ਪੰਜਾਬ ਦੇ ਉਪ ਮੁੱਖ ਮੰਤਰੀ ਰੰਧਾਵਾ ਅੱਜ ਉੱਚ ਪੁਲਿਸ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ: ਪਠਾਨਕੋਟ 'ਚ ਫੌਜ ਦੇ ਕੈਂਪ 'ਤੇ ਹੋਏ ਅੱਤਵਾਦੀ ਹਮਲੇ (grenade attack in Pathankot) ਤੋਂ ਬਾਅਦ ਪੰਜਾਬ ਭਰ 'ਚ ਅਲਰਟ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਚਾਲੇ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਦੁਪਹਿਰ 3 ਵਜੇ ਪੁਲਿਸ ਲਾਈਨ ਅੰਮ੍ਰਿਤਸਰ ਵਿਖੇ ਉੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ | ਦੱਸ ਦੇਈਏ ਕਿ ਬੀਤੇ ਹੋਏ ਹਮਲੇ ਕਰਕੇ ਹੁਣ ਅੰਮ੍ਰਿਤਸਰ, ਜਲੰਧਰ, ਬਠਿੰਡਾ, ਗੁਰਦਾਸਪੁਰ ਸਮੇਤ ਪ੍ਰਮੁੱਖ ਸ਼ਹਿਰਾਂ ਵਿੱਚ ਸੁਰੱਖਿਆ (Punjab High Alert) ਵਧਾ ਦਿੱਤੀ ਗਈ ਹੈ। ਇਸ ਕਰਕੇ ਹੁਣ ਉਪ ਮੁੱਖ ਮੰਤਰੀ ਨੇ ਜਲੰਧਰ ਬਾਰਡਰ ਜ਼ੋਨ ਦੀ ਮੀਟਿੰਗ ਸੱਦੀ ਹੈ। ਜਿਸ ਵਿੱਚ ਪੁਲਿਸ ਅਧਿਕਾਰੀਆਂ ਦੇ ਨਾਲ ਖੁਫੀਆ ਵਿਭਾਗ ਤੋਂ ਮਿਲੇ ਇਨਪੁਟਸ ਨਾਲ ਸੁਰੱਖਿਆ ਯੋਜਨਾ ਤਿਆਰ ਕੀਤੀ ਜਾਵੇਗੀ। ਬੀਤੇ ਦਿਨੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਲਈ ਰਾਤ ਸਮੇਂ ਪੁਲਿਸ ਨੂੰ ਗਸ਼ਤ ਵਧਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਸਨ। ਚੋਣਾਂ ਤੋਂ ਪਹਿਲਾਂ ਪਠਾਨਕੋਟ ਦੇ ਮਿਲਟਰੀ ਖੇਤਰ ਤ੍ਰਿਵੇਣੀ ਗੇਟ 'ਤੇ ਐਤਵਾਰ ਰਾਤ ਨੂੰ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ। ਹਾਲਾਂਕਿ ਇਸ 'ਚ ਕੋਈ ਜ਼ਖਮੀ ਨਹੀਂ ਹੋਇਆ ਪਰ ਸੁਰੱਖਿਆ ਏਜੰਸੀਆਂ ਇਸ ਮਗਰੋੰ ਵਧੇਰੇ ਚੌਕਸ ਹੋ ਗਈ ਹੈ। ਜ਼ਿਲ੍ਹਾ ਪਠਾਨਕੋਟ ਦੀ ਪੁਲਿਸ ਨੇ ਇਸ ਹਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਹਿਰ ਦੇ ਸੀਸੀਟੀਵੀ ਸਕੈਨਿੰਗ ਦੇ ਨਾਲ ਸ਼ੱਕੀ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਪੂਰੇ ਮਾਮਲੇ 'ਤੇ ਨਜ਼ਰ ਰੱਖ ਰਿਹਾ ਹੈ। ਸਰਹੱਦੀ ਜ਼ਿਲ੍ਹਿਆਂ ਦੇ ਪੁਲੀਸ ਅਧਿਕਾਰੀਆਂ ਤੋਂ ਸਾਰੇ ਪਹਿਲੂਆਂ ਦੀ ਜਾਣਕਾਰੀ ਲਈ ਜਾ ਰਹੀ ਹੈ। -PTC News