ਪਨਬੱਸ, ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੱਚੇ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਦਾ ਪ੍ਰੋਗਰਾਮ ਮੁਲਤਵੀ
ਚੰਡੀਗੜ੍ਹ : ਪਨਬੱਸ, ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੱਚੇ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਦਾ ਪ੍ਰੋਗਰਾਮ ਦਾ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਤਨਖਾਹ ਪਾਉਣ ਤੋਂ ਬਾਅਦ ਕੱਚੇ ਮੁਲਾਜ਼ਮਾਂ ਨੇ ਆਪਣਾ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਕੱਚੇ ਮੁਲਾਜ਼ਮ ਪਿਛਲੇ ਦੋ ਮਹੀਨਿਆਂ ਦੀ ਬਕਾਇਆ ਤਨਖਾਹ ਜਾਰੀ ਕਰਨ ਦੀ ਮੰਗ ਕਰ ਰਹੇ ਸਨ। ਸਰਕਾਰ ਦੇ ਰਵੱਈਏ ਤੋਂ ਦੁਖੀ ਕੱਚੇ ਮੁਲਾਜ਼ਮਾਂ ਨੇ ਅੱਜ ਬਾਅਦ ਦੁਪਹਿਰ ਬੱਸਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜਮਾਂ ਦੀਆਂ ਤਨਖ਼ਾਹਾਂ ਵਿਭਾਗ ਵੱਲੋਂ ਨਾ ਦੇਣ ਦੇ ਰੋਸ ਵਜੋਂ ਤਨਖਾਹ ਨਹੀ ਤਾਂ ਕੰਮ ਨਹੀਂ ਦਾ ਨਾਅਰਾ ਬੁਲੰਦ ਕਰਦੇ ਹੋਏ ਵੱਖ-ਵੱਖ ਬੱਸ ਅੱਡੇ ਬੰਦ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਸੀ। ਬੱਸ ਸਟੈਂਡ 'ਤੇ ਧਰਨੇ ਦੌਰਾਨ ਬੋਲਦਿਆਂ ਸੂਬਾ ਆਗੂ ਬਲਜੀਤ ਸਿੰਘ ਗਿੱਲ, ਡਿਪੂ ਪ੍ਰਧਾਨ ਪਰਮਜੀਤ ਸਿੰਘ ਕੌਹਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕਾਂਗਰਸ ਅਤੇ ਅਕਾਲੀ ਦਲ ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਉਤੇ ਸੰਘਰਸ਼ ਕਰਦੇ ਕੱਚੇ ਮੁਲਾਜ਼ਮਾਂ ਨੂੰ ਹੁਣ ਪਹਿਲਾਂ ਤੋਂ ਵੀ ਮਾੜੇ ਹਾਲਾਤ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੈਦਾ ਕੀਤੇ ਜਾ ਰਹੇ ਹਨ, ਜਿਸ ਦੇ ਚਲਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ 'ਤੇ ਸੰਘਰਸ਼ ਦੇ ਨਾਲ-ਨਾਲ ਹੁਣ ਹਰ ਮਹੀਨੇ ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮਾਂ ਦੀਆਂ ਤਨਖਾਹਾਂ ਬਹੁਤ ਹੀ ਲੇਟ ਅਦਾ ਕੀਤੀਆਂ ਜਾ ਰਹੀਆਂ ਹਨ ਅਤੇ ਤਨਖਾਹ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈਂਦੀ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਵਾਰ ਵਾਰ ਉੱਚ ਅਧਿਕਾਰੀਆਂ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਸੰਪਰਕ ਕਰਨ 'ਤੇ ਵੀ ਹੁਣ ਤੱਕ ਤਨਖਾਹਾਂ ਨਾ ਆਉਣ ਕਾਰਨ ਪੰਜਾਬ ਦੇ ਸਾਰੇ ਬੱਸ ਸਟੈਡ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਇਸ ਤੋਂ ਵੀ ਬਾਅਦ ਜੇਕਰ ਤਨਖਾਹ ਨਹੀਂ ਆਉਦੀ ਤਾਂ ਮਿਤੀ 23/6/22 ਨੂੰ ਦੁਪਹਿਰ 12 ਵਜੇ ਤੋਂ ਸਮੂਹ ਕਰਮਚਾਰੀ ਬੱਸਾਂ ਬੰਦ ਕਰ ਕੇ ਪਨਬੱਸ ਤੇ ਪੀਆਰਟੀਸੀ ਦਾ ਚੱਕਾ ਜਾਮ ਕਰਨਗੇ। ਇਹ ਵੀ ਪੜ੍ਹੋ : ਸਿੱਧੂ ਮੁਸਵੇਲਾ ਕਤਲਕਾਂਡ ਮਾਮਲੇ 'ਚ ਦਿੱਲੀ ਪੁਲਿਸ ਨੇ ਦੋ ਲੋਕਾਂ ਨੂੰ ਹਿਰਾਸਤ 'ਚ ਲਿਆ