ਬਿਜਲੀ ਵਿਭਾਗ ਦੇ ਠੇਕਾਂ ਮੁਲਾਜ਼ਮਾਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਵਿਖਾਵਾ
ਹੁਸ਼ਿਆਰਪੁਰ : ਅੱਜ ਹੁਸ਼ਿਆਰਪੁਰ ਵਿੱਚ ਬਿਜਲੀ ਵਿਭਾਗ ਦੇ ਠੇਕਾ ਮੁਲਾਜ਼ਮਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਫੂਕ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਠੇਕਾ ਮੁਲਾਜ਼ਮਾਂ ਵੱਲੋਂ ਇਕ ਰੋਸ ਰੈਲੀ ਸਰਕਲ ਦਫਤਰ ਤੋਂ ਲੈ ਕੇ ਸਥਾਨਕ ਚੌਕ ਤੱਕ ਕੱਢੀ ਗਈ ਤੇ ਪੰਜਾਬ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਐਕਟ-2020 ਵਿੱਚ ਕਈ ਤਰ੍ਹਾਂ ਦੀਆਂ ਸੋਧਾਂ ਕਰ ਕੇ ਉਸ ਨੂੰ ਦੁਬਾਰਾ ਤੋਂ ਲਿਆ ਰਹੀ ਹੈ ਜਿਸ ਨੂੰ ਅੱਜ ਪ੍ਰਧਾਨ ਮੰਤਰੀ ਵੱਲੋਂ ਸਦਨ ਵਿੱਚ ਪੇਸ਼ ਕਰ ਕੇ ਮੋਹਰ ਲਗਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦਾ ਇਕੋ ਇਕ ਏਜੰਡਾ ਬਿਜਲੀ ਵਿਭਾਗ ਦਾ ਨਿੱਜੀਕਰਨ ਕਰ ਕੇ ਉਸ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥ ਵਿੱਚ ਦੇਣਾ ਹੈ। ਇਸ ਬਿੱਲ ਦਾ ਇਸਦਾ ਸਭ ਤੋਂ ਵੱਧ ਖਮਿਆਜ਼ਾ ਮੁਲਾਜ਼ਮਾਂ ਨੂੰ ਭੁਗਤਣਾ ਪਏਗਾ ਤੇ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਮਹਿਜ 4600 ਰੁਪਏ ਰਹਿ ਜਾਵੇਗੀ ਤੇ ਇੰਨੀ ਤਨਖ਼ਾਹ ਵਿੱਚ ਘਰ ਦਾ ਗੁਜ਼ਾਰਾ ਕਿਵੇਂ ਚਲਾਇਆ ਜਾ ਸਕਦਾ ਹੈ। ਮੁਲਾਜ਼ਮਾਂ ਨੇ ਕਿਹਾ ਕਿ ਕੇਂਦਰ ਦੇ ਇਕ ਕੰਮ ਵਿੱਚ ਭਗਵੰਤ ਮਾਨ ਵੀ ਬਰਾਬਰ ਦਾ ਜ਼ਿੰਮੇਵਾਰ ਹੈ ਕਿਉਂਕਿ ਮੁੱਖ ਮੰਤਰੀ ਵੱਲੋਂ ਕੇਂਦਰ ਦੇ ਇਸ ਬਿੱਲ ਦਾ ਸਮਰਥਨ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਇਹ ਫ਼ੈਸਲਾ ਨਾ ਬਦਲਿਆਂ ਤਾਂ ਉਨ੍ਹਾਂ ਵੱਲੋਂ ਆਉਣ ਵਾਲੇ ਸਮੇਂ ਵਿੱਚ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬਿਜਲੀ ਐਕਟ ਵਿੱਚ ਸੋਧ ਦੇ ਮੱਦੇਨਜ਼ਰ ਕਿਸਾਨ ਅਤੇ ਮਜ਼ਦੂਰਾਂ ਵਿੱਚ ਵੀ ਕੇਂਦਰ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਕਿਸਾਨ ਸੜਕਾਂ ਉਤੇ ਉਤਰੇ ਹੋਏ ਹਨ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਹ ਵੀ ਪੜ੍ਹੋ : ਪਹਿਲਾ SSLV ਮਿਸ਼ਨ ਰਿਹਾ ਅਸਫਲ , ਗਲਤ ਪੰਧ 'ਤੇ ਪੈਣ ਕਾਰਨ ਨਕਾਰਾ ਹੋਏ ਇਸਰੋ ਦੇ ਸੈਟੇਲਾਈਟ