ਤਖ਼ਤ ਸ੍ਰੀ ਕੇਸਗੜ੍ਹ, ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਮੰਜੀ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਪੰਥਕ ਮਾਰਚ ਰਵਾਨਾ
ਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਉਤੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਥਾਵਾਂ ਤੋਂ ਵਿਸ਼ਾਲ ਪੰਥਕ ਮਾਰਚ ਰਵਾਨਾ ਹੋਏ। ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ (ਆਨੰਦਪੁਰ ਸਾਹਿਬ), ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਅਤੇ ਗੁਰਦੁਆਰਾ ਮੰਜੀ ਸਾਹਿਬ (ਅੰਬਾਲਾ) ਤੋਂ ਵੱਡੀ ਗਿਣਤੀ ਵਿਚ ਸਿੱਖ ਭਾਈਚਾਰੇ ਦੇ ਲੋਕ ਜੈਕਾਰੇ ਲਗਾਉਂਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋਏ।
ਆਨੰਦਪੁਰ ਸਾਹਿਬ ਪੁੱਜੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਪੰਥਕ ਮਾਰਚ ਰਵਾਨਾ ਹੋਇਆ। ਮਾਰਚ ਦੇ ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਕੀਤੀ ਗਈ। ਇਸ ਰੋਸ ਮਾਰਚ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਅਕਾਲੀ ਦਲ ਦੇ ਸਪੋਕਸਪਰਸਨ ਡਾਕਟਰ ਦਲਜੀਤ ਸਿੰਘ ਚੀਮਾ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਤੋਂ ਇਲਾਵਾ ਸਿੱਖ ਸੰਗਤ ਸ਼ਾਮਲ ਹੋਈ। ਹੱਥ ਵਿੱਚ ਕਾਲੀਆਂ ਝੰਡੀਆਂ ਫੜ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਤੋਂ ਬਾਅਦ ਇਹ ਰੋਸ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ ਹੋਇਆ।
ਇਸ ਰੋਸ ਮਾਰਚ ਵਿੱਚ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਕਾਲੀ ਦੇ ਸੀਨੀਅਰ ਪ੍ਰੇਮ ਸਿੰਘ ਚੰਦੂਮਾਜਰਾ, ਡਾ ਦਲਜੀਤ ਸਿੰਘ ਚੀਮਾ ਤੇ ਭਾਈ ਅਮਰਜੀਤ ਸਿੰਘ ਚਾਵਲਾ ਦਾ ਕਹਿਣਾ ਸੀ ਕਿ ਕੇਂਦਰ ਤੇ ਆਰਐੱਸਐੱਸ ਸਿੱਖਾਂ ਨੂੰ ਵੰਡਣ ਦਾ ਯਤਨ ਕਰ ਰਹੀ ਹੈ ਜੋ ਕਿ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਥਕ ਮਾਰਚ ਰਵਾਨਾ ਹੋਇਆ। ਇਸ ਤੋਂ ਇਲਾਵਾ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਵੱਡੀ ਗਿਣਤੀ ਵਿਚ ਸਿੱਖ ਭਾਈਚਾਰੇ ਦੇ ਲੋਕ ਪੰਥਕ ਮਾਰਚ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ ਹੋਏ।
-PTC News