PM ਮੋਦੀ ਸੁਰੱਖਿਆ ਮਾਮਲਾ: ਕੇਂਦਰੀ ਜਾਂਚ ਕਮੇਟੀ ਵੱਲੋਂ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਤਲਬ
ਫਿਰੋਜ਼ਪੁਰ: ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿਚ ਹੋਈ ਲਾਪਰਵਾਹੀ ਦੇ ਮਾਮਲੇ ਨੂੰ ਲੈ ਕੇ ਫਿਰੋਜ਼ਪੁਰ ਵਿਖੇ ਬੀਐਸਐਫ ਦੇ ਦਫਤਰ ਵਿਚ ਪਹੁੰਚੀ ਕੇਂਦਰ ਦੀ ਤਿੰਨ ਮੈਂਬਰੀ ਕਮੇਟੀ ਨੇ ਪੁਲਿਸ ਮੁਖੀ ਸਿਧਾਰਥ ਚਟੋਪਾਧਿਆਏ ਸਮੇਤ ਪੰਜਾਬ ਪੁਲਿਸ ਦੇ 13 ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਪੁਲਿਸ ਅਧਿਕਾਰੀਆਂ ਤੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਪ੍ਰਬੰਧਾਂ ਦੇ ਬਾਰੇ ਜਾਣਕਾਰੀ ਲਈ ਜਾਵੇਗੀ।
ਤਲਬ ਕੀਤੇ ਗਏ ਅਧਿਕਾਰੀਆਂ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਜੀ ਨਾਗੇਸ਼ਵਰ ਰਾਓ, ਏਡੀਜੀਪੀ ਜਤਿੰਦਰ ਜੈਨ, ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ), ਪਟਿਆਲਾ ਮੁਖਵਿੰਦਰ ਸਿੰਘ ਛੀਨਾ, ਫਿਰੋਜ਼ਪੁਰ ਦੇ ਡਿਪਟੀ ਇੰਸਪੈਕਟਰ ਜਨਰਲ ਇੰਦਰਬੀਰ ਸਿੰਘ, ਫਰੀਦਕੋਟ ਦੇ ਡੀਆਈਜੀ ਸੁਰਜੀਤ ਸਿੰਘ, ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਪੰਜਾਬ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੀ ਨਾਕਾਬੰਦੀ ਕਾਰਨ ਪ੍ਰਧਾਨ ਮੰਤਰੀ ਦਾ ਕਾਫਲਾ ਫਿਰੋਜ਼ਪੁਰ 'ਚ ਫਲਾਈਓਵਰ 'ਤੇ ਕੁਝ ਦੇਰ ਰੁਕਿਆ ਰਿਹਾ ਸੀ। ਇਸ ਤੋਂ ਬਾਅਦ ਪੀਐਮ ਰੈਲੀ ਸਮੇਤ ਕਿਸੇ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਬਿਨਾਂ ਪੰਜਾਬ ਤੋਂ ਦਿੱਲੀ ਪਰਤ ਗਏ। ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਰਾਜ ਸਰਕਾਰ ਨੂੰ ਤੁਰੰਤ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਸਨ, ਇਹ ਕਹਿੰਦਿਆਂ ਕਿ ਇਸ ਨੇ ਲੋੜੀਂਦੀ ਤਾਇਨਾਤੀ ਨੂੰ ਯਕੀਨੀ ਨਹੀਂ ਬਣਾਇਆ ਸੀ।
-PTC News