ਪਟਿਆਲਾ ਹਿੰਸਾ ; ਗੋਲ਼ੀ ਚਲਾ ਕੇ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਮਾਮਲੇ 'ਚ ਚਾਰ ਜਣੇ ਗ੍ਰਿਫ਼ਤਾਰ
ਪਟਿਆਲਾ : ਪੰਜਾਬ ਪੁਲਿਸ ਨੇ ਪਿਛਲੇ ਦਿਨੀਂ ਪਟਿਆਲਾ ਵਿਖੇ ਹੋਈ ਹਿੰਸਾ ਦੇ ਮਾਮਲੇ ਵਿੱਚ ਗੋਲ਼ੀ ਚਲਾ ਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਕੈਮਰਿਆਂ ਦੀ ਫੁਟੇਜ ਦੇ ਆਧਾਰ 'ਤੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸਨਪ੍ਰੀਤ ਸਿੰਘ ਉਰਫ ਹੁਸਨ, ਨਿਮੇਸ਼ ਉਰਫ ਨਿਸ਼ੂ, ਯਸ਼ਦੇਵ ਉਰਫ ਯਾਦਾ ਅਤੇ ਕੁਸ਼ਲ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ 29 ਅਪ੍ਰੈਲ, 2022 ਨੂੰ ਸ੍ਰੀ ਕਾਲੀ ਮਾਤਾ ਮੰਦਿਰ ਕੰਪਲੈਕਸ ਪਟਿਆਲਾ ਵਿੱਚ ਵਾਪਰੀ ਘਟਨਾ ਸਬੰਧੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਗਈ ਪੜਤਾਲ ਦੌਰਾਨ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਅਤੇ ਬਾਕੀ ਸਬੂਤਾਂ ਨੂੰ ਵਾਚਦੇ ਹੋਏ ਬਲਵਿੰਦਰ ਸਿੰਘ 'ਤੇ ਗੋਲ਼ੀ ਚਲਾਉਣ ਸਬੰਧੀ ਮੁਕੱਦਮਾ ਥਾਣਾ ਕੋਤਵਾਲੀ ਪਟਿਆਲਾ ਵਿਖੇ ਦਰਜ ਕੀਤਾ ਗਿਆ ਸੀ। ਐਸਐਸਪੀ ਨੇ ਦੱਸਿਆ ਕਿ ਫੁਟੇਜ ਵਿੱਚ ਪਛਾਣੇ ਗਏ ਚਾਰੋਂ ਵਿਅਕਤੀਆਂ ਹੁਸਨਪ੍ਰੀਤ ਸਿੰਘ ਉਰਫ ਹੁਸਨ, ਨਿਮੇਸ਼ ਉਰਫ ਨਿਸ਼ੂ, ਯਸ਼ਦੇਵ ਉਰਫ ਯਾਦਾ ਅਤੇ ਕੁਸ਼ਲ ਨੂੰ ਗ੍ਰਿਫ਼ਤਾਰ ਕਰ ਕੇ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਪਾਰਿਕ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ 1 ਪਿਸਤੌਲ ਸਮੇਤ 1 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਵੀ ਸਬੂਤ ਵਜੋਂ ਕਬਜ਼ੇ ਵਿੱਚ ਲਿਆ ਗਿਆ ਹੈ। ਸਾਰੇ ਪੁਖਤਾ ਸਬੂਤਾਂ ਦੇ ਅਧਾਰ 'ਤੇ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਬਲਵਿੰਦਰ ਸਿੰਘ ਵਿਰੁੱਧ ਮੁਕੱਦਮਾ ਥਾਣਾ ਕੋਤਵਾਲੀ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਜਿਸ ਵਿੱਚ ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਇਲਾਜ ਲਈ ਹਸਪਤਾਲ ਵਿੱਚ ਹੀ ਦਾਖਲ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਤਫਤੀਸ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ 'ਤੇ ਮੁਕੱਦਮਾ ਨੰਬਰ 76 ਵਿੱਚ ਦੋਸ਼ੀ ਪ੍ਰਿੰਸਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਂਚ ਟੀਮ ਵੱਲੋਂ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ : ਕੁਲਤਾਰ ਸਿੰਘ ਸੰਧਵਾਂ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ