ਭਾਰਤ ਜੋੜੋ ਯਾਤਰਾ ਦਾ ਸਵਾਗਤ ਕਰਨ ਵਾਲਿਆਂ ਨੂੰ ਆਉਣੀ ਚਾਹੀਦੀ ਸ਼ਰਮ - ਹਰਸਿਮਰਤ ਕੌਰ ਬਾਦਲ
ਬਠਿੰਡਾ, 10 ਜਨਵਰੀ (ਮੁਨੀਸ਼ ਗਰਗ): ਸੀਨੀਅਰ ਅਕਾਲੀ ਲੀਡਰ ਹਰਸਿਮਰਤ ਕੌਰ ਬਾਦਲ ਨੇ ਅੱਜ ਸ਼ਹਿਰ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਵੱਲੋਂ ਪੰਜਾਬ ਪੁੱਜਣ 'ਤੇ ਕੱਢੀ ਗਈ ਭਾਰਤ ਜੋੜੋ ਯਾਤਰਾ ਦਾ ਸਵਾਗਤ ਕਰਨ ਵਾਲਿਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ।
ਉਨ੍ਹਾਂ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਦਾਦੀ ਇੰਦਰਾ ਗਾਂਧੀ ਨੇ ਹੀ ਸ੍ਰੀ ਹਰਿਮੰਦਰ ਸਾਹਿਬ ਨੂੰ ਢਹਿ-ਢੇਰੀ ਕਰਕੇ ਸਿੱਖਾਂ ਨੂੰ ਸ਼ਹੀਦ ਕੀਤਾ ਸੀ। ਇਸ ਕਰਕੇ ਪੰਜਾਬ ਦੇ ਲੋਕਾਂ ਨੂੰ ਅਜਿਹੀ ਕਾਂਗਰਸ ਪਾਰਟੀ ਦਾ ਸਵਾਗਤ ਨਹੀਂ ਕਰਨਾ ਚਾਹੀਦਾ ਸਗੋਂ ਵਿਰੋਧ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਭਾਰਤ ਜੋੜੋ ਯਾਤਰਾ: ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਉਲ
ਇਸ ਦੇ ਨਾਲ ਹੀ ਉਨ੍ਹਾਂ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਦੇ ਅਧਿਕਾਰੀ ਵੀ ਹੜਤਾਲ 'ਤੇ ਚਲੇ ਗਏ ਹਨ, ਕੇਜਰੀਵਾਲ ਸਰਕਾਰ ਨੂੰ ਪੰਜਾਬ ਚਲਾਉਣ ਦਾ ਤਜਰਬਾ ਨਹੀਂ ਹੈ। ਦਿੱਲੀ ਵਾਲਿਆਂ ਨੇ ਪੰਜਾਬ 'ਤੇ ਕਰੋੜਾਂ ਦਾ ਕਰਜ਼ਾ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਤਜ਼ਰਬੇ ਵਾਲੇ ਲੋਕ ਸਰਕਾਰ ਚਲਾ ਰਹੇ ਹਨ।
ਸੀਨੀਅਰ ਅਕਾਲੀ ਲੀਡਰ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਸਕੀਮ ਸਬੰਧੀ ਮੀਟਿੰਗ ਰੱਖੀ ਹੈ, ਜਿਸ ਵਿੱਚ ਉਨ੍ਹਾਂ ਨੇ ਬਿਜਲੀ ਦੀ ਸਮੱਸਿਆ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਕਿ ਇਥੇ 66 ਕੇ.ਵੀ. ਗਰਿੱਡ ਦੀ ਲੋੜ ਹੈ ਅਤੇ ਲੋਕ ਪ੍ਰੇਸ਼ਾਨ ਹਨ, ਇਸੇ ਕਰਕੇ ਮੀਟਿੰਗ ਰੱਖੀ ਗਈ ਸੀ। ਉਨ੍ਹਾਂ ਸੂਬਾ ਸਰਕਾਰ 'ਤੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਂਦਰ ਦੀ ਸਕੀਮ ਨੂੰ ਲਾਗੂ ਕਰਨ ਵਿੱਚ ਕੋਈ ਦਿਲਚਸਪੀ ਨਹੀਂ ਹੈ, ਜਿਸਦਾ ਨਤੀਜਾ ਲੋਕ ਭੁਗਤ ਰਹੇ ਹਨ।
ਇਸ ਦਰਮਿਆਨ ਉਨ੍ਹਾਂ ਦੀ ਇੱਕ ਅਹਿਮ ਬਿਆਨ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਿਰਫ਼ ਅਜਿਹੀ ਸਿਆਸੀ ਪਾਰਟੀ ਨਾਲ ਗੱਠਜੋੜ ਕਰੇਗੀ ਜੋ ਪੰਜਾਬ ਦੇ ਹਿੱਤਾਂ ਬਾਰੇ ਸੋਚੇਗੀ ਅਤੇ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਸੂਬੇ ਤੋਂ ਬਾਹਰ ਨਹੀਂ ਜਾਣ ਦੇਵੇਗੀ।
- PTC NEWS