ਕਿਰਤੀ ਕਿਸਾਨ ਯੂਨੀਅਨ ਵੱਲੋਂ ਯੂਕਰੇਨ ਉੱਪਰ ਰੂਸੀ ਹਮਲੇ ਦੇ ਵਿਰੋਧ ਵਿੱਚ ਮੁਜ਼ਾਹਰਾ
ਅੰਮ੍ਰਿਤਸਰ: ਕਿਰਤੀ ਕਿਸਾਨ ਯੂਨੀਅਨ ਵੱਲੋਂ ਯੂਕਰੇਨ ਉੱਪਰ ਰੂਸ ਦੇ ਫੌਜੀ ਹਮਲੇ ਵਿਰੁੱਧ ਇੱਥੇ ਸੈਂਕੜਿਆਂ ਦੀ ਗਿਣਤੀ ਵਿੱਚ ਭੰਡਾਰੀ ਪੁਲ ਤੇ ਇਕੱਠੇ ਹੋ ਕੇ ਹਾਲ ਗੇਟ ਦੇ ਵਿੱਚੋਂ ਦੀ ਹੁੰਦਿਆਂ ਹੋਇਆਂ ਰੂਸ ਤੇ ਦੂਸਰੀਆਂ ਸਾਮਰਾਜੀ ਤਾਕਤਾਂ ਵਿਰੁੱਧ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਇਸ ਸਮੇਂ ਮੁਜ਼ਾਹਰਾ ਕਾਰੀਆਂ ਨੇ ਰੂਸ ਦੇ ਹਮਲੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਸਮੇਂ ਜ਼ਿਲਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਤੇ ਜ਼ਿਲ੍ਹਾ ਸਕੱਤਰ ਰਵਿੰਦਰ ਸਿੰਘ ਛੱਜਲਵੱਡੀ ਨੇ ਪ੍ਰੈੱਸ ਦੇ ਨਾਮ ਜਾਣਕਾਰੀ ਸਾਂਝੀ ਕਰਦਿਆਂ ਜੋਰਦਾਰ ਢੰਗ ਨਾਲ ਕਿਹਾ ਕਿ ਅਮਨ-ਅਮਾਨ ਲਈ ਯੂਕਰੇਨ ਉੱਪਰ ਫੌਜੀ ਹਮਲਾ ਤੁਰੰਤ ਰੋਕੇ ਜਾਣ ਅਤੇ ਨਾਟੋ ਦੇ ਫੌਜੀ ਵਿਸਥਾਰ ਦੀ ਯੋਜਨਾ ਸਮੇਤ ਸਾਮਰਾਜੀ ਫੌਜੀ ਗਠਜੋੜ ਭੰਗ ਕੀਤੇ ਜਾਣ ਦੀ ਆਵਾਜ਼ ਬੁਲੰਦ ਕਰਨ ਤੇ ਯੂਕਰੇਨ ਦੇ ਲੋਕਾਂ ਨਾਲ ਇੱਕਮੁੱਠਤਾ ਪ੍ਰਗਟ ਕਰਨ ਲਈ ਮੁਜ਼ਾਹਰਾ ਕੀਤਾ ਗਿਆ। ਆਗੂਆਂ ਨੇ ਯੂਕਰੇਨ ਦੇ ਪੀੜਤ ਲੋਕਾਂ ਨਾਲ ਇੱਕਮੁੱਠਤਾ ਪ੍ਰਗਟ ਕਰਦੇ ਹੋਏ ਇਸ ਜੰਗ ਨੂੰ ਸਾਮਰਾਜੀ ਹਿੱਤਾਂ ਤੋਂ ਪ੍ਰੇਰਿਤ ਜੰਗ ਦੱਸਿਆ । ਉਨ੍ਹਾਂ ਹੋਰ ਕਿਹਾ ਕਿ ਸਾਮਰਾਜੀ ਸ਼ਕਤੀਆਂ ਵੱਲੋਂ ਦੁਨੀਆਂ ਦੇ ਕੁਦਰਤੀ ਸੋਮਿਆਂ ਦੀ ਲੁੱਟ-ਖਸੁੱਟ ਕਰਨ ਅਤੇ ਕਰੋੜਾਂ-ਅਰਬਾਂ ਮਿਹਨਤਕਸ਼ ਲੋਕਾਂ ਵਿਰੁੱਧ ਜਾਰੀ ਆਪਣੀਆਂ ਸਾਜਿਸ਼ਾਂ ਦਾ ਨਵਾਂ ਖਾਜਾ ਯੂਕਰੇਨ ਬਣਾਇਆ ਹੈ। ਸਾਮਰਾਜੀ ਤਾਕਤਾਂ ਵੱਲੋਂ ਸੰਸਾਰ ਤਾਕਤ ਦੇ ਸਮਤੋਲ ਨੂੰ ਮੁੜ ਤੋਂ ਪ੍ਰੀਭਾਸ਼ਤ ਕਰਨ ਲਈ ਛੇੜੀ ਇਸ ਨਿਹੱਕੀ ਜੰਗ ਕਾਰਨ ਯੂਕਰੇਨ ਸਮੇਤ ਦੁਨੀਆਂ ਦੇ ਕਰੋੜਾਂ ਲੋਕ ਸਿੱਧੇ-ਅਸਿੱਧੇ ਢੰਗ ਨਾਲ ਪ੍ਰਭਾਵਿਤ ਹੋਣਗੇ। ਉਨ੍ਹਾਂ ਹੋਰ ਕਿਹਾ ਕਿ ਜਿੱਥੇ ਰੂਸ ਨੂੰ ਇਸ ਹਮਲੇ ਲਈ ਜ਼ਿੰਮੇਵਾਰ ਠਹਿਰਾਇਆ ਹੈ ਉਥੇ ਅਮਰੀਕਾ ਦੇ ਨਾਟੋ ਸੰਗਠਨ ਸਮੇਤ ਜਰਮਨੀ-ਫਰਾਂਸ ਵਰਗੀਆਂ ਸਾਮਰਾਜੀ ਤਾਕਤਾਂ ਨੂੰ ਵੀ ਇਸ ਹਮਲੇ ਲਈ ਬਰਾਬਰ ਦੇ ਦੋਸ਼ੀ ਗਰਦਾਨਿਆ ਹੈ। ਉਨਾਂ ਕਿਹਾ ਕਿ ਅਮਰੀਕਾ ਵੱਲੋਂ ਨਾਟੋ ਦੇ ਵਿਸਥਾਰ ਦੀ ਧੁੱਸ, ਜਰਮਨੀ-ਫਰਾਂਸ ਦੀ ਅਗਵਾਈ ਵਾਲੀ ਯੂਰਪੀ-ਯੂਨੀਅਨ ਵੱਲੋਂ ਯੂਕਰੇਨ ’ਤੇ ਆਪਣਾ ਕੰਟਰੋਲ ਵਧਾਉਣ ਦੇ ਯਤਨ ਅਤੇ ਰੂਸ ਵੱਲੋਂ ਯੂਕਰੇਨ ਸਮੇਤ ਪੂਰਬੀ ਯੂਰਪ ਉੱਪਰ ਆਰਥਿਕ-ਸਿਆਸੀ ਸਰਦਾਰੀ ਸਥਾਪਤ ਕਰਨ ਦੇ ਸਾਮਰਾਜੀ ਹਿੱਤਾਂ ਨੂੰ ‘ਜਮਹੂਰੀਅਤ’ ਦੇ ਪਰਦੇ ਹੇਠ ਢੱਕਣ ਦਾ ਪਾਖੰਡ ਕੀਤਾ ਜਾ ਰਿਹਾ ਹੈ। ਇਹ ਵੀ ਪੜ੍ਹੋ: Russia Ukraine Crisis: ਯੁਕਰੇਨ 'ਚ ਫਸੇ ਭਾਰਤੀਆਂ ਦੀ ਦਸ਼ਾ ਦੇਖ ਭਾਵੁਕ ਹੋਏ ਰਾਹੁਲ ਗਾਂਧੀ, ਕੀਤਾ ਵੀਡੀਓ ਸ਼ੇਅਰ ਇਸ ਸਮੇਂ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਯੂਕਰੇਨ ਦੇ ਹੁਕਮਰਾਨਾਂ ਵੱਲੋਂ ਆਪਣੇ ਦੇਸ਼ ਨੂੰ ਸਾਮਰਾਜੀ ਤਾਕਤਾਂ ਦੀ ਖਹਿ ਦਾ ਨਿਸ਼ਾਨਾ ਬਣ ਜਾਣ ਵਿੱਚ ਨਿਭਾਈ ਭੂਮਿਕਾ ਦੀ ਨਿਖੇਧੀ ਕਰਨ ਦੇ ਨਾਲ-ਨਾਲ ਦੇਸ਼ ਦੀ ਕੇਂਦਰ ਸਰਕਾਰ ਦੀ ਇਸ ਮਸਲੇ ’ਤੇ ਸਾਮਰਾਜੀ ਤਾਕਤਾਂ ਦੀ ਸੇਵਾ ਵਿੱਚ ਭੁਗਤ ਰਹੀ ਕਮਜ਼ੋਰ ਅਤੇ ਅਸਪੱਸ਼ਟ ਵਿਦੇਸ਼ ਨੀਤੀ ਦੀ ਜੋਰਦਾਰ ਨਿਖੇਧੀ ਕੀਤੀ ਹੈ। ਉਨ੍ਹਾਂ ਹੋਰ ਕਿਹਾ ਕਿ ਯੂਕਰੇਨ ਉੱਪਰ ਰੂਸੀ ਫੌਜੀ ਹਮਲੇ ਨੂੰ ਤੁਰੰਤ ਰੋਕੇ ਜਾਣ, ਨਾਟੋ ਦੇ ਵਿਸਥਾਰ ਦੀ ਯੋਜਨਾ ਸਮੇਤ ਸਾਮਰਾਜੀ ਫੌਜੀ ਗਠਜੋੜਾਂ ਨੂੰ ਤੁਰੰਤ ਭੰਗ ਕੀਤੇ ਜਾਣ ਦੀ ਮੰਗ ਕੀਤੀ। -PTC News