ਕਿਸਾਨ ਕਰਜ਼ਾ ਮੁਆਫ਼ੀ ਲਈ CM ਚੰਨੀ ਵੱਲੋਂ PM ਨੂੰ ਲਿਖੇ ਪੱਤਰ 'ਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਨੇ ਸਾਧਿਆ ਨਿਸ਼ਾਨਾ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਸਾਨਾਂ ਦੀ ਕਰਜ਼ਾ ਮੁਆਫੀ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ ਕਿਸਾਨਾਂ ਸਿਰ ਕਰੀਬ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਸੂਬਾ ਸਰਕਾਰ ਇਸ ਨੂੰ ਮੁਆਫ਼ ਕਰਕੇ ਖੁਦ ਵਿੱਤੀ ਬੋਝ ਝੱਲਣ ਦੇ ਸਮਰੱਥ ਨਹੀਂ। ਇਸ ਲਈ ਕੇਂਦਰ ਸਰਕਾਰ ਵਿੱਤੀ ਮਦਦ ਕਰੇ। ਇਸ ਵਿਚਕਾਰ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਨੂੰ ਲੈ ਕੇ ਪ੍ਰਧਾਨ ਮੰਤਰੀ ਲਿਖੇ ਪੱਤਰ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿੰਨੇ ਸੌਖੇ ਢੰਗ ਨਾਲ ਮੁੱਖ ਮੰਤਰੀ ਚੰਨੀ ਸਾਬ੍ਹ ਨੇ ਆਪਣੀ ਜ਼ਿੰਮੇਵਾਰੀ ਤੋਂ ਮੂੰਹ ਮੋੜ ਲਿਆ ਹੈ। ਇਹ ਪੱਤਰ ਲਿਖਣ ਤੋਂ ਪਹਿਲਾਂ ਉਨ੍ਹਾਂ ਨੂੰ ਇਹ ਖ਼ਿਆਲ ਨਹੀਂ ਆਇਆ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਤੁਹਾਡੀ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਪੂਰਾ ਕਰਜ਼ਾ ਮੁਆਫ਼ ਕਰਾਂਗੇ। ਦੱਸ ਦੇਈਏ ਕਿ ਹੁਣ ਤੱਕ ਪੰਜਾਬ ਸਰਕਾਰ ਨੇ ਸਿਰਫ ਦੋ ਲੱਖ ਰੁਪਏ ਤੱਕ ਦੇ 4600 ਕਰੋੜ ਰੁਪਏ ਕਰਜ਼ੇ ਹੀ ਮੁਆਫ਼ ਕੀਤੇ ਹਨ। ਕਿਸਾਨਾਂ ਦੀ ਮੰਗ ਹੈ ਕਿ ਸਾਰਾ ਕਰਜ਼ ਮਾਫ ਕੀਤਾ ਜਾਵੇ। ਦਰਅਸਲ ਦਿੱਲੀ ਦੀਆਂ ਹੱਦਾਂ ਉੱਪਰ ਬੈਠੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਕੇਂਦਰ ਤੋਂ ਬਾਅਦ ਅਗਲਾ ਨਿਸ਼ਾਨਾ ਪੰਜਾਬ ਸਰਕਾਰ ਹੈ। ਪੰਜਾਬ ਸਰਕਾਰ ਪੂਰਨ ਕਰਜ਼ ਮਾਫ਼ੀ ਕਰਕੇ ਇਲੈਕਸ਼ਨ ਦੌਰਾਨ ਕੀਤਾ ਆਪਣਾ ਵਾਅਦਾ ਪੂਰਾ ਕਰੇ। -PTC News