ਅੰਤਰਰਾਸ਼ਟਰੀ ਫੈਕਟਰੀ ਅੱਗੇ ਧਰਨਾ : HC ਨੇ ਪੰਜਾਬ ਸਰਕਾਰ ਨੂੰ 5 ਕਰੋੜ ਰੁਪਏ ਜਮ੍ਹਾਂ ਕਰਵਾਉਣ ਦੇ ਦਿੱਤੇ ਹੁਕਮ
ਚੰਡੀਗੜ੍ਹ : ਫਿਰੋਜ਼ਪੁਰ ਵਿਚ ਸਥਿਤ ਅੰਤਰਰਾਸ਼ਟਰੀ (malbros International) ਕੰਪਨੀ ਦੀ ਫੈਕਟਰੀ ਅੱਗੇ ਧਰਨਾ ਲਗਾਉਣ ਦੇ ਮਾਮਲੇ ਵਿਚ ਹਾਈ ਕੋਰਟ (High Court) ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ 1 ਹਫ਼ਤੇ ਵਿਚ ਪੰਜਾਬ ਸਰਕਾਰ ਨੂੰ 5 ਕਰੋੜ ਰੁਪਏ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ। ਕੰਪਨੀ ਵੱਲੋਂ ਹਾਈ ਕੋਰਟ ਵਿਚ ਪਟੀਸ਼ਨ ਪਾਈ ਗਈ ਸੀ। ਕੰਪਨੀ ਦਾ ਕਹਿਣਾ ਹੈ ਕਿ ਪਿਛਲੇ 3 ਮਹੀਨੇ ਤੋਂ ਉਨ੍ਹਾਂ ਦੀ ਕੰਪਨੀ ਦੇ ਸਾਹਮਣੇ ਧਰਨਾ ਲਗਾਇਆ ਗਿਆ ਹੈ ਤੇ ਪੰਜਾਬ ਸਰਕਾਰ ਇਸ ਧਰਨੇ ਨੂੰ ਚੁੱਕਣ ਵਿਚ ਕਾਮਯਾਬ ਨਹੀਂ ਹੋ ਸਕੀ, ਜਿਸ ਕਾਰਨ ਉਨ੍ਹਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਕੰਪਨੀ ਨੇ ਇਹ ਵੀ ਦਲੀਲ ਦਿੱਤੀ ਕਿ ਉਨ੍ਹਾਂ ਵੱਲੋਂ ਕਿਸੇ ਵੀ ਨਿਯਮ ਦੀ ਉਲੰਘਣਾ ਨਹੀਂ ਕੀਤੀ ਗਈ ਅਤੇ ਉਨ੍ਹਾਂ ਕੋਲ ਇਨਵਾਇਰਨਮੈਂਟ ਕਲੀਅਰੈਂਸ ਸਰਟੀਫਿਕੇਟ ਤੇ ਬਾਕੀ ਸਭ ਦਸਤਾਵੇਜ਼ ਮੌਜੂਦ ਹਨ ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਦੀ ਕੰਪਨੀ ਨੂੰ ਸਾਹਮਣੇ ਧਰਨਾ ਲਗਾਇਆ ਗਿਆ ਹੈ। ਹਾਈ ਕੋਰਟ ਨੇ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਪੰਜਾਬ ਸਰਕਾਰ ਇਸ ਮੁੱਦੇ ਨੂੰ ਸੰਜੀਦਗੀ ਨਾਲ ਨਹੀਂ ਲੈ ਰਹੀ ਅਤੇ ਵਾਰ-ਵਾਰ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਕੋਈ ਵੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ ਹੈ। ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਹਲਕੇ ਦੇ ਪਿੰਡ ਮਨਸੂਰਵਾਲ ਵਿਖੇ ਸ਼ਰਾਬ ਦੀ ਫੈਕਟਰੀ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਦੇ ਬਾਹਰ ਪਿਛਲੇ ਤਿੰਨ ਮਹੀਨਿਆਂ ਤੋਂ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ। ਇਹ ਮਾਮਲਾ ਜੁਲਾਈ ਵਿੱਚ ਉਸ ਸਮੇਂ ਸਾਹਮਣੇ ਆਇਆ ਜਦੋਂ ਪਿੰਡ ਮਨੀਵਾਲਾ ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਵਿੱਚ ਬੋਰ ਪੁੱਟਣ ਦੌਰਾਨ ਸ਼ਰਾਬ ਦੀ ਬਦਬੂ ਵਾਲਾ ਬਹੁਤ ਹੀ ਗੰਦਾ ਪਾਣੀ ਨਿਕਲਿਆ। ਇਸ ਤੋਂ ਦੁਖੀ ਆਸ-ਪਾਸ ਦੇ ਪਿੰਡਾਂ ਦੇ ਵਸਨੀਕ ਫੈਕਟਰੀ ਦੇ ਬਾਹਰ ਇਕੱਠੇ ਹੋ ਗਏ ਅਤੇ ਕੰਪਨੀ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸ਼ਰਾਬ ਬਣਾਉਣ ਦੀ ਪ੍ਰਕਿਰਿਆ ਦੌਰਾਨ ਧਰਤੀ ਹੇਠਲਾ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ। -PTC News ਇਹ ਵੀ ਪੜ੍ਹੋ : PU Election Result: AAP ਵਿਦਿਆਰਥੀ ਵਿੰਗ CYSS ਦੀ ਜਿੱਤ, ਆਯੂਸ਼ ਖਟਕਰ ਬਣੇ PU ਦੇ ਨਵੇਂ ਸਰਤਾਜ