ਪੰਜਾਬ 'ਚ ਬਾਰਸ਼ ਨੇ ਤੋੜੇ ਸਾਰੇ ਰਿਕਾਰਡ, 25 ਫੀਸਦੀ ਆਲੂਆਂ ਦੀਆਂ ਫਸਲਾਂ ਦਾ ਹੋਇਆ ਵੱਡਾ ਨੁਕਸਾਨ
ਚੰਡੀਗੜ੍ਹ: ਪੰਜਾਬ 'ਚ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਜਨਜੀਵਨ ਅਸਥਿਰ ਹੋ ਗਿਆ ਹੈ। ਆਲੂਆਂ ਅਤੇ ਸਬਜ਼ੀਆਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਦਾ ਮੀਂਹ ਕਾਰਨ ਭਾਰੀ ਨੁਕਸਾਨ ਹੋਇਆ ਹੈ। ਜਿੱਥੇ ਖੇਤ ਨੀਵੇਂ ਹਨ, ਉੱਥੇ ਫ਼ਸਲ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬੀ ਹੋਈ ਹੈ। ਕਿਸਾਨ ਜੇਸੀਬੀ ਮਸ਼ੀਨਾਂ ਬੁਲਾ ਕੇ ਕਿਸੇ ਤਰ੍ਹਾਂ ਖੇਤਾਂ ਵਿੱਚੋਂ ਪਾਣੀ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ। ਮੁੱਖ ਫਸਲ ਕਣਕ, ਸਰੋਂ ਤੇ ਸਬਜ਼ੀਆਂ ਦਾ ਨੁਕਸਾਨ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ। ਖੇਤੀਬਾੜੀ ਵਿਭਾਗ ਦਾ ਮੰਨਣਾ ਹੈ ਕਿ ਮੀਂਹ ਜ਼ਿਆਦਾ ਪੈਣ ਕਰਕੇ ਆਲੂ ਸਣੇ ਹੋਰਨਾਂ ਕਈ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਬਾਰੇ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪੰਜਾਬ ਸਣੇ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਮਗਰੋਂ ਤਾਪਮਾਨ ਵਿੱਚ ਗਿਰਾਵਟ ਆਉਣ ਕਾਰਨ ਠੰਢ ਵਧ ਗਈ ਹੈ। ਮੌਸਮ ਵਿਭਾਗ ਨੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਦਾ ਕਾਰਨ ਪੱਛਮੀ ਗੜਬੜੀ ਕਾਰਨ ਅਰਬ ਸਾਗਰ ਤੇ ਬੰਗਾਲ ਦੀ ਖਾੜੀ ਤੋਂ ਆ ਰਹੀਆਂ ਨਮ ਹਵਾਵਾਂ ਨੂੰ ਦੱਸਿਆ ਹੈ। ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਮੌਸਮ ਸਾਫ਼ ਰਹੇਗਾ ਪਰ ਸੰਘਣੀ ਧੁੰਦ ਤੇ ਠੰਢੀਆਂ ਹਵਾਵਾਂ ਕਰਕੇ ਠੰਢ ਵੱਧ ਸਕਦੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਜਲੰਧਰ, ਮੋਗਾ, ਰੋਪੜ ਤੇ ਹੋਰਨਾਂ ਸ਼ਹਿਰਾਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ ਹੈ। ਮੀਂਹ ਨਾਲ ਨੀਵੀਆਂ ਥਾਵਾਂ 'ਚ ਪਾਣੀ ਭਰ ਗਿਆ। ਇਸ ਨਾਲ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਇੱਕ ਅੰਦਾਜ਼ੇ ਅਨੁਸਾਰ ਲੁਧਿਆਣਾ ਵਿੱਚ ਕਰੀਬ 25 ਫੀਸਦੀ ਆਲੂਆਂ ਦੀ ਫਸਲ ਖਰਾਬ ਹੋ ਚੁੱਕੀ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਆਲੂ ਅਤੇ ਸਬਜ਼ੀਆਂ ਦੀ ਫ਼ਸਲ ਦਾ ਕਿੰਨਾ ਨੁਕਸਾਨ ਹੋਇਆ ਹੈ। ਇਸ ਦੇ ਲਈ ਬਾਗਬਾਨੀ ਟੀਮ ਤੋਂ ਰਿਪੋਰਟ ਮੰਗੀ ਗਈ ਹੈ। ਇਸ ਦੇ ਨਾਲ ਹੀ ਇਸ ਮੀਂਹ ਨੂੰ ਕਣਕ ਦੀ ਫ਼ਸਲ ਲਈ ਲਾਹੇਵੰਦ ਦੱਸਿਆ ਜਾ ਰਿਹਾ ਹੈ। -PTC News