99 ਸਾਲ ਦੀ ਉਮਰ 'ਚ ਹਾਈ ਕੋਰਟ ਦੇ ਸਾਬਕਾ ਜਸਟਿਸ ਅਜੀਤ ਸਿੰਘ ਬੈਂਸ ਦਾ ਹੋਇਆ ਦੇਹਾਂਤ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ ਅਜੀਤ ਸਿੰਘ ਬੈਂਸ ਦਾ ਦੇਹਾਂਤ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਦੱਸ ਦੇਈਏ ਕਿ ਜਸਟਿਸ ਅਜੀਤ ਸਿੰਘ ਬੈਂਸ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਵੀ ਜਾਣੇ ਜਾਂਦੇ ਹਨ। ਜਸਟਿਸ ਅਜੀਤ ਸਿੰਘ ਬੈਂਸ ਨੇ ਸ਼ੁੱਕਰਵਾਰ ਨੂੰ 99 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਜਸਟਿਸ ਬੈਂਸ ਇੱਕ ਮਨੁੱਖੀ ਅਧਿਕਾਰ ਕਾਰਕੁਨ ਅਕਤੂਬਰ 1974 ਤੋਂ ਮਈ 1984 ਤਕ ਹਾਈ ਕੋਰਟ ਦੇ ਜੱਜ ਰਹਿ ਚੁੱਕੇ ਹਨ। ਮਿਲੀ ਜਾਣਕਾਰੀ ਦੇ ਮੁਤਾਬਿਕ ਉਨ੍ਹਾਂ ਦੇ ਪੁੱਤਰ ਆਰਐਸ ਬੈਂਸ ਸੀਨੀਅਰ ਵਕੀਲ ਹਨ। ਉਨ੍ਹਾਂ ਦਾ ਪੋਤਾ ਉਤਸਵ ਬੈਂਸ ਵੀ ਵਕੀਲ ਹੈ। ਉਹ ਆਪਣੇ ਪਿੱਛੇ ਪਤਨੀ ਰਸ਼ਪਾਲ ਕੌਰ ਅਤੇ ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਸਮੇਤ ਚਾਰ ਬੱਚੇ ਛੱਡ ਗਏ ਹਨ। 1985 ਵਿਚ ਸੇਵਾਮੁਕਤੀ ਤੋਂ ਤੁਰੰਤ ਬਾਅਦ ਉਹਨਾਂ ਨੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨਾਂਅ ਦੀ ਇਕ ਐਨਜੀਓ ਦੀ ਸਥਾਪਨਾ ਕੀਤੀ, ਜਿਸ ਨੇ ਬਾਅਦ ਵਿਚ ਪੰਜਾਬ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਪਰਦਾਫਾਸ਼ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਜਸਟਿਸ ਅਜੀਤ ਸਿੰਘ ਬੈਂਸ ਆਖਰੀ ਸਮੇਂ ਤੱਕ ਐਨਜੀਓ ਨਾਲ ਜੁੜੇ ਰਹੇ। ਪਿਛਲੇ ਦਿਨੀ ਦੀ ਗੱਲ ਕਰੀਏ ਜੇਕਰ 1992 ਵਿਚ ਉਹਨਾਂ ਨੂੰ ਸਰਕਾਰ ਨੇ ਇਕ ਵਿਵਾਦਤ ਭਾਸ਼ਣ ਕਾਰਨ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਉਹਨਾਂ ਦੀ ਅਗਵਾਈ ਵਾਲੀ ਐਨਜੀਓ ਨੇ ਸੂਬੇ ਵਿਚ ਅੱਤਵਾਦ ਦੇ ਦਿਨਾਂ ਦੌਰਾਨ ਪੰਜਾਬ ਪੁਲਿਸ ਵੱਲੋਂ ਕੀਤੇ ਝੂਠੇ ਮੁਕਾਬਲਿਆਂ ਅਤੇ ਹੋਰ ਪੁਲਿਸ ਵਧੀਕੀਆਂ ਦਾ ਪਰਦਾਫਾਸ਼ ਕੀਤਾ। -PTC News