ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਦੀ 24 ਘੰਟੇ 'ਚ ਰਿਪੋਰਟ ਦੇਣ ਦੇ ਹੁਕਮ
ਬਠਿੰਡਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਚੈਕਿੰਗ ਲਈ ਬਣਾਈਆਂ ਗਈਆਂ ਵੱਖ-ਵੱਖ ਟੀਮਾਂ, ਖੇਤੀਬਾੜੀ ਵਿਭਾਗ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੌਰਾਨ ਜ਼ਿਲ੍ਹੇ ਭਰ ਵਿਚ ਲਗਾਏ ਗਏ ਸਮੂਹ ਕਲਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਜੋ ਸਪਾਟ ਸਾਹਮਣੇ ਆਉਂਦੇ ਹਨ। ਉਨ੍ਹਾਂ ਸਬੰਧੀ ਰਿਪੋਰਟ ਰੋਜ਼ਾਨਾ 24 ਘੰਟੇ ਦੇ ਅੰਦਰ-ਅੰਦਰ ਸਬੰਧਤ ਨੋਡਲ ਅਫ਼ਸਰ ਤੇ ਪਟਵਾਰੀ ਤੋਂ ਵੈਰੀਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੀਟਿੰਗ ਦੌਰਾਨ ਕਿਹਾ ਕਿ ਜਿਹੜੇ ਏਰੀਏ ਦੀ ਨੋਡਲ ਅਫ਼ਸਰ ਨੋ ਬਰਨਿੰਗ ਸਬੰਧੀ ਜ਼ਿਆਦਾ ਰਿਪੋਰਟ ਪੇਸ਼ ਕਰੇਗਾ ਤਾਂ ਉਸ ਏਰੀਏ ਦਾ ਸਬੰਧਤ ਕਲਸਟਰ ਅਫ਼ਸਰ ਵੱਲੋਂ ਦੌਰਾ ਕੀਤਾ ਜਾਵੇ। ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਆਪਣੇ ਦੌਰਿਆਂ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਸਾੜਨ ਦੀ ਥਾਂ ਖੇਤਾਂ 'ਚ ਉਸ ਦੀ ਸਹੀ ਸਾਂਭ-ਸੰਭਾਲ ਕਰਕੇ ਸਨਅਤੀ ਬਾਲਣ, ਖਾਦ, ਚਾਰਾ ਆਦਿ ਲਈ ਵਰਤ ਕੇ ਵਿੱਤੀ ਲਾਭ ਪ੍ਰਾਪਤ ਕੀਤੇ ਜਾ ਸਕਦੇ ਹਨ, ਬਾਰੇ ਵੀ ਜਾਗਰੂਕ ਕੀਤਾ ਜਾਵੇ। ਇਹ ਵੀ ਪੜ੍ਹੋ : ਟ੍ਰੈਫਿਕ ਬਾਰੇ ਜਾਗਰੂਕ ਕਰਨ ਦਾ ਅਨੋਖਾ ਤਰੀਕਾ ; ਦਲੇਰ ਮਹਿੰਦੀ ਦਾ ਗਾਣਾ ਗਾ ਕੇ ਪੁਲਿਸ ਮੁਲਾਜ਼ਮ ਕਰ ਰਿਹੈ ਸੁਚੇਤ ਇਸ ਤੋਂ ਇਲਾਵਾ ਇਹ ਵੀ ਜਾਗਰੂਕ ਕੀਤਾ ਜਾਵੇ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵੱਡੀ ਮਾਤਰਾ 'ਚ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉਥੇ ਹੀ ਹਵਾ ਦੀ ਗੁਣਵੱਤਾ ਪ੍ਰਭਾਵਿਤ ਤਾਂ ਹੁੰਦੀ ਹੀ ਹੈ ਸਗੋਂ ਮਿੱਤਰ ਕੀੜਿਆਂ ਦੇ ਸੜਨ ਨਾਲ ਜ਼ਮੀਨ ਦੀ ਸਿਹਤ ਉਤੇ ਵੀ ਬਹੁਤ ਬੁਰਾ ਅਸਰ ਪੈਂਦਾ ਹੈ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਮੈਡਮ ਇਨਾਯਤ, ਉਪ ਮੰਡਲ ਮੈਜਿਸਟ੍ਰੇਟ ਮੌੜ ਵਰਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਸਾਰੰਗਪ੍ਰੀਤ ਸਿੰਘ ਔਜਲਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਖੇਤੀਬਾੜੀ ਵਿਭਾਗ ਨਾਲ ਸਬੰਧਤ ਅਧਿਕਾਰੀ ਆਦਿ ਹਾਜ਼ਰ ਸਨ। -PTC News