ਪੰਜਾਬ 'ਚ BJP ਲਈ ਚੋਣ ਬਿਗੁਲ ਵਜਾਉਣ ਆ ਰਹੇ PM ਮੋਦੀ, ਕਈ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ
ਚੰਡੀਗੜ੍ਹ: ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ। ਉਹ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਸਮੇਤ 42,750 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਹੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਹ ਪੰਜਾਬ ਵਿੱਚ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਹੋਵੇਗੀ। ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਹੇਠ ਰੈਲੀ ਦੀਆਂ ਤਿਆਰੀਆਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਹਨ। ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਪੀਐਮ ਮੋਦੀ ਦੇ ਨਾਲ ਸਟੇਜ 'ਤੇ ਨਜ਼ਰ ਆਉਣਗੇ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਜਿੱਥੇ ਚੁਣਾਵੀ ਸੌਗਾਤ ਵਜੋਂ 42 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉੱਥੇ ਪੰਜਾਬ ਲਈ ਵਿਸ਼ੇਸ਼ ਪੈਕੇਜ ਐਲਾਨੇ ਜਾਣ ਦੀ ਵੀ ਪੂਰੀ ਸੰਭਾਵਨਾ ਹੈ।
ਫ਼ਿਰੋਜ਼ਪੁਰ ਵਿੱਚ ਕਰੀਬ 25 ਏਕੜ ਰਕਬੇ ਵਿੱਚ ਪੰਡਾਲ ਲਾਇਆ ਗਿਆ ਹੈ ਜਿੱਥੇ ਕਰੀਬ 80 ਹਜ਼ਾਰ ਲੋਕਾਂ ਦੇ ਬੈਠਣ ਲਈ ਕੁਰਸੀਆਂ ਦਾ ਇੰਤਜ਼ਾਮ ਹੈ। ਪ੍ਰਧਾਨ ਮੰਤਰੀ ਦੀ ਰੈਲੀ ਪੰਜਾਬ ਭਾਜਪਾ ਲਈ ਵੀ ਚੋਣਾਂ ਤੋਂ ਪਹਿਲਾਂ ਸ਼ਕਤੀ ਪ੍ਰਦਰਸ਼ਨ ਕਰਨ ਦਾ ਮੌਕਾ ਹੈ।
ਦੂਜੇ ਪਾਸੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਵਿੱਚ ਕਿਸਾਨਾਂ ਅੰਦੋਲਨ ਕਰਕੇ ਭਾਜਪਾ ਨੂੰ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਭਾਵੇਂ ਇਹ ਕਾਨੂੰਨ ਹੁਣ ਵਾਪਸ ਲੈ ਲਿਆ ਗਿਆ ਹੈ ਪਰ ਅੰਦੋਲਨ ਵਿੱਚ 700 ਦੇ ਕਰੀਬ ਮੌਤਾਂ ਕਾਰਨ ਕਿਸਾਨਾਂ ਦਾ ਗੁੱਸਾ ਜਾਰੀ ਹੈ। ਫਿਰੋਜ਼ਪੁਰ 'ਚ ਹੋਣ ਵਾਲੇ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਦਾ ਵਿਰੋਧ ਹੋ ਰਿਹਾ ਹੈ।
ਕਿਸਾਨ ਸੰਗਠਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਫਿਰੋਜ਼ਪੁਰ ਜ਼ੀਰਾ ਰੋਡ, ਹਰੀਕੇ ਹੈੱਡ ਅਤੇ ਫਿਰੋਜ਼ਪੁਰ ਫਾਜ਼ਿਲਕਾ ਰੋਡ ਨੂੰ ਕਈ ਹੋਰ ਸੜਕਾਂ ’ਤੇ ਜਾਮ ਕਰ ਦਿੱਤਾ ਹੈ ਅਤੇ ਵੱਡੀ ਗਿਣਤੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਨ। ਵੱਖ-ਵੱਖ ਰਸਤਿਆਂ ’ਤੇ ਬੈਠੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।