ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਰੋਸ ਵਿਖਾਵਾ
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਮਿੰਨੀ ਸਕੱਤਰੇਤ ਵਿਖੇ ਅੱਜ ਹੁਸ਼ਿਆਰਪੁਰ ਦੇ ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਗਿਆ। ਇਸ ਸਬੰਧੀ ਹੁਸ਼ਿਆਰਪੁਰ ਦੇ ਸਮੂਹ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਤੇ ਵਰਕਰਾਂ ਨੇ ਇਸ ਰੋਸ ਪ੍ਰਦਰਸ਼ਨ ਵਿਚ ਹਿੱਸਾ ਲਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਸਮੂਹ ਪੰਜਾਬ ਦੇ ਸਿੱਖਾਂ ਨਾਲ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਦੀ ਸਾਰੀ ਪਹਿਲ ਦੇ ਆਧਾਰ ਉਤੇ ਉਹ ਬੰਦੀ ਸਿੰਘਾਂ ਨੂੰ ਛੁਡਾਉਣ ਦਾ ਕੰਮ ਕਰਨਗੇ ਪਰ ਸਰਕਾਰ ਬਣੀ ਨੂੰ ਛੇ ਮਹੀਨੇ ਤੋਂ ਵੱਧ ਦਾ ਸਮਾਂ ਵੀ ਚੁੱਕਾ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਹਲੇ ਤੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਵੀ ਕਦਮ ਨਹੀਂ ਚੁੱਕਿਆ। ਬਹੁਤ ਸਾਰੇ ਪੰਜਾਬ ਦੇ ਅਜਿਹੇ ਬੰਦੀ ਸਿੰਘ ਹਨ ਜਿਨ੍ਹਾਂ ਦੀਆਂ ਉਮਰਾਂ ਹੀ ਜੇਲ੍ਹ 'ਚ ਬੀਤ ਚੁੱਕੀਆਂ ਹਨ। ਉਨ੍ਹਾਂ ਦੀ ਸਜ਼ਾ ਪੂਰੀ ਹੋਈ ਨੂੰ ਵੀ ਬਹੁਤ ਸਾਲ ਬੀਤ ਚੁੱਕੇ ਹਨ ਪਰ ਕੇਂਦਰ ਸਰਕਾਰ ਵੱਲੋਂ ਹਾਲੇ ਤੱਕ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ਦੌਰਾਨ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵੀ ਪਹੁੰਚੇ। ਉਨ੍ਹਾਂ ਨੇ ਕੇਂਦਰ ਸਰਕਾਰ ਉਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਕੇਂਦਰ ਦੀ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਈ ਕਰਨ ਵਿਚ ਟਾਲ-ਮਟੋਲ ਕਰ ਰਹੀ ਹੈ। ਇਹ ਵੀ ਪੜ੍ਹੋ : ਕਿਸਾਨ ਤੇ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਤੇ ਇੰਦਰਬੀਰ ਨਿੱਝਰ ਦੀ ਰਿਹਾਇਸ਼ ਦਾ ਘਿਰਾਓ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਹੁਤ ਵਾਰ ਕੇਂਦਰ ਨੂੰ ਪੱਤਰ ਲਿਖ ਕੇ ਤੇ ਬਹੁਤ ਵਾਰ ਗੁਜ਼ਾਰਿਸ਼ਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਕੇਂਦਰ ਦੀ ਸਰਕਾਰ ਦੇ ਹਾਲੇ ਤਕ ਕੰਨ ਉਤੇ ਕੋਈ ਜੂੰ ਨਹੀਂ ਸਰਕੀ। ਉਨ੍ਹਾਂ ਇਸ ਲਈ ਉਨ੍ਹਾਂ ਨੂੰ ਅੱਜ ਕਾਲੇ-ਕੱਪੜੇ ਪਾ ਕੇ ਕੇਂਦਰ ਤੇ ਪੰਜਾਬ ਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਨੂੰ ਮਜਬੂਰ ਹੋਣਾ ਪਿਆ ਹੈ, ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਪੰਜਾਬ ਤੇ ਕੇਂਦਰ ਸਰਕਾਰ ਨੂੰ ਕਿਹਾ ਕਿ ਜੇਕਰ ਹੁਣ ਵੀ ਜਲਦ ਹੀ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਈ ਤਾਂ ਕਾਲੇ ਦਿਨਾਂ 'ਚ ਅਕਾਲੀ ਦਲ ਇਸ ਤੋਂ ਵੀ ਵੱਡਾ ਪ੍ਰਦਰਸ਼ਨ ਉਲੀਕੇਗੀ। -PTC News