ਪੰਜਾਬ ਪੁਲਿਸ ਨੇ ਦਿੱਲੀ ਭਾਜਪਾ ਦੇ ਬੁਲਾਰੇ ਨਵੀਨ ਕੁਮਾਰ ਜਿੰਦਲ 'ਤੇ ਕੀਤਾ ਮਾਮਲਾ ਦਰਜ
ਮੋਹਾਲੀ : ਪੰਜਾਬ ਪੁਲਿਸ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਦਿੱਲੀ ਇਕਾਈ ਦੇ ਬੁਲਾਰੇ ਨਵੀਨ ਕੁਮਾਰ ਜਿੰਦਲ ਉਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਕ ਵੀਡੀਓ ਸਾਂਝੀ ਕਰਨ ਲਈ ਮਾਮਲਾ ਦਰਜ ਕੀਤਾ ਹੈ, ਜਿਸ ਵਿੱਚ ਉਹ ਇਹ ਕਹਿੰਦੇ ਹੋਏ ਸੁਣਿਆ ਜਾ ਰਿਹਾ ਹੈ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਮੰਤਰੀਆਂ ਅਤੇ ਵਿਧਾਨ ਸਭਾ ਮੈਂਬਰ ਵੀ ਭ੍ਰਿਸ਼ਟਾਚਾਰ ਦਾ ਪੈਸਾ ਲੈਂਦਾ ਹਨ। ਦਿੱਲੀ ਭਾਜਪਾ ਦੇ ਬੁਲਾਰੇ ਨਵੀਨ ਜਿੰਦਲ ਖਿਲਾਫ ਆਈਟੀ ਐਕਟ ਸਮੇਤ ਕਈ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਨਵੀਨ ਜਿੰਦਲ ਉਪਰ ਟਵਿੱਟਰ 'ਤੇ ਇੱਕ ਐਡਿਟ ਵੀਡੀਓ ਸਾਂਝੀ ਕਰਨ ਦਾ ਦੋਸ਼ ਹੈ ਜੋ ਕੇਜਰੀਵਾਲ ਦੇ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਦਾ ਹਿੱਸਾ ਹੈ। ਇਸ ਰਾਹੀਂ ਜਿੰਦਲ ਦਾਅਵਾ ਕਰ ਰਹੇ ਹਨ ਕਿ ਕੇਜਰੀਵਾਲ ਪੰਜਾਬ ਵਿੱਚ ਖੁਦ, ਮੁੱਖ ਮੰਤਰੀ ਤੇ ਮੰਤਰੀਆਂ ਤੋਂ ਰਿਸ਼ਵਤ ਲੈਣ ਦੀ ਗੱਲ ਕਬੂਲ ਕਰ ਰਹੇ ਹਨ। ਕੇਸ ਦਰਜ ਹੋਣ ਤੋਂ ਬਾਅਦ ਨਵੀਨ ਜਿੰਦਲ ਨੇ ਲਿਖਿਆ ਕਿ ਆਖਰਕਾਰ ਸੱਚਾਈ ਸਾਹਮਣੇ ਆ ਗਈ ਹੈ। ਉਧਰ, ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕੇਜਰੀਵਾਲ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੀ ਗੱਲ ਕਰ ਰਹੇ ਹਨ। ਨਵੀਨ ਜਿੰਦਲ ਨੇ ਪੰਜਾਬ ਪੁਲਿਸ ਦੀ ਦੁਰਵਰਤੋਂ ਕਰਨ ਲਈ ਕੇਜਰੀਵਾਲ ਦੀ ਨਿੰਦਾ ਕੀਤੀ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ ਕਿ ਅਰਵਿੰਦ ਕੇਜਰੀਵਾਲ ਕੋਲ ਹੁਣ ਕੋਈ ਕੰਮ ਨਹੀਂ ਬਚਿਆ। ਉਨ੍ਹਾਂ ਨੇ ਕਿਹਾ ਕਿ ਮੈਂ ਅਜਿਹੇ ਕੇਸਾਂ ਤੋਂ ਡਰਨ ਵਾਲਾ ਨਹੀਂ ਹਾਂ, ਮੈਂ ਹਰ ਰੋਜ਼ ਇਸ ਤਰ੍ਹਾਂ ਤੁਹਾਡਾ ਚਿਹਰਾ ਨੰਗਾ ਕਰਦਾ ਰਹਾਂਗਾ। ਇਸ ਦੌਰਾਨ ਭਾਜਪਾ ਦੇ ਤਜਿੰਦਰ ਪਾਲ ਸਿੰਘ ਬੱਗਾ ਨੇ ਪੰਜਾਬ ਪੁਲਿਸ ਦੀ ਆਲੋਚਨਾ ਕਰਦਿਆਂ ਕਿਹਾ ਕਿ ਜਿੰਦਲ ਉਹੀ ਵਿਅਕਤੀ ਹੈ ਜਿਸ ਨੇ ਕੇਜਰੀਵਾਲ ਦੀ 11 ਕਰੋੜ ਦੀ ਸਵਿਮਿੰਗ ਪੂਲ ਯੋਜਨਾ ਦਾ ਪਰਦਾਫਾਸ਼ ਕੀਤਾ ਸੀ। ਬੱਗਾ ਨੇ ਇੱਕ ਟਵੀਟ ਵਿੱਚ ਕਿਹਾ, "ਕੇਜਰੀਵਾਲ ਦਾ ਅਸਲੀ ਚਿਹਰਾ ਬੇਨਕਾਬ ਕਰਨ ਲਈ ਪੰਜਾਬ ਦੀ ਕੇਜਰੀਵਾਲ ਪੁਲਿਸ ਨੇ ਭਾਜਪਾ ਦਿੱਲੀ ਦੇ ਬੁਲਾਰੇ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਇਸ ਤੋਂ ਪਹਿਲਾਂ ਸ਼ਨਿੱਚਵਾਰ ਨੂੰ ਬੱਗਾ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਪੁਲਿਸ ਸਥਾਨਕ ਪੁਲਿਸ ਨੂੰ ਦੱਸੇ ਬਿਨਾਂ ਉਸ ਨੂੰ ਗ੍ਰਿਫਤਾਰ ਕਰਨ ਲਈ ਉਸ ਦੇ ਘਰ ਪਹੁੰਚ ਗਈ ਸੀ। ਇਹ ਵੀ ਪੜ੍ਹੋ : ਸਜ਼ਾ ਪੂਰੀ ਕਰ ਚੁੱਕੇ ਸਿਆਸੀ ਕਾਰਕੁੰਨਾਂ ਨੂੰ ਰਿਹਾਅ ਕਰਵਾਉਣ ਲਈ ਮਨੁੱਖੀ ਕੜੀ ਬਣਾਈ