ਸਾਬਕਾ ਵਿਧਾਇਕ ਜੋਗਿੰਦਰਪਾਲ ਦੀ ਗ੍ਰਿਫ਼ਤਾਰੀ 'ਤੇ ਭੜਕੇ ਰਾਜਾ ਵੜਿੰਗ
ਚੰਡੀਗੜ੍ਹ :
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭੋਆ ਤੋਂ ਪਾਰਟੀ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਕੀਤੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਿਆਸੀ ਬਦਲਾਖੋਰੀ ਦਾ ਸਪੱਸ਼ਟ ਮਾਮਲਾ ਹੈ। ਵੜਿੰਗ ਨੇ ਕਿਹਾ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਆਗੂ ਖ਼ਿਲਾਫ਼ ਐਫਆਈਆਰ ਦਰਜ ਹੈ ਪਰ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਉਨ੍ਹਾਂ ਪੁਲਿਸ ਨੂੰ ਇਹ ਵੀ ਕਿਹਾ ਕਿ ਉਹ ਆਮ ਆਦਮੀ ਪਾਰਟੀ ਅੱਗੇ ਨਾ ਝੁਕੇ ਅਤੇ ਲੋਕਾਂ ਨੂੰ ਝੂਠਾ ਨਾ ਫਸਾਇਆ ਜਾਵੇ। ਉਨ੍ਹਾਂ ਨੇ ਪੁਲਿਸ ਨੂੰ ਕਿਹਾ ਕਿ ਕਿਰਪਾ ਕਰਕੇ ਆਪਣੀ ਡਿਊਟੀ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਕਰੋ ਅਤੇ ਯਕੀਨੀ ਬਣਾਓ ਕਿ ਕਿਸੇ ਬੇਕਸੂਰ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ ਕਿਉਂਕਿ ਤੁਸੀਂ ਵੀ ਜਵਾਬਦੇਹ ਹੋਵੋਗੇ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਸਿਆਸੀ ਬਦਲਾਖੋਰੀ ਨੂੰ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਜੋਂ ਨਹੀਂ ਛੇੜ ਸਕਦੇ। ਜੇਕਰ ਅਜਿਹਾ ਹੁੰਦਾ ਤਾਂ ਪੁਲਿਸ ਨੂੰ ਉਸ 'ਆਪ' ਆਗੂ ਨੂੰ ਵੀ ਗ੍ਰਿਫ਼ਤਾਰ ਕਰ ਲੈਣਾ ਚਾਹੀਦਾ ਸੀ, ਜਿਸ ਦੇ ਖ਼ਿਲਾਫ਼ ਇੱਕ ਮਹੀਨਾ ਪਹਿਲਾਂ ਐੱਫ਼ਆਈਆਰ ਦਰਜ ਕੀਤੀ ਗਈ ਸੀ। ਵੜਿੰਗ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਆਪਣੀਆਂ ਨਾਕਾਮੀਆਂ ਤੋਂ ਨਿਰਾਸ਼ ਹੈ ਤੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਕਰਾਰੀ ਹਾਰ ਦੇਖ ਰਹੀ ਹੈ।
ਆਪਣੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕਾਂਗਰਸੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ, ਇਨ੍ਹਾਂ ਵਿੱਚੋਂ ਕੋਈ ਵੀ ਕੇਸ ਅਦਾਲਤਾਂ ਵਿੱਚ ਕਾਨੂੰਨੀ ਪੜਤਾਲ ਲਈ ਖੜ੍ਹਾ ਨਹੀਂ ਹੋਵੇਗਾ। ਉਨ੍ਹਾਂ ਨੇ ਆਮ ਆਦਮੀ ਪਾਰਟੀ ਉਤੇ ਵਰ੍ਹਦੇ ਹੋਏ ਕਿਹਾ ਕਿ ਪੁਲਿਸ ਦੀ ਦੁਰਵਰਤੋਂ ਕਰਕੇ ਸਾਨੂੰ ਕੁਝ ਸਮੇਂ ਲਈ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਸਕਦੇ ਹੋ ਪਰ ਆਖਰੀ ਇਨਸਾਫ਼ ਅਦਾਲਤਾਂ ਵੱਲੋਂ ਦਿੱਤਾ ਜਾਂਦਾ ਹੈ ਅਤੇ ਸਾਨੂੰ ਆਪਣੀ ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ