ਹੋਲਾ ਮਹੱਲਾ ਦੌਰਾਨ ਮੇਲਾ ਖੇਤਰ 'ਚ ਡਰੋਨ ਕੈਮਰੇ ਉਡਾਉਣ 'ਤੇ ਲੱਗੀ ਪਾਬੰਦੀ
ਸ੍ਰੀ ਅਨੰਦਪੁਰ ਸਾਹਿਬ: ਸੋਨਾਲੀ ਗਿਰਿ ਆਈ.ਏ.ਐਸ ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਫੋਜਦਾਰੀ ਦੰਡ ਸੰਘਤਾ 1973(2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੋਲੇ ਮੁਹੱਲੇ ਦੇ ਤਿਉਹਾਰ ਮੌਕੇ 14/03/2022 ਤੋ 19/03/2022 ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਏਰੀਏ ਵਿਚ ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੋਲੇ ਮੁਹੱਲੇ ਦਾ ਇਤਿਹਾਸਕ ਤਿਉਹਾਰ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਿਤੀ 14 ਤੋ 19 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਲੱਖਾਂ ਦੀ ਤਾਦਾਦ ਵਿਚ ਦੇਸ਼ ਵਿਦੇਸ਼ ਤੋ ਸੰਗਤਾਂ ਮੱਥਾ ਟੇਕਣ ਆਉਦੀਆਂ ਹਨ। ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਲੋ ਵੀ ਕਿਹਾ ਹੈ ਕਿ ਮੋਜੂਦਾ ਹਾਲਾਤਾਂ ਦੇ ਮੱਦੇਨਜ਼ਰ ਸੁਰੱਖਿਆਂ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ਅਤੇ ਉਸਦੇ ਆਲੇ ਦੁਆਲੇ ਮਿਤੀ 14 ਤੋ 19 ਮਾਰਚ ਤੱਕ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ ਲਗਾਉਣੀ ਅਤਿ ਜ਼ਰੂਰੀ ਹੈ। ਇਹ ਵੀ ਪੜ੍ਹੋ: ਨੌਜਵਾਨਾਂ ਨੇ ਕੀਤੀ ਲੜਕੀ ਨਾਲ ਛੇੜਛਾੜ, ਵੀਡੀਓ ਵਾਇਰਲ ਇਸ ਲਈ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੋਲਾ ਮੁਹੱਲਾ ਦੇ ਤਿਉਹਾਰ ਮੌਕੇ ਮੇਲਾ ਖੇਤਰ ਵਿਚ ਡਰੋਨਾ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ ਮੋਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਬੀਤੇ ਦਿਨੀ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਆਦੇਸ਼ ਅਨੁਸਾਰ ਇਸ ਸਬੰਧੀ ਇਹ ਜਰੂਰੀ ਸਮਝਿਆ ਜਾਂਦਾ ਹੈ ਕਿ ਹੋਲੇ ਮੁਹੱਲੇ ਦੇ ਤਿਉਹਾਰ ਦੌਰਾਨ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ ਆਉਣ ਵਾਲੇ ਸਾਰੇ ਸ਼ਰਾਬ ਦੇ ਠੇਕੇ ਬੰਦ ਰੱਖੇ ਜਾਣ। ਇਹ ਹੁਕਮ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਇੱਕ ਤਰਫਾ ਪਾਸ ਕਰਕੇ ਪਬਲਿਕ ਦੇ ਨਾਮ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੋਨਾਲੀ ਗਿਰਿ ਆਈ.ਏ.ਐਸ ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਜਾਬਤਾ ਫੋਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੌਰਾਨ ਕਿਸੇ ਵੀ ਵਿਅਕਤੀ ਦੇ ਅਸਲਾ ਲੈ ਕੇ ਚੱਲਣ ਤੇ ਪੂਰਨ ਪਾਬੰਦੀ ਹੋਵੇਗੀ। ਪ੍ਰੰਤੂ ਇਹ ਪਾਬੰਦੀ ਡਿਊਟੀ ਤੇ ਤੈਨਾਤ ਪੁਲਿਸ/ਪੈਰਾ ਮਿਲਟਰੀ ਫੋਰਸਿਜ਼ ਦੇ ਅਧਿਕਾਰੀਆਂ/ਕਰਮਚਾਰੀਆਂ ਤੇ ਲਾਗੂ ਨਹੀ ਹੋਵੇਗੀ। -PTC News