ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਤਰਜੀਹ : ਚੇਤਨ ਸਿੰਘ ਜੌੜਾਮਾਜਰਾ
ਨਾਭਾ/ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਨਾਭਾ ਦੇ ਸਿਵਲ ਹਸਪਤਾਲ ਦਾ ਦੌਰਾ ਕਰ ਕੇ ਹਸਪਤਾਲ 'ਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਮੌਕੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿਹਤ ਸਹੂਲਤਾਂ ਦੇ ਖੇਤਰ 'ਚ ਵੱਡੇ ਪੱਧਰ ਉਤੇ ਸੁਧਾਰ ਲਿਆਉਣ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਤੇ ਸਿਹਤ ਪਾਲਿਸੀ ਲਿਆਉਣ ਤੋਂ ਪਹਿਲਾਂ ਉਨ੍ਹਾਂ ਵੱਲੋਂ ਸਿਵਲ ਹਸਪਤਾਲਾਂ ਤੇ ਸਬ ਡਵੀਜ਼ਨ ਪੱਧਰ ਦੇ ਹਸਪਤਾਲਾਂ ਆਦਿ ਦਾ ਦੌਰਾ ਕਰ ਕੇ ਜ਼ਮੀਨੀ ਪੱਧਰ ਜਾਣਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਸਹੂਲਤ ਅਨੁਸਾਰ ਅਗਲੇ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਕਾਰਵਾਈ ਆਰੰਭ ਦਿੱਤੀ ਗਈ ਹੈ ਜਿਸ ਦੇ ਨਤੀਜੇ ਆਉਂਦੇ ਸਮੇਂ ਵਿੱਚ ਪ੍ਰਤੱਖ ਦਿਖਾਈ ਦੇਣਗੇ। ਸਿਵਲ ਹਸਪਤਾਲ ਦਾ ਦੌਰਾ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਫ਼ਤਰੀ ਰਿਕਾਰਡ ਤੇ ਸਾਜੋ-ਸਾਮਾਨ ਦੀਆਂ ਸੂਚੀਆਂ ਦੀ ਸਮੇਂ-ਸਮੇਂ ਉਤੇ ਸੁਧਾਈ ਕੀਤੀ ਜਾਵੇ ਤੇ ਰਿਕਾਰਡ ਸਬੰਧੀ ਜਾਣਕਾਰੀ ਸਪੱਸ਼ਟ ਸ਼ਬਦਾਂ 'ਚ ਰਿਕਾਰਡ ਵਾਲੇ ਸਥਾਨ ਉਤੇ ਲਗਾਈ ਜਾਵੇ। ਉਨ੍ਹਾਂ ਹਸਪਤਾਲ ਦੀ ਖਾਲੀ ਪਈ ਜਗ੍ਹਾ ਉਤੇ ਉੱਗੇ ਘਾਹ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਅਜਿਹੇ ਸਥਾਨ ਬਿਮਾਰੀਆਂ ਨੂੰ ਸੱਦਾ ਦਿੰਦੇ ਹਨ, ਇਨ੍ਹਾਂ ਸਥਾਨਾਂ ਨੂੰ ਪਾਰਕ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਮਰੀਜ਼ਾਂ ਕੋਲੋਂ ਇਲਾਜ ਸਬੰਧੀ ਫੀਡਬੈਕ ਵੀ ਪ੍ਰਾਪਤ ਕੀਤੀ। ਉਨ੍ਹਾਂ ਮਰੀਜ਼ਾਂ ਨਾਲ ਆਏ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਤੇ ਅਧਿਕਾਰੀਆਂ ਨੂੰ ਮਰੀਜ਼ਾਂ ਨਾਲ ਆਏ ਪਰਿਵਾਰਕ ਮੈਂਬਰਾਂ ਦੇ ਬੈਠਣ ਦੇ ਵਧੀਆਂ ਪ੍ਰਬੰਧ ਕਰਨ ਦੀ ਹਦਾਇਤ ਦਿੱਤੀ। ਇਸ ਮੌਕੇ ਉਨ੍ਹਾਂ 30 ਬੈਡਾਂ ਵਾਲੀ ਨਵੀਂ ਉਸਾਰੀ ਅਧੀਨ ਇਮਾਰਤ ਦਾ ਵੀ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ। ਚੇਤਨ ਸਿੰਘ ਜੌੜਾਮਾਜਰਾ ਨੇ ਹਸਪਤਾਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਿਹਤ ਸਬੰਧੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸੂਚੀ ਹਸਪਤਾਲ ਦੀ ਓਪੀਡੀ ਦੇ ਬਾਹਰ ਲਗਾਈ ਜਾਵੇ ਤੇ ਇਲਾਜ ਅਧੀਨ ਮਰੀਜ਼ ਦਾ ਇਲਾਜ ਕਾਰਡ ਮਰੀਜ਼ ਦੇ ਬੈਡ 'ਤੇ ਲੱਗਿਆ ਹੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਦੀ ਸਫ਼ਾਈ ਤੇ ਹਸਪਤਾਲ ਦੇ ਪਖ਼ਾਨਿਆਂ ਦੀ ਸਫ਼ਾਈ ਨਿਯਮਤ ਰੂਪ 'ਚ ਕਰਨ ਨੂੰ ਯਕੀਨੀ ਬਣਾਇਆ ਜਾਵੇ। ਸਿਹਤ ਮੰਤਰੀ ਨੇ ਸਿਵਲ ਹਸਪਤਾਲ ਦਾ ਦੌਰਾ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਨ ਦਾ ਮੁੱਖ ਮਕਸਦ ਜ਼ਮੀਨੀ ਹਕੀਕਤ ਦੀ ਪੂਰੀ ਜਾਣਕਾਰੀ ਪ੍ਰਾਪਤ ਕਰ ਕੇ ਭਵਿੱਖ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਪਲੱਬਧ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਵੀ ਸਰਕਾਰੀ ਹਸਪਤਾਲਾਂ ਦਾ ਦੌਰਾ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਸਿਵਲ ਸਰਜਨ ਡਾ. ਰਾਜੂ ਧੀਰ, ਡਾ. ਲਵੀਕੇਸ਼ ਕੁਮਾਰ ਤੇ ਹਸਪਤਾਲ ਦਾ ਸਮੂਹ ਸਟਾਫ਼ ਮੌਜੂਦ ਸੀ। ਇਸ ਮੌਕੇ ਸਿਵਲ ਹਸਪਤਾਲ ਦੇ ਸਟਾਫ਼ ਵੱਲੋਂ ਸਿਹਤ ਮੰਤਰੀ ਨੂੰ ਹਸਪਤਾਲ 'ਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਹੋਰ ਸੁਧਾਰ ਲਈ ਸਰਕਾਰੀ ਪੱਧਰ 'ਤੇ ਉੱਠੇ ਜਾ ਸਕਣ ਵਾਲੇ ਮਸਲਿਆਂ ਸਬੰਧੀ ਪੇਸ਼ਕਾਰੀ ਦਿੱਤੀ ਗਈ। ਸਿਹਤ ਮੰਤਰੀ ਨੇ ਕਿਹਾ ਕਿ ਹਸਪਤਾਲ 'ਚ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜਲਦੀ ਹੀ ਢੁੱਕਵੇਂ ਕਦਮ ਉਠਾਏ ਜਾਣਗੇ। ਰਿਪੋਰਟ-ਗਗਨਦੀਪ ਆਹੂਜਾ ਇਹ ਵੀ ਪੜ੍ਹੋ : ਜਲਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ: ਭਗਵੰਤ ਮਾਨ