ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਿਰੁੱਧ ਵਿਧਾਨ ਸਭਾ 'ਚ ਮਤਾ ਪਾਸ
ਚੰਡੀਗੜ੍ਹ, 30 ਜੂਨ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖਰੀ ਦਿਨ ਕਾਰਵਾਈ ਜਾਰੀ ਹੈ। ਪੰਜਾਬ ਸਰਕਾਰ ਨੇ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਅਧੀਨ ਕਰਨ ਦੇ ਵਿਰੁੱਧ ਮਤਾ ਪਾਰਿਤ ਕਰ ਦਿੱਤਾ ਹੈ। ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਨੇ ਇਸ ਸਬੰਧੀ ਮਤਾ ਪੇਸ਼ ਕੀਤਾ। ਜਿਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਸਮੁੱਚਾ ਪ੍ਰਸਤਾਵ ਪੜ੍ਹ ਕੇ ਸੁਣਾਇਆ। ਇਹ ਵੀ ਪੜ੍ਹੋ: ਸਿਮਰਨਜੀਤ ਸਿੰਘ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਘਰ 'ਚ ਇਕਾਂਤਵਾਸ ਰਹਿਣ ਦੀ ਸਲਾਹ ਪੰਜਾਬ ਵਿਧਾਨ ਸਭਾ ਦੇ ਦੋ ਭਾਜਪਾ ਮੈਂਬਰਾਂ ਨੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੇਸ਼ ਕੀਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਬੰਧੀ ਮਤੇ ਦਾ ਵਿਰੋਧ ਕੀਤਾ ਜਦਕਿ ‘ਆਪ’, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਬਾਕੀ ਸਾਰੇ ਮੈਂਬਰਾਂ ਨੇ ਇਸ ਮਤੇ ਦਾ ਸਮਰਥਨ ਕੀਤਾ। ਜਿਸਤੋਂ ਬਾਅਦ ਇਸ ਮਤੇ ਨੂੰ ਪਾਸ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਿੱਚ 2 ਵਿਧਾਇਕ ਵੀ ਸ਼ਾਮਲ ਹੋਣਗੇ। ਜਿਨ੍ਹਾਂ ਦੇ ਨਾਵਾਂ ਦਾ ਫੈਸਲਾ ਕਰਨ ਲਈ ਜਿੰਮੇਵਾਰੀ ਸਪੀਕਰ ਕੁਲਤਾਰ ਸੰਧਵਾਂ ਨੂੰ ਸੌਂਪੀ ਗਈ ਹੈ। ਇਸ ਤੋਂ ਬਾਅਦ ਕੇਂਦਰ ਸਰਕਾਰ ਦੀ ਫੌਜ 'ਚ ਭਰਤੀ ਦੀ ਅਗਨੀਪਥ ਯੋਜਨਾ ਦੇ ਖਿਲਾਫ ਸਿੱਖਿਆ ਮੰਤਰੀ ਮੀਤ ਹੇਅਰ ਨੇ ਫਿਰ ਮਤਾ ਪੇਸ਼ ਕੀਤਾ ਜਿਸਦੇ ਸਮਰਥਨ 'ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣਾ ਪੱਖ ਰਖਿਆ। ਇਸਤੇ ਹਰਜੋਤ ਬੈਂਸ ਨੇ ਇਸ ਮਤੇ ਨੂੰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਦੇ ਕਸੀਦੇ ਪੜ੍ਹੇ। ਇਸਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਗਨਿਪਥ ਸਕੀਮ 'ਤੇ ਬਹਿਸ ਦੌਰਾਨ ਕਿਹਾ ਕਿ ਇਸ 'ਤੇ ਭਾਰਤ ਦੇ ਤਿੰਨਾਂ ਫੌਜ ਮੁੱਖੀ ਪਹਿਲਾਂ ਹੀ ਆਪਣਾ ਸਪਸ਼ਟੀਕਰਣ ਦੇ ਚੁੱਕੇ ਨੇ ਤੇ ਇਸ ਮੁੱਦੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਖ਼ਬਰ ਲਿੱਖੇ ਜਾਣ ਤੱਕ ਇਸ ਮਤੇ 'ਤੇ ਬਹਿਸ ਜਾਰੀ ਰਹੀ। ਇਹ ਵੀ ਪੜ੍ਹੋ: ਕਾਬੁਲ ਵਿੱਚ ਮਾਰੇ ਗਏ ਵਿਅਕਤੀ ਦੇ ਫੁੱਲ ਲੈ ਕੇ ਭਾਰਤ ਪਰਤ ਰਿਹਾ ਅਫ਼ਗ਼ਾਨ ਸਿੱਖ ਜਥਾ ਇਸ ਤੋਂ ਇਲਾਵਾ ਅੱਜ ਵਿਧਾਨ ਸਭਾ 'ਚ ਇਕ ਵਿਧਾਇਕ-ਇਕ ਪੈਨਸ਼ਨ ਬਿੱਲ ਵੀ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਅੱਜ ਹੀ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਵੀ ਚੋਣ ਕੀਤੀ ਜਾਵੇਗੀ। -PTC News