Punjab Election 2022: ਰੈਲੀ ਨੂੰ ਸੰਬੋਧਨ ਦੌਰਾਨ ਪ੍ਰਿਯੰਕਾ ਗਾਂਧੀ ਨੇ CM ਚੰਨੀ ਦਾ ਲਿਆ ਪੱਖ
ਧੂਰੀ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਚੋਣ ਪ੍ਰਚਾਰ ਕਰਨ ਪਹੁੰਚੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿੰਯਕਾ ਗਾਂਧੀ ਨੂੰ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖੇਤਾਂ ਦੀ ਵੀ ਸੈਰ ਕਰਵਾਈ ਗਈ। ਉਨ੍ਹਾਂ ਨੇ ਖੇਤ ਦੀ ਮੋਟਰ 'ਤੇ ਬੈਠ ਕੇ ਸਰ੍ਹੋਂ ਦਾ ਸਾਗ ਅਤੇ ਮੱਕੀ ਦੀ ਰੋਟੀ ਵੀ ਖਾਧੀ।ਇੱਥੇ 'ਨਵੀਂ ਸੋਚ, ਨਵਾਂ ਪੰਜਾਬ' ਰੈਲੀ ਨੂੰ ਪ੍ਰਿਯੰਕਾ ਗਾਂਧੀ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜੋ ਸਿਆਸਤ ਇਸ ਸਮੇਂ ਪੰਜਾਬ 'ਚ ਚੱਲ ਰਹੀ ਹੈ, ਉਸ ਦੀ ਨੀਅਤ ਪਛਾਨਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸੂਬੇ 'ਚ 5 ਸਾਲ ਕਾਂਗਰਸ ਦੀ ਸਰਕਾਰ ਚੱਲੀ ਤਾਂ ਇਨ੍ਹਾਂ 5 ਸਾਲਾਂ ਦੌਰਾਨ ਵਿਕਾਸ ਵੀ ਹੋਇਆ।
ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਇਹ ਸਾਡਾ ਦਾਅਵਾ ਹੈ ਕਿ ਪੂਰੇ ਦੇਸ਼ 'ਚ ਅਜਿਹੀ ਕੋਈ ਸਰਕਾਰ ਨਹੀਂ ਹੈ, ਜਿਸ ਨੇ 111 ਦਿਨਾਂ 'ਚ ਇੰਨੇ ਜ਼ਿਆਦਾ ਕੰਮ ਕੀਤੇ ਹੋਣ। ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਨੇ 6 ਹਜ਼ਾਰ, 400 ਕਰੋੜ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ, 1500 ਕਰੋੜ ਬਿਜਲੀ ਦੇ ਬਿੱਲ ਮੁਆਫ਼ ਕੀਤੇ, ਕਿਸਾਨਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ, ਬਿਜਲੀ ਦੇ ਰੇਟ 3 ਰੁਪਏ ਪ੍ਰਤੀ ਯੂਨਿਟ ਤੱਕ ਲਿਆਂਦੇ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਪੰਜਾਬ 'ਚ ਅੱਜ ਸਭ ਤੋਂ ਵੱਡੀ ਸਮੱਸਿਆ ਮਹਿੰਗਾਈ ਤੇ ਰੁਜ਼ਗਾਰ ਹੈ। ਇਸ ਲਈ ਸੂਬੇ ਨੂੰ ਇਕ ਅਜਿਹੀ ਸਰਕਾਰ ਚਾਹੀਦੀ ਹੈ, ਜੋ ਲੋਕਾਂ ਨੂੰ ਰੁਜ਼ਗਾਰ ਦੇਵੇ।
ਦੱਸਣਯੋਗ ਹੈ ਕਿ ਕਾਂਗਰਸ ਦੀ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ 15 ਫਰਵਰੀ ਨੂੰ ਮੁੜ ਪੰਜਾਬ ਦੌਰੇ 'ਤੇ ਆ ਰਹੇ ਹਨ। ਪ੍ਰਿਅੰਕਾ ਗਾਂਧੀ ਅੰਮ੍ਰਿਤਸਰ 'ਚ ਕਾਂਗਰਸੀ ਉਮੀਦਵਾਰਾਂ ਲਈ ਰੋਡ ਸ਼ੋਅ ਕਰਨਗੇ। ਪੰਜਾਬ ਦੇ ਡਿਪਟੀ ਸੀਐਮ ਓਪੀ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ 'ਚ ਕਾਂਗਰਸ ਪਾਰਟੀ ਦੀ ਮੁਹਿੰਮ ਸਿਖਰਾਂ 'ਤੇ ਪੁੱਜ ਚੁੱਕੀ ਹੈ। ਜਿ਼ਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 20 ਫਰਵਰੀ, 2022 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 06.00 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ, 2022 ਵੀਰਵਾਰ ਨੂੰ ਹੋਵੇਗੀ।
-PTC News