15 ਮਾਰਚ ਨੂੰ ਕਿਸਾਨ ਲੀਡਰਾਂ ਨਾਲ ਮੁਲਾਕਾਤ ਕਰਨਗੇ PM ਮੋਦੀ
ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਵੱਲੋਂ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੰਗਲਵਾਰ ਰਾਤ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 15 ਮਾਰਚ ਨੂੰ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋਵੇਗੀ। ਇਸ ਤੋਂ ਇਲਾਵਾ 15 ਜਨਵਰੀ ਤੋਂ ਪਹਿਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਵਾਲੀ ਕਮੇਟੀ ਬਣਾਈ ਜਾਵੇਗੀ।
ਪੰਜਾਬ ਸਰਕਾਰ ਨੇ 15 ਮਾਰਚ ਨੂੰ ਮੀਟਿੰਗ ਲਈ ਤਿੰਨ ਕਿਸਾਨ ਆਗੂਆਂ ਸਤਨਾਮ ਸਿੰਘ ਪੰਨੂ, ਸਵਿੰਦਰ ਸਿੰਘ ਚੌਟਾਲਾ ਅਤੇ ਸਰਵਣ ਸਿੰਘ ਪੰਧੇਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਿਸਾਨਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਲਈ ਸੱਦਾ ਦਿੱਤਾ ਹੈ।
ਕਿਸਾਨਾਂ ਨੂੰ ਇਹ ਵੀ ਭਰੋਸਾ ਦਿੱਤਾ ਗਿਆ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਅੰਦੋਲਨ ਦੌਰਾਨ ਦਰਜ ਕੀਤੇ ਗਏ ਕੇਸ 31 ਜਨਵਰੀ ਤੱਕ ਵਾਪਸ ਲੈ ਲਏ ਜਾਣਗੇ। ਫਿਰੋਜ਼ਪੁਰ 'ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ ਹੋਈ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਕਈ ਦੌਰ ਦੀਆਂ ਮੀਟਿੰਗਾਂ ਤੋਂ ਬਾਅਦ ਇਹ ਫੈਸਲਾ ਹੋਇਆ ਕਿ ਕਿਸਾਨ ਇਸ ਵੇਲੇ ਫਿਰੋਜ਼ਪੁਰ ਬੈਠੇ ਹਨ ਅਸੀਂ ਵਿਰੋਧ ਨਹੀਂ ਕਰਾਂਗੇ ਪਰ ਅਸੀਂ ਅਜੇ ਵੀ ਕੇਂਦਰ ਦੇ ਪੱਤਰ ਦੀ ਉਡੀਕ ਕਰ ਰਹੇ ਹਾਂ।
ਦੱਸ ਦੇਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ। ਉਹ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਸਮੇਤ 42,750 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਹੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਹ ਪੰਜਾਬ ਵਿੱਚ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਹੋਵੇਗੀ। ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਹੇਠ ਰੈਲੀ ਦੀਆਂ ਤਿਆਰੀਆਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਹਨ। ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਪੀਐਮ ਮੋਦੀ ਦੇ ਨਾਲ ਸਟੇਜ 'ਤੇ ਨਜ਼ਰ ਆਉਣਗੇ।
-PTC News