ਬਠਿੰਡਾ (ਮਨੀਸ਼ ਗਰਗ 9 ਦਸੰਬਰ 2022): ਨਸ਼ੇ ਨੂੰ ਠੱਲ੍ਹ ਪਾਉਣ ਲਈ ਬਠਿੰਡਾ ਪੁਲਿਸ ਵੱਲੋਂ ਵੱਡੀ ਪੱਧਰ ’ਤੇ ਜਿੱਥੇ ਨਸ਼ਾ ਤਸਕਰਾਂ ਨੂੰ ਨਕੇਲ ਕੱਸਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਉੱਥੇ ਹੀ ਅਜਿਹੇ ਲੋਕਾਂ ਦੀਆਂ ਲਿਸਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਜੋ ਕਿਸੇ ਰੂਪ ਵਿੱਚ ਨਸ਼ਾ ਤਸਕਰੀ ਦੇ ਕਾਰੋਬਾਰ ਨਾਲ ਜੁੜੇ ਹੋਏ ਸਨ। ਇਸੇ ਦੇ ਮੱਦੇਨਜ਼ਰ ਬਠਿੰਡਾ ਵਿੱਚ ਡੀਐਸਪੀ ਸਿਟੀ ਵਿਸ਼ਵਜੀਤ ਸਿੰਘ ਮਾਨ ਦੀ ਅਗਵਾਈ ਵਿਚ ਥਾਣਾ ਕੈਨਾਲ ਅਤੇ ਕੋਤਵਾਲੀ ਪੁਲਿਸ ਵੱਲੋਂ ਸ਼ੱਕੀ ਨਸ਼ਾ ਤਸਕਰਾਂ ਦੇ ਘਰਾਂ ਵਿਚ ਦਿਨ ਚੜ੍ਹਦੇ ਹੀ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਡੀਐਸਪੀ ਸਿਟੀ ਵਿਸ਼ਵਜੀਤ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਵੱਲੋਂ ਨਸ਼ਿਆਂ ਦੇ ਕਾਰੋਬਾਰੀਆਂ ਦੀ ਇੱਕ ਲਿਸਟ ਬਣਾਈ ਗਈ ਹੈ ਜਿਸ ਵਿਚ 15 ਦੇ ਕਰੀਬ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ। ਪੁਲਿਸ ਵੱਲੋਂ ਲਗਾਤਾਰ ਇਨ੍ਹਾਂ ਘਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਉਹ ਲੋਕ ਵੀ ਸ਼ਾਮਲ ਹਨ ਜਿਨ੍ਹਾਂ ’ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਡੀਐਸਪੀ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਜੇਕਰ ਕਿਸੇ ਤਰ੍ਹਾਂ ਦਾ ਕੋਈ ਨਸ਼ਾ ਪਾਇਆ ਜਾਂਦਾ ਹੈ ਤਾਂ ਇਹਨਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜੋ: ਅੰਮ੍ਰਿਤਸਰ 'ਚ ਫਰਨੀਚਰ ਹਾਊਸ ਲੱਗੀ ਭਿਆਨਕ ਅੱਗ, ASI ਜ਼ਖ਼ਮੀ, ਕਈ ਵਿਅਕਤੀ ਝੁਲਸੇ