Elections 2022: 14 ਫਰਵਰੀ ਨੂੰ ਪੰਜਾਬ ਆਉਣਗੇ PM ਮੋਦੀ, ਜਲੰਧਰ 'ਚ ਹੋਣ ਦੀ ਸੰਭਾਵਨਾ
ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਜੋਰਾ-ਸ਼ੋਰਾਂ ਨਾਲ ਤਿਆਰੀਆਂ ਕਰ ਰਹੀਆਂ ਹਨ ਅਤੇ ਇਸ ਦੇ ਨਾਲ ਹੀ ਸਿਆਸੀ ਫੇਰਬਦਲੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਵਿਚਾਲੇ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਲਈ 14 ਫ਼ਰਵਰੀ ਨੂੰ ਪੰਜਾਬ ਦੌਰੇ ਉੱਤੇ ਰਹਿਣਗੇ। ਸੂਤਰਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਜਲੰਧਰ ਵਿਖੇ ਪੀਐਮ ਮੋਦੀ 14 ਫ਼ਰਵਰੀ ਨੂੰ ਚੋਣ ਰੈਲੀ ਕਰਨਗੇ। ਇਸ ਦੌਰਾਨ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ਨੂੰ ਲੈ ਕੇ ਬੀਜੇਪੀ ਪੰਜਾਬ ਤਿਆਰੀਆਂ ਵਿਚ ਜੁੱਟ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਹੋਣ ਵਾਲੀ ਵਰਚੁਅਲ ਰੈਲੀ ਨੂੰ ਰੱਦ ਕਰ ਦਿੱਤਾ ਗਿਆ ਸੀ। ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਚੋਣ ਕਮਿਸ਼ਨ ਕੁਝ ਦਿਨਾਂ 'ਚ ਰਾਹਤ ਦੇਵੇਗਾ, ਉਹ ਪੰਜਾਬ ਆ ਕੇ ਫਿਜ਼ੀਕਲ ਰੈਲੀ ਕਰਨਗੇ। ਦੱਸ ਦਈਏ ਕਿ ਬੀਤੇ ਦਿਨ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਰਚੁਅਲ ਰੈਲੀ ਨੂੰ ਸੰਬੋਧਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ 'ਤੇ ਰਾਜ ਕਰਨ ਲਈ ਕੁਝ ਲੋਕਾਂ ਨੇ ਕਈ ਸਾਜ਼ਿਸ਼ਾਂ ਰਚੀਆਂ ਹਨ। ਗੁਰੂਆਂ ਦੀ ਧਰਤੀ ਨੂੰ ਦਹਿਸ਼ਤ ਦੀ ਅੱਗ ਵਿੱਚ ਝੋਕ ਦਿੱਤਾ ਗਿਆ। ਭਾਜਪਾ ਦੀ ਰਣਨੀਤੀ ਮੁਤਾਬਕ ਬਠਿੰਡਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਪਟਿਆਲਾ ਵਿੱਚ ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੌਮੀ ਪ੍ਰਧਾਨ ਜੇਪੀ ਨੱਡਾ ਦੀਆਂ ਰੈਲੀਆਂ ਹੋਣਗੀਆਂ। ਜ਼ਿਕਰਯੋਗ ਹੈ ਕਿ ਪੀਐਮ ਮੋਦੀ 5 ਜਨਵਰੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਦਾ ਬਿਗਲ ਵਜਾਉਣ ਆਏ ਸਨ। ਉਨ੍ਹਾਂ ਨੇ ਫਿਰੋਜ਼ਪੁਰ ਵਿੱਚ ਰੈਲੀ ਕਰਨੀ ਸੀ। ਹਾਲਾਂਕਿ ਰਸਤੇ 'ਚ ਹਾਈਵੇਅ ਜਾਮ ਹੋਣ ਕਾਰਨ ਉਨ੍ਹਾਂ ਦਾ ਕਾਫ਼ਲਾ ਪਿਆਰੇਆਣਾ ਫਲਾਈਓਵਰ 'ਤੇ ਹੀ ਫਸ ਗਿਆ। ਜਿੱਥੇ ਉਹ ਕਰੀਬ 20 ਮਿੰਟ ਖੜ੍ਹੇ ਰਹਿਣ ਤੋਂ ਬਾਅਦ ਵਾਪਸ ਆ ਗਏ। ਇਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ 'ਚ ਕੁਤਾਹੀ ਦਾ ਮੁੱਦਾ ਉੱਠਿਆ। ਸੁਪਰੀਮ ਕੋਰਟ ਦੀ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਬਣੀ ਕਮੇਟੀ ਫਿਲਹਾਲ ਜਾਂਚ ਕਰ ਰਹੀ ਹੈ। ਇਥੇ ਪੜ੍ਹੋ ਹੋਰ ਖ਼ਬਰਾਂ: ਇੱਕ ਵਾਰ ਫਿਰ ਮਸੀਹਾ ਬਣਿਆ ਸੋਨੂੰ ਸੂਦ, ਬਚਾਈ ਨੌਜਵਾਨ ਦੀ ਜਾਨ, ਵੇਖੋ ਵੀਡੀਓ -PTC News