ਪੰਜਾਬ ਸਰਕਾਰ ਨੇ ਪਟਿਆਲਾ ਦੇ ਆਈਜੀ ਅਤੇ ਐਸਐਸਪੀ ਦਾ ਕੀਤਾ ਤਬਾਦਲਾ
ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਨੇ ਪਟਿਆਲਾ ਹਿੰਸਾ ਮਗਰੋਂ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.), ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅਤੇ ਐਸ.ਪੀ. ਦਾ ਫੌਰੀ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ, ਦੀਪਕ ਪਾਰਿਕ ਨੂੰ ਐਸ.ਐਸ.ਪੀ. ਅਤੇ ਵਜ਼ੀਰ ਸਿੰਘ ਨੂੰ ਐਸ.ਪੀ. ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਚ ਝੜਪ ਹੋਣ ਦੀ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਦੱਸਿਆ ਹੈ। ਪੰਜਾਬ ਸਰਕਾਰ ਦੇ ਸੂਤਰਾਂ ਅਨੁਸਾਰ ਸੀਐਮ ਭਗਵੰਤ ਮਾਨ ਪਟਿਆਲਾ ਹਿੰਸਾ ਮਾਮਲੇ ਨੂੰ ਲੈ ਕੇ ਪੁਲਿਸ ਦੀ ਕਾਰਵਾਈ ਤੋਂ ਕਾਫੀ ਨਾਰਾਜ਼ ਹਨ। ਪੂਰੇ ਮਾਮਲੇ 'ਚ ਹਿੰਸਾ ਦੀ ਸੰਭਾਵਨਾ ਦੇ ਬਾਵਜੂਦ ਸਥਿਤੀ ਨੂੰ ਹਲਕੇ 'ਚ ਲੈਣ 'ਤੇ ਮੁੱਖ ਮੰਤਰੀ 'ਚ ਨਰਾਜ਼ਗੀ ਹੈ। ਡੀਜੀਪੀ ਸਮੇਤ ਪਟਿਆਲਾ ਦੇ ਸੀਨੀਅਰ ਅਧਿਕਾਰੀਆਂ ਦੇ ਦੇਰੀ ਨਾਲ ਜਵਾਬ ਦੇਣ 'ਤੇ ਵੀ ਮੁੱਖ ਮੰਤਰੀ ਨਾਰਾਜ਼ ਹਨ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ਉਤੇ ਕਾਇਮ ਰੱਖਣ ਦੇ ਨਾਲ-ਨਾਲ ਪਿਆਰ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਪੁਰਾਣੀਆਂ ਰਵਾਇਤਾਂ ਬਰਕਰਾਰ ਰੱਖਣ ਦੀ ਅਪੀਲ ਕੀਤੀ। -PTC News