ਪੀਆਰਟੀਸੀ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ
ਚੰਡੀਗੜ੍ਹ: ਰਾਜ ਵਿਆਪੀ ਰੋਸ ਵਜੋਂ ਠੇਕੇ 'ਤੇ ਰੱਖੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਬੁੱਧਵਾਰ ਦੁਪਹਿਰ ਨੂੰ ਸ਼ਹੀਦ ਸੁਖਦੇਵ ਥਾਪਰ ਅੰਤਰ-ਰਾਜੀ ਬੱਸ ਟਰਮੀਨਲ 'ਤੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ, ਜਿਸ ਨਾਲ ਕਰੀਬ 100 ਬੱਸਾਂ ਠੱਪ ਹੋ ਗਈਆਂ। ਉਹ ਟਰਾਂਸਪੋਰਟ ਵਿਭਾਗ ਵੱਲੋਂ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਅਪ੍ਰੈਲ ਮਹੀਨੇ ਦੀਆਂ ਤਨਖਾਹਾਂ ਜਾਰੀ ਨਾ ਕਰਨ ਅਤੇ ਰੈਗੂਲਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਰੋਸ ਜ਼ਾਹਿਰ ਕਰ ਰਹੇ ਹਨ।
ਪੰਜਾਬ ਰੋਡਵੇਜ਼/ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਦੇ ਬੈਨਰ ਹੇਠ ਰੋਸ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਵੀਰਵਾਰ ਤੋਂ ਕੰਮਕਾਜ ਮੁਕੰਮਲ ਤੌਰ ਉਤੇ ਠੱਪ ਕਰ ਦੇਣਗੇ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਵਿਭਾਗ ਦੀ ਵਿੱਤੀ ਹਾਲਤ ਖ਼ਰਾਬ ਹੋ ਰਹੀ ਹੈ, ਜਿਸ ਕਾਰਨ ਕਰੀਬ 4 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਅਪ੍ਰੈਲ ਮਹੀਨੇ ਦੀਆਂ ਤਨਖਾਹਾਂ ਨਹੀਂ ਮਿਲੀਆਂ। ਸ਼ਮਸ਼ੇਰ ਸਿੰਘ ਨੇ ਕਿਹਾ, 'ਆਮ ਆਦਮੀ ਪਾਰਟੀ (ਆਪ) ਨੇ ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਯੂਨੀਅਨ ਦੀਆਂ ਹੋਰ ਮੰਗਾਂ ਨੂੰ ਪੂਰਾ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਕੀਤਾ ਗਿਆ।
ਯੂਨੀਅਨ ਮੈਂਬਰਾਂ ਨੇ 11 ਮਈ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਵੀ ਕੀਤੀ ਸੀ ਪਰ ਕੋਈ ਫਾਇਦਾ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਅਸੀਂ ਸੂਬਾ ਸਰਕਾਰ ਨੂੰ ਬੁੱਧਵਾਰ ਦੁਪਹਿਰ ਤੱਕ ਆਪਣੀਆਂ ਮੰਗਾਂ ਪੂਰੀਆਂ ਕਰਨ ਦਾ ਅਲਟੀਮੇਟਮ ਦਿੱਤਾ ਸੀ ਅਤੇ ਕੁਝ ਨਾ ਹੋਣ ਤੋਂ ਬਾਅਦ ਹੜਤਾਲ ਸ਼ੁਰੂ ਕਰ ਦਿੱਤੀ ਗਈ ਸੀ। ਜੋ ਬੱਸਾਂ ਦੁਪਹਿਰ ਤੋਂ ਪਹਿਲਾਂ ਰਵਾਨਾ ਹੋਈਆਂ ਸਨ, ਉਨ੍ਹਾਂ ਨੂੰ ਹੜਤਾਲ ਸ਼ੁਰੂ ਹੋਣ ਤੋਂ ਬਾਅਦ ਨਜ਼ਦੀਕੀ ਡਿਪੂ 'ਤੇ ਰੁਕਣ ਲਈ ਕਿਹਾ ਗਿਆ ਸੀ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਨੇ ਦੋਸ਼ ਲਾਇਆ ਕਿ ਵਿਭਾਗ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। “ਲੁਧਿਆਣਾ ਵਿੱਚ ਲਗਭਗ 100 ਬੱਸਾਂ ਦਾ ਸੰਚਾਲਨ ਠੱਪ ਹੋ ਗਿਆ ਹੈ ਅਤੇ ਹੜਤਾਲ ਕਾਰਨ ਰਾਜ ਭਰ ਵਿੱਚ ਲਗਭਗ 1,700 ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਸਰਕਾਰ ਵੱਲੋਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਪ੍ਰਾਈਵੇਟ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਚੱਲਣ ਦੇ ਬਾਵਜੂਦ ਹੜਤਾਲ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਸਮਾਂ ਸਾਰਣੀ ਵਿੱਚ ਵਿਗਾੜ ਕਾਰਨ ਲੰਮਾ ਸਮਾਂ ਉਡੀਕ ਕਰਨ ਲਈ ਮਜਬੂਰ ਹੋਣਾ ਪਿਆ। ਇਸ ਤੋਂ ਇਲਾਵਾ ਕਈ ਮਹਿਲਾ ਸਵਾਰੀਆਂ ਨੂੰ ਪ੍ਰਾਈਵੇਟ ਬੱਸਾਂ ਵਿੱਚ ਸਵਾਰ ਹੋਣ ਲਈ ਮਜਬੂਰ ਹੋਣਾ ਪਿਆ। ਸੂਬਾ ਸਰਕਾਰ ਵੱਲੋਂ ਪਿਛਲੇ ਦਿਨੀਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਔਰਤਾਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਦੀਆਂ ਹਨ।
ਇਹ ਵੀ ਪੜ੍ਹੋ : ਮਹਿੰਗਾਈ ਦੀ ਮਾਰ, ਰਸੋਈ ਗੈਸ ਤੇ ਕਮਰਸ਼ੀਅਲ ਦੇ ਮੁੜ ਵਧੇ ਰੇਟ