 'ਤੇ PM ਮੋਦੀ ਸਮੇਤ ਕਈ ਆਗੂਆਂ ਨੇ ਦਿੱਤੀ ਵਧਾਈ
ਬੀਤੇ ਦਿਨੀ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਚੱਕਾ ਜਾਮ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਮੌਜੂਦਾ ਕਿਸਾਨੀ ਮੰਗਾਂ ਅਤੇ ਦਿੱਲੀ ਕਿਸਾਨ ਅੰਦੋਲਨ ਮੁਲਤਵੀ ਕਰਨ ਉਪਰੰਤ ਰਹਿੰਦੀਆਂ ਮੰਗਾਂ ਦੀ ਪੂਰਤੀ ਲਈ ਜਿੱਥੇ ਦੇਸ਼ ਦੇ ਹੋਰ ਸੂਬਿਆਂ ਅੰਦਰ ਸੜਕੀ ਆਵਾਜਾਈ ਬੰਦ ਕਰਕੇ ਚੱਕਾ ਜਾਮ ਕੀਤਾ ਜਾਵੇਗਾ। ਉਥੇ ਪੰਜਾਬ ਅੰਦਰ ‘ਰੇਲਵੇ ਟਰੈਕ’ ਰੋਕੇ ਜਾਣਗੇ। ਉਨ੍ਹਾਂ ਦੱਸਿਆ ਕਿ ਜਾਮ ਦੌਰਾਨ ‘ਊਧਮ ਸਿੰਘ ਦਾ ਸ਼ਹੀਦੀ ਦਿਹਾੜਾ’ ਵੀ ਮਨਾਇਆ ਜਾਵੇਗਾ।
-PTC News