ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ
ਚੰਡੀਗੜ੍ਹ, 19 ਸਤੰਬਰ: ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਪੰਜਾਬ ਪੁਲਿਸ ਨੇ ਪਿਛਲੇ ਸਮੇਂ ਦੌਰਾਨ ਰਾਜ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ 294 ਪਹਿਲੀ ਸੂਚਨਾ ਰਿਪੋਰਟਾਂ (ਐਫਆਈਆਰਜ਼) ਦਰਜ ਕਰਕੇ ਇੱਕ ਹਫ਼ਤੇ 'ਚ 392 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੈੱਡਕੁਆਰਟਰ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ 5.56 ਕਿਲੋ ਹੈਰੋਇਨ, 21.52 ਕਿਲੋ ਅਫੀਮ, 5 ਕਿਲੋ ਗਾਂਜਾ, 6.26 ਕੁਇੰਟਲ ਭੁੱਕੀ ਅਤੇ 93,261 ਗੋਲੀਆਂ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 8.92 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਸਭ ਰਾਜ ਭਰ ਦੇ ਨਾਜ਼ੁਕ ਰੂਟਾਂ 'ਤੇ ਨਾਕਿਆਂ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਖੇਤਰਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਨੂੰ ਅੰਜਾਮ ਦੇਣ ਤੋਂ ਬਾਅਦ ਕੀਤਾ ਗਿਆ ਸੀ। 5 ਜੁਲਾਈ 2022 ਨੂੰ ਘੋਸ਼ਿਤ ਅਪਰਾਧੀ/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ ਜਿਸ ਤਹਿਤ ਇਸ ਹਫਤੇ 25 ਹੋਰ ਭਗੌੜੇ ਐਨਡੀਪੀਐਸ ਕੇਸਾਂ ਵਿੱਚ ਗ੍ਰਿਫਤਾਰ ਕੀਤੇ ਜਾਣ ਨਾਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 305 ਤੱਕ ਪਹੁੰਚ ਗਈ ਹੈ। ਇਹ ਵੀ ਪੜ੍ਹੋ: ਆਪ੍ਰੇਸ਼ਨ ਲੋਟਸ ਨੂੰ ਲੈ ਕੇ CM ਭਗਵੰਤ ਮਾਨ ਦਾ ਬਿਆਨ, ਕਿਹਾ- ਵਿਸ਼ਵਾਸ ਮਤਾ ਕੀਤਾ ਜਾਵੇਗਾ ਪੇਸ਼ ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ 'ਤੇ ਡਰੱਗ ਰਿਕਵਰੀ ਨਾਲ ਸਬੰਧਤ, ਪਿਛੇ ਅਤੇ ਅਗਾਂਹਵਧੂ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ। ਫਿਰ ਭਾਵੇਂ ਨਸ਼ੀਲੇ ਪਦਾਰਥ ਮਾਮੂਲੀ ਮਾਤਰਾ ਵਿੱਚ ਹੀ ਬਰਾਮਦ ਕਿਉਂ ਨਾ ਹੋਏ ਹੋਣ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਉਨ੍ਹਾਂ ਸਾਰੇ ਹੌਟਸਪੌਟਸ ਦੀ ਸ਼ਨਾਖਤ ਕਰਨ ਜਿੱਥੇ ਨਸ਼ੇ ਦਾ ਪ੍ਰਚਲਨ ਹੁੰਦਾ ਹੈ ਅਤੇ ਉਨ੍ਹਾਂ ਦੇ ਅਧਿਕਾਰ ਖੇਤਰਾਂ ਵਿੱਚ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਪਛਾਣ ਕੀਤੀ ਜਾਵੇ। ਉਨ੍ਹਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ। -PTC News