ਦਿੱਲੀ ਕਿਸਾਨ ਅੰਦੋਲਨ ; ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਵੱਲੋਂ ਸੰਘਰਸ਼ ਦੀ ਦਿੱਤੀ ਚਿਤਾਵਨੀ
ਬਠਿੰਡਾ : ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਵਿਖੇ ਕੀਤੇ ਗਏ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਹੰਗਾਮੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬਠਿੰਡਾ, ਮਾਨਸਾ ਅਤੇ ਮੁਕਤਸਰ ਦੇ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜ਼ਾ ਦੇਣ ਦੀ ਮੰਗ ਉਠਾਈ ਗਈ। ਉਨ੍ਹਾਂ ਦੀ ਮੰਗ ਪੂਰੀ ਨਾ ਹੋਣ ਉਤੇ ਚੰਡੀਗੜ੍ਹ ਦੀ ਵਿਖੇ ਤਿੱਖਾ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਗਈ। ਕਾਬਿਲੇਗੌਰ ਹੈ ਕਿ ਦਿੱਲੀ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਵਿੱਚੋਂ ਕਰੀਬ 200 ਕਿਸਾਨ ਪਰਿਵਾਰ ਨੂੰ ਨੌਕਰੀ ਦੇ ਦਿੱਤੀ ਗਈ ਹੈ ਪਰ ਅਜੇ 415 ਦੇ ਕਰੀਬ ਪਰਿਵਾਰ ਨੌਕਰੀ ਤੋਂ ਵਾਂਝੇ ਰਹਿੰਦੇ ਹਨ। ਇਸ ਦੇ ਨਾਲ-ਨਾਲ ਕਈ ਪਰਿਵਾਰਾਂ ਨੂੰ 3 ਲੱਖ ਤੇ 5 ਲੱਖ ਰੁਪਏ ਤੱਕ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਜਦੋਂ ਕਿ ਕਈ ਪਰਿਵਾਰਾਂ ਨੂੰ ਦਿੱਤੇ ਗਏ ਚੈਕ ਵਿੱਚ ਉਨ੍ਹਾਂ ਦੇ ਨਾਮ ਗਲਤ ਹੋਣ ਤੋਂ ਬਾਅਦ ਕਈ ਮਹੀਨੇ ਬਾਅਦ ਵੀ ਉਨ੍ਹਾਂ ਨੂੰ ਚੈੱਕ ਨਹੀਂ ਦਿੱਤੇ ਗਏ। ਅੱਜ ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿਚ ਕਿਸਾਨਾਂ ਦੇ ਪਰਿਵਾਰਾਂ ਵੱਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਮਾਰੇ ਗਏ ਰਹਿੰਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਅਜੇ ਤੱਕ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ ਜਦੋਂ ਕਿ ਪੰਜਾਬ ਪੁਲਿਸ ਵਿਚ 4500 ਭਰਤੀ ਕੀਤੀ ਗਈ ਹੈ। ਪਰਿਵਾਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਨੌਕਰੀਆਂ ਅਤੇ ਰਹਿੰਦਾ ਮੁਆਵਜ਼ਾ ਜਲਦੀ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਨਾ ਦਿੱਤੀਆਂ ਤਾਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾ ਕੇ ਸੰਘਰਸ਼ ਕੀਤਾ ਜਾਵੇਗਾ। -PTC News ਇਹ ਵੀ ਪੜ੍ਹੋ : CM ਨੇ ਟਾਟਾ ਸਟੀਲ ਗਰੁੱਪ ਨੂੰ ਪਲਾਂਟ ਸਥਾਪਤ ਕਰਨ ਲਈ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ