ਪੰਜਾਬ ਚੋਣਾਂ: ਸ਼ਾਹ ਨੇ ਚੰਨੀ 'ਤੇ ਸਾਧਿਆ ਨਿਸ਼ਾਨਾ; ਕਹੀਆਂ ਵੱਡੀਆਂ ਗੱਲਾਂ
ਲੁਧਿਆਣਾ: ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਦੀ ਸੁਰੱਖਿਆ ਉਲੰਘਣਾ ਦਾ ਮੁੱਦਾ ਉਠਾਉਂਦੇ ਹੋਏ ਕੇਂਦਰੀ ਗ੍ਰਹਿ ਮਾਮਲਿਆਂ ਦੇ ਮੰਤਰੀ ਅਮਿਤ ਸ਼ਾਹ ਨੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪੰਜਾਬ ਦੀ ਅਗਵਾਈ ਕਰਨ ਦੀ ਯੋਗਤਾ 'ਤੇ ਸਵਾਲ ਚੁੱਕੇ ਹਨ।
ਇਹ ਵੀ ਪੜ੍ਹੋ: ਕੇਜਰੀਵਾਲ ਦਾ ਚੰਨੀ 'ਤੇ ਤੰਜ, ਵਿਧਾਇਕ ਨਾ ਬਣੇ ਤਾਂ CM ਕਿਵੇਂ ਬਣਨਗੇ
ਲੁਧਿਆਣਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਸਵਾਲ ਕੀਤਾ ਕਿ ਕੀ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਸੁਰੱਖਿਅਤ ਰਸਤਾ ਨਾ ਦੇਣ ਵਾਲਾ ਮੁੱਖ ਮੰਤਰੀ, ਪੰਜਾਬ ਨੂੰ ਸੁਰੱਖਿਆ ਪ੍ਰਦਾਨ ਕਰ ਸਕਦਾ ਹੈ। ਇਹ ਸਵਾਲ ਸ਼ਾਹ ਨੇ ਲੁਧਿਆਣਾ ਦੇ ਦਰੇਸੀ ਮੈਦਾਨ 'ਚ ਰੈਲੀ ਨੂੰ ਸੰਬੋਧਨ ਕਰਦਿਆਂ ਕਹੇ "ਚੰਨੀ ਸਾਹਿਬ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਾਉਣ ਦਾ ਸੁਪਨਾ ਦੇਖ ਰਹੇ ਹਨ। ਉਹ ਅਜਿਹੇ ਮੁੱਖ ਮੰਤਰੀ ਹਨ ਜੋ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਸੁਰੱਖਿਅਤ ਰਸਤਾ ਨਹੀਂ ਦੇ ਸਕੇ। ਕੀ ਉਹ ਪੰਜਾਬ ਨੂੰ ਸੁਰੱਖਿਆ ਪ੍ਰਦਾਨ ਕਰ ਸਕਦੇ ਹਨ?"
ਸ਼ਾਹ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਸੂਬੇ ਵਿੱਚ ਭਾਜਪਾ ਗਠਜੋੜ ਦੀ ਸਰਕਾਰ ਬਣੀ ਤਾਂ ਨਸ਼ਿਆਂ ਦੇ ਮੁੱਦੇ ਨਾਲ ਮਜ਼ਬੂਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਨ 'ਤੇ ਅਸੀਂ ਸੂਬੇ ਦੇ ਚਾਰ ਸ਼ਹਿਰਾਂ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਸ਼ਾਖਾ ਦਫ਼ਤਰ ਸਥਾਪਿਤ ਕਰਾਂਗੇ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਅਸੀਂ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਟਾਸਕ ਫੋਰਸ ਦਾ ਗਠਨ ਕਰਾਂਗੇ। ਇਸ ਤੋਂ ਪਹਿਲਾਂ ਜਨਵਰੀ ਵਿੱਚ ਪ੍ਰਧਾਨ ਮੰਤਰੀ ਦਾ ਕਾਫਲਾ ਪੰਜਾਬ ਦੇ ਹੁਸੈਨੀਵਾਲਾ ਵਿੱਚ ਰਾਸ਼ਟਰੀ ਸ਼ਹੀਦ ਸਮਾਰਕ ਤੋਂ ਲਗਭਗ 30 ਕਿਲੋਮੀਟਰ ਦੂਰ ਕੁਝ ਪ੍ਰਦਰਸ਼ਨਕਾਰੀਆਂ ਦੁਆਰਾ ਸੜਕ ਜਾਮ ਕਰਨ ਕਾਰਨ ਇੱਕ ਫਲਾਈਓਵਰ 'ਤੇ 15-20 ਮਿੰਟ ਲਈ ਫਸਿਆ ਰਿਹਾ ਸੀ।
ਇਹ ਵੀ ਪੜ੍ਹੋ: ਪ੍ਰਿਅੰਕਾ ਦਾ ਦਾਅਵਾ ਕੈਪਟਨ ਸਰਕਾਰ ਦਾ ਰਿਮੋਟ ਕੰਟਰੋਲ ਭਾਜਪਾ ਦੇ ਹੱਥੀਂ ਸੀ
ਲੁਧਿਆਣਾ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਪਟਿਆਲਾ ਦੇ ਹਵਾਈ ਸਫ਼ਰ 'ਤੇ ਰਵਾਨਾ ਹੋ ਗਏ ਜਿੱਥੇ ਉਹ ਆਪਣੇ ਸਹਿਯੋਗੀ ਅਤੇ ਪੰਜਾਬ ਲੋਕ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਸਮਰਥਨ ਕਰਨ ਲਈ ਪਹੁੰਚੇ ਸਨ। ਪਟਿਆਲਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ “ਮੈਂ ਪੰਜਾਬ ਦੇ ਲੋਕਾਂ ਨੂੰ ਪੀਐਮ ਮੋਦੀ ਅਤੇ ਭਾਜਪਾ ਸਰਕਾਰ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਾ ਹਾਂ। ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਾਂਗੇ। ਸਾਡਾ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। ਮੈਂ ਚਾਹੁੰਦਾ ਹਾਂ ਕਿ ਤੁਸੀਂ ਅਜਿਹੀ ਸਰਕਾਰ ਚੁਣੋ ਜੋ ਪੰਜਾਬ ਦੇ ਵਿਕਾਸ ਲਈ ਕੇਂਦਰ ਨਾਲ ਮਿਲ ਕੇ ਕੰਮ ਕਰੇਗੀ।"
ਉਨ੍ਹਾਂ ਇਹ ਵੀ ਕਿਹਾ ਕਿ ਪੀਐਮ ਮੋਦੀ ਨੇ ਹਮੇਸ਼ਾ ਸਿੱਖਾਂ ਦੇ ਵਿਕਾਸ ਲਈ ਕੰਮ ਕੀਤਾ ਹੈ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਐਫਸੀਆਰਏ ਦੀ ਇਜਾਜ਼ਤ ਦਿੱਤੀ ਅਤੇ ਲੰਗਰ ਤੋਂ ਟੈਕਸ ਹਟਾ ਦਿੱਤਾ। ਇਸ ਦੌਰਾਨ ਉਨ੍ਹਾਂ ਅਫ਼ਗ਼ਾਨਿਸਤਾਨ 'ਚ ਹੋਏ ਤਖਤਾ ਪਲਟ ਦਾ ਵੀ ਜ਼ਿਕਰਨ ਕਰਦਿਆਂ ਕਿਹਾ ਕਿ ਮੋਦੀ ਕਰਕੇ ਹਜ਼ਾਰਾਂ ਸਾਲਾਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਫ਼ਗ਼ਾਨਿਸਤਾਨ ਤੋਂ ਅੰਮ੍ਰਿਤਸਰ ਲਿਆਂਦਾ ਗਿਆ।
ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਸੂਬੇ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 77 ਸੀਟਾਂ ਜਿੱਤ ਕੇ ਪੂਰਨ ਬਹੁਮਤ ਹਾਸਲ ਕੀਤਾ ਸੀ।
-PTC News