ਰਾਣਾ ਜੰਗ ਬਹਾਦਰ ਨੂੰ ਗ੍ਰਿਫ਼ਤਾਰ ਨਾ ਕਰਨ 'ਤੇ ਸੰਘਰਸ਼ ਵਿੱਢਣ ਦੀ ਦਿੱਤੀ ਚਿਤਾਵਨੀ
ਜਲੰਧਰ : ਬੀਤੇ ਦਿਨੀਂ ਫਿਲਮ ਸਟਾਰ ਰਾਣਾ ਜੰਗ ਬਹਾਦਰ ਵੱਲੋਂ ਭਗਵਾਨ ਵਾਲਮੀਕਿ ਜੀ ਬਾਰੇ ਗਲਤ ਟਿੱਪਣੀ ਕੀਤੀ ਗਈ ਸੀ। ਜਿਸ ਤੋਂ ਬਾਅਦ ਪੂਰੇ ਵਾਲਮੀਕਿ ਸਮਾਜ 'ਚ ਵਿੱਚ ਰਾਣਾ ਜੰਗ ਬਹਾਦਰ ਲਈ ਭਾਰੀ ਰੋਸ ਪਾਇਆ ਜਾ ਰਿਹਾ ਹੈ।। ਵਾਲਮੀਕਿ ਭਾਈਚਾਰੇ ਵੱਲੋਂ ਦੀ ਮੰਗ ਅਨੁਸਾਰ ਰਾਣਾ ਜੰਗ ਬਹਾਦਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਅੱਜ ਜਲੰਧਰ ਨਗਰ ਨਿਗਮ ਵਿੱਚ ਵਾਲਮੀਕਿ ਸਮਾਜ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਪੰਜਾਬ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਚੰਦਨ ਗਰੇਵਾਲ ਨੇ ਕਿਹਾ ਕਿ ਅਸੀਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਦੇ ਡੀਜੀਪੀ ਨੂੰ ਵੀ ਬੇਨਤੀ ਕਰਦੇ ਹਾਂ ਕਿ ਜੇਕਰ ਸਿੱਧੂ ਮੂਸੇਵਾਲਾ ਦੇ ਐਸਵਾਈਐਲ ਗੀਤ ਨੂੰ ਦੋ ਦਿਨਾਂ ਵਿੱਚ ਡਿਲੀਟ ਕੀਤਾ ਜਾ ਸਕਦਾ ਹੈ ਫਿਰ ਰਾਣਾ ਜੰਗ ਬਹਾਦਰ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਜਾ ਰਿਹਾ? ਜੇਕਰ ਭਲਕੇ ਬੁੱਧਵਾਰ ਤੱਕ ਇਸ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਸੁਸਾਇਟੀ ਦੇ ਸਮੂਹ ਮੈਂਬਰ ਇਕੱਠੇ ਹੋ ਕੇ ਵੱਡੇ ਪੱਧਰ 'ਤੇ ਧਰਨਾ ਦੇਣਗੇ। ਉਨ੍ਹਾਂ ਨੇ ਚਿਤਾਵਨੀ ਦਿੱਤੀ ਜੇ ਜਲਦ ਉਸ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਐਕਟਰ ਰਾਣਾ ਜੰਗ ਬਹਾਦਰ ਵੱਲੋਂ ਭਗਵਾਨ ਵਾਲਮੀਕਿ ਜੀ 'ਤੇ ਗਲਤ ਟਿੱਪਣੀ ਕਰਨ ਉਪਰੰਤ ਜਿਥੇ ਵਾਲਮੀਕਿ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਸੀ ਉਥੇ ਹੀ ਪੁਲਿਸ ਕਮਿਸ਼ਨਰ ਨੂੰ ਇਕ ਮੰਗ ਪੱਤਰ ਦੇ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ਸੀ ਪਰ ਕਾਫੀ ਸਮਾ ਬੀਤਣ ਤੋਂ ਬਾਅਦ ਵੀ ਉਸਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਨਾਲ ਨਾਲ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਭਗਵਾਨ ਵਾਲਮੀਕਿ ਅੰਬੇਡਕਰ ਕੌਰ ਕਮੇਟੀ ਪੰਜਾਬ ਦੀ ਸਰਪ੍ਰਸਤੀ ਹੇਠ 15 ਦੇ ਕਰੀਬ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਵੀ ਪੜ੍ਹੋ : ਅਤੁੱਲਿਆ ਹੈਲਥਕੇਅਰ ਦੇ ਡਾਇਰੈਕਟਰ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ