ਬੇਮੌਸਮੀ ਬਾਰਸ਼ ਕਰਕੇ ਕਿਸਾਨਾਂ ਦੇ ਮੱਥੇ 'ਤੇ ਆਈਆਂ ਚਿੰਤਾ ਦੀਆਂ ਲਕੀਰਾਂ, ਮੀਂਹ ਨੇ ਮਚਾਈ ਤਬਾਹੀ
ਚੰਡੀਗੜ੍ਹ: ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਬੇਮੌਸਮੀ ਬਾਰਸ਼ ਨੇ ਕਿਸਾਨਾਂ ਦੀ ਚਿੰਤਾ ਹੋਰ ਵੀ ਵਧਾ ਦਿੱਤੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚੋਂ ਬਾਰਸ਼ ਨਾਲ ਫਸਲਾਂ ਦੇ ਨੁਕਸਾਨ ਦੀਆਂ ਖਬਰਾਂ ਆ ਰਹੀਆਂ ਹਨ। ਹਾਸਲ ਰਿਪੋਰਟਾਂ ਮੁਤਾਬਕ ਇੱਕ ਪਾਸੇ ਖੇਤਰਾਂ ਵਿੱਚ ਖੜ੍ਹੀਆਂ ਫਸਲਾਂ ਵਿੱਛ ਗਈਆਂ ਹਨ ਤੇ ਦੂਜੇ ਪਾਸੇ ਮੰਡੀਆਂ ਵਿੱਚ ਪਈ ਝੋਨੇ ਦੀ ਫਸਲ ਬਾਰਸ਼ ਨਾਲ ਭਿੱਜ ਗਈ ਹੈ। ਇਸ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਹੋਰ ਰੁਲਣਾ ਪੈ ਸਕਦਾ ਹੈ। ਬੀਤੀ ਰਾਤ ਅਜਨਾਲਾ ਖੇਤਰ ਅੰਦਰ ਹੋਈ ਤੇਜ਼ ਬਾਰਿਸ਼ ਅਤੇ ਗਡ਼੍ਹੇਮਾਰੀ ਦੇ ਨਾਲ ਕਿਸਾਨਾਂ ਦੇ ਮੱਥਿਆਂ ਤੇ ਚਿੰਤਾਂ ਦੀਆਂ ਲਕੀਰਾਂ ਨਜ਼ਰ ਆ ਰਹੀਆਂ ਹਨ। ਅਜਨਾਲਾ ਖੇਤਰ ਅੰਦਰ ਵੀ ਬੀਤੀ ਰਾਤ ਹੋਈ ਤੇਜ਼ ਬਾਰਿਸ਼ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਪੱਕੀਫ਼ਸਲ ਦਾ ਭਾਰੀ ਨੁਕਸਾਨ ਹੋ ਗਿਆ ਹੈ। ਕਿਸਾਨਾਂ ਦੀ ਪੱਕੀ ਫਸਲ ਜ਼ਮੀਨ 'ਤੇ ਵਿਛ ਗਈ ਹੈ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਵੱਲੋਂ ਫ਼ਸਲ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ। ਦੱਸ ਦਈਏ ਕਿ ਪੰਜਾਬ ਵਿੱਚ ਝੋਨੇ ਦੀ ਵਾਢੀ ਦੌਰਾਨ ਮਾਝੇ ਤੇ ਦੋਆਬਾ ਸਣੇ ਦਰਜਨ ਦੇ ਕਰੀਬ ਜ਼ਿਲ੍ਹਿਆਂ ’ਚ ਪਏ ਗੜਿਆਂ ਤੇ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਕਰ ਦਿੱਤਾ ਹੈ। ਸ਼ਨੀਵਾਰ ਦੇਰ ਸ਼ਾਮ ਅਚਾਨਕ ਬਦਲੇ ਮੌਸਮ ਕਾਰਨ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਫਿਰੋਜ਼ਪੁਰ ਤੇ ਫਾਜ਼ਿਲਕਾ ਸਣੇ ਹੋਰਨਾਂ ਖੇਤਰਾਂ ਵਿੱਚ ਖੇਤਾਂ ’ਚ ਪੱਕੀ ਫ਼ਸਲ ਨੁਕਸਾਨੀ ਗਈ ਹੈ। ਅੱਜ ਸਵੇਰੇ ਵੀ ਕਈ ਥਾਈਂ ਬਾਰਸ਼ ਪਈ ਹੈ। ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਦੌਰਾਨ ਵੀ ਤੇਜ਼ ਮੀਂਹ ਤੇ ਹਨੇਰੀ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ। -PTC News