ਖਾਰਕਿਵ ਵਿੱਚ ਗੋਲੀਬਾਰੀ ਦੌਰਾਨ ਇੱਕ ਭਾਰਤੀ ਵਿਦਿਆਰਥੀ ਦੀ ਮੌਤ
ਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਨੇ ਇੱਕ ਅਧਿਕਾਰਿਤ ਬਿਆਨ ਵਿੱਚ ਕਿਹਾ ਕਿ ਖੇਤਰ ਵਿੱਚ ਗੋਲੀਬਾਰੀ ਕਾਰਨ ਅੱਜ ਸਵੇਰੇ ਖਾਰਕਿਵ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: Russia Ukraine War Live Updates: ਖਾਰਕਿਵ ਗੋਲਾਬਾਰੀ ਵਿੱਚ ਭਾਰਤੀ ਵਿਦਿਆਰਥੀ ਦੀ ਹੋਈ ਮੌਤ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵਿੱਟਰ 'ਤੇ ਜਾ ਕੇ ਜਾਣਕਾਰੀ ਸਾਂਝੀ ਕੀਤੀ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਉਨ੍ਹਾਂ ਟਵੀਟ ਵਿੱਚ ਲਿਖਿਆ "ਡੂੰਘੇ ਦੁੱਖ ਦੇ ਨਾਲ, ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕਿਵ ਵਿੱਚ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਜਾਨ ਚਲੀ ਗਈ। ਮੰਤਰਾਲਾ ਉਸ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਅਸੀਂ ਪਰਿਵਾਰ ਨਾਲ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ।"
ਬਾਗਚੀ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਨੂੰ ਯੂਕਰੇਨ ਸੰਕਟ 'ਤੇ ਉੱਚ ਪੱਧਰੀ ਬੈਠਕ 'ਚ ਕਿਹਾ ਕਿ ਸਾਰੀ ਸਰਕਾਰੀ ਮਸ਼ੀਨਰੀ ਇਹ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀਆਂ ਨੇ ਕਿ ਉਥੇ ਸਾਰੇ ਭਾਰਤੀ ਸੁਰੱਖਿਅਤ ਰਹਿਣ। ਯੂਕਰੇਨ ਵਿੱਚ ਮੌਜੂਦਾ ਸਥਿਤੀ ਨੂੰ ਲੈ ਕੇ ਦਿਨ ਵਿੱਚ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਇਹ ਦੂਜੀ ਉੱਚ-ਪੱਧਰੀ ਮੀਟਿੰਗ ਸੀ।"
ਸਰਕਾਰੀ ਸੂਤਰਾਂ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਜੋਤੀਰਾਦਿਤਿਆ ਸਿੰਧੀਆ, ਕਿਰਨ ਰਿਜਿਜੂ ਅਤੇ ਜਨਰਲ (ਸੇਵਾਮੁਕਤ) ਵੀਕੇ ਸਿੰਘ ਸਮੇਤ 'ਵਿਸ਼ੇਸ਼ ਸਫ਼ੀਰ' ਰੂਸੀ ਫੌਜੀ ਕਾਰਵਾਈਆਂ ਦੌਰਾਨ ਫਸੇ ਭਾਰਤੀਆਂ ਨੂੰ ਕੱਢਣ ਲਈ ਤਾਲਮੇਲ ਕਰਨ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ ਦੀ ਯਾਤਰਾ ਕਰ ਰਹੇ ਹਨ।
24 ਫਰਵਰੀ ਨੂੰ ਪ੍ਰਧਾਨ ਮੰਤਰੀ ਨੇ ਯੂਕਰੇਨ ਸੰਕਟ 'ਤੇ ਨਵੀਂ ਦਿੱਲੀ ਵਿੱਚ ਸੁਰੱਖਿਆ ਬਾਰੇ ਕੈਬਿਨਟ ਕਮੇਟੀ (ਸੀਸੀਐਸ) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਇਹ ਵੀ ਪੜ੍ਹੋ: ਯੂਕਰੇਨ ਦੇ ਸ਼ਹਿਰਾਂ 'ਚ ਹੋ ਰਹੀ ਬੰਬਾਰੀ, ਸੈਟੇਲਾਈਟ ਰਾਹੀਂ ਹੋਇਆ ਖ਼ੁਲਾਸਾ
ਕੇਂਦਰ ਸਰਕਾਰ ਨੇ ਸੰਘਰਸ਼ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਅਤੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ "ਆਪ੍ਰੇਸ਼ਨ ਗੰਗਾ" ਦੀ ਸ਼ੁਰੂਆਤ ਕੀਤੀ ਹੋਈ ਹੈ।
- ਏਐਨਆਈ ਦੇ ਸਹਿਯੋਗ ਨਾਲ
-PTC News