ਪਟਿਆਲਾ, 17 ਨਵੰਬਰ: ਪੰਜਾਬ ਸਰਕਾਰ ਤੇ ਡੀ.ਜੀ.ਪੀ ਪੰਜਾਬ ਵੱਲੋਂ ਰਾਜ ਵਿਚ ਅਮਨ ਕਾਨੂੰਨ ਦੀ ਸਤਿਥੀ ਵਿਚ ਸੁਧਾਰ ਲਿਆਉਣ ਲਈ ਚਲਾਈ ਮੁਹਿੰਮ ਤਹਿਤ, ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਲਾਗੂ ਕੀਤੀ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਜਨਤੱਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਗਮਾ ਵਿਚ ਹਥਿਆਰ ਦਾ ਪ੍ਰਦਰਸ਼ਨ ਵੀ ਪੂਰਨ ਤੌਰ 'ਤੇ ਪਾਬੰਦਿਤ ਲਗਾ ਦਿੱਤੀ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਫਿਰ ਵੀ ਹਥਿਆਰਾਂ ਦਾ ਪ੍ਰਦਰਸ਼ਨ ਕਰਦਾ ਹੈ ਤਾਂ ਉਨ੍ਹਾਂ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਐਸ.ਐਸ.ਪੀ ਪਟਿਆਲਾ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਮੌਜੂਦਾ ਮਾਹੌਲ ਨੂੰ ਵਾਚਨ ਤੋਂ ਬਾਅਦ ਇਹ ਦੇਖਣ ਵਿਚ ਆਇਆ ਹੈ ਕਿ ਅੱਜਕਲ ਸੋਸ਼ਲ ਮੀਡੀਆ 'ਤੇ ਵੀਡੀਓ ਜਾਂ ਫੋਟੋ ਰਾਹੀਂ ਹਥਿਆਰਾਂ ਦੀ ਪ੍ਰਦਰਸ਼ਨੀ ਕੀਤੀ ਜਾਂਦੀ ਹੈ ਜੋ ਕਿ ਪੂਰਨ ਤੌਰ 'ਤੇ ਪਾਬੰਦਿਤ ਹੈ, ਜੇਕਰ ਕੋਈ ਵੀ ਵਿਅਕਤੀ ਸੋਸ਼ਲ ਮੀਡੀਆ 'ਤੇ ਵੀਡੀਓ ਜਾਂ ਫੋਟੋ ਰਾਹੀਂ ਹਥਿਆਰਾਂ ਦੀ ਪ੍ਰਦਰਸ਼ਨੀ ਕਰੇਗਾ ਤਾਂ ਉਸ ਵਿਅਕਤੀ ਦੇ ਖਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਭੜਕਾਊ ਭਾਸ਼ਣ ਦੇ ਕੇ ਮਾਹੌਲ ਖਰਾਬ ਕਰਨ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਤੇ ਅਜਿਹੇ ਭੜਕਾਊ ਭਾਸ਼ਣ ਦੇਣ ਵਾਲਿਆਂ ਨੂੰ ਪਟਿਆਲਾ ਪੁਲਿਸ ਵੱਲੋਂ ਸਖ਼ਤ ਹਿਦਾਇਤ ਦਿੱਤੀ ਗਈ ਹੈ ਕਿ ਅਜਿਹੀ ਕੋਈ ਵੀ ਵੀਡੀਓ ਜਾਂ ਭਾਸ਼ਣ ਪੋਸਟ ਨਾ ਕਰਨ। ਐਸ.ਐਸ.ਪੀ ਪਟਿਆਲਾ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਦੇਣ ਅਤੇ ਅਮਨ ਸ਼ਾਂਤੀ ਬਣਾਈ ਰੱਖਣ।- ਰਿਪੋਰਟਰ ਗਗਨਦੀਪ ਅਹੂਜਾ ਦੇ ਸਹਿਯੋਗ ਨਾਲ