ਪੰਜਾਬ ਦੇ ਲਟਕਦੇ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਕੇਂਦਰ ਨਾਲ ਮੱਥਾ ਲਾਉਣ ਲਈ ਤਿਆਰ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਜੰਤਰ ਮੰਤਰ(ਦਿੱਲੀ)'ਤੇ ਧਰਨਾ ਦੇ ਕੇ ਆਪਣੀਆਂ ਉਮਰ ਕੈਦਾਂ ਦੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜੋ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਹਨ ਤੇ ਨਾਲ ਹੀ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਵੀ ਮੰਗ ਕੀਤੀ ਕਿ ਉਹ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਫਾਈਲ ’ਤੇ ਹਸਤਾਖ਼ਰ ਕਰਨ ਜੋ 8 ਮਹੀਨਿਆਂ ਤੋਂ ਉਹਨਾਂ ਦੇ ਦਫਤਰ ਵਿਚ ਪਈ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧਰਨਾ ਦੀ ਅਗਵਾਈ ਕੀਤੀ ਜਿਸ ਦੌਰਾਨ ਰਿਹਾਈ ਗੀਤ ਜਿਸ ’ਤੇ ਯੂ ਟਿਊਬ ’ਤੇ ਪਾਬੰਦੀ ਲਗਾਈ ਗਈ ਹੈ, ਚਲਾਇਆ ਗਿਆ ਤੇ ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਸਿੱਖ ਲਈ ਨਿਆਂ ਤੇ ਪੰਜਾਬ ਦੇ ਸਾਰੇ ਲਟਕਦੇ ਮਸਲਿਆਂ ਦੇ ਹੱਲ ਲਈ ਕੇਂਦਰ ਸਰਕਾਰ ਨਾਲ ਮੱਥਾ ਲਾਉਣ ਵਾਸਤੇ ਤਿਆਰ ਹੈ। ਇਹ ਧਰਨਾ, ਜਿਸ ਵਿਚ ਅਕਾਲੀ ਦਲ ਦੀ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ ਨੂੰ ਅਕਾਲੀ ਦਲ ਦਿੱਲੀ ਅਤੇ ਜਾਗੋ ਪਾਰਟੀ ਤੋਂ ਵੀ ਭਰਵਾਂ ਹੁੰਗਾਰਾ ਮਿਲਿਆ ਜਿਹਨਾਂ ਦੇ ਪ੍ਰਧਾਨ ਕ੍ਰਮਵਾਰ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ ਕੇ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਇਕਜੁੱਟਤਾ ਪ੍ਰਗਟ ਕੀਤੀ।
SGPC-21.jpg" />
ਇਸ ਮੌਕੇ ਇਕ ਭਾਵੁਕ ਭਾਸ਼ਣ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਦੇ ਨਾਲ ਰਲ ਕੇ ਅਕਾਲੀ ਦਲ ਇਥੇ ਤਾਂ ਇਕੱਠਾ ਹੋਇਆ ਹੈ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਹੋ ਰਹੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬੰਦ ਹੋ ਸਕੇ ਕਿਉਂਕਿ ਬੰਦੀ ਸਿੰਘਾਂ ਨੇ ਆਪਣੀਆਂ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਪਰ ਇਸਦੇ ਬਾਵਜੂਦ ਉਹ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਹਨ। ਉਹਨਾਂ ਕਿਹਾ ਕਿ ਅਸੀਂ ਉਮਰ ਕੈਦ ਵਿਚ ਕਟੌਤੀ ਦੀ ਮੰਗ ਨਹੀਂ ਕਰ ਰਹੇ ਪਰ ਕੇਂਦਰ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਤੇ 8 ਹੋਰ ਬੰਦੀ ਸਿੰਘਾਂ ਰਿਹਾਈ ਦੀ ਰਿਹਾਈ ਦਾ ਐਲਾਨ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਕੀਤਾ ਗਿਆ ਸੀ, ਦੀ ਰਿਹਾਈ ਦਾ ਵਾਅਦਾ ਪੂਰਾ ਕਰੇ।
ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਇਹ ਬੰਦੀ ਸਿੰਘ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਤੇ ਫਿਰ 1984 ਵਿਚ ਸਿੱਖਾਂ ਦੀ ਨਸਲਕੁਸ਼ੀ ਕਾਰਨ ਭਾਵਨਾਵਾਂ ਵਿਚ ਵਹਿ ਗਏ ਸਨ। ਇਹਨਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕੀਤੀਆਂ ਹਨ। ਇਸ ਮੌਕੇ ਚੁਣੌਤੀ ਭਰੇ ਲਹਿਜੇ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕੰਵਰ ਗਰੇਵਾਲ ਦੇ ਗੀਤ ਰਿਹਾਈ ਦੀਆਂ ਸਤਰਾਂ ਵੀ ਬੋਲੀਆਂ ਕਿ ਤੁਸੀਂ ਸਾਡੀ ਕੌਮ ਦੇ ਖਿਲਾਫ ਚਲ ਰਹੇ ਹੋ, ਜੀ ਪੇਰਾਂ ਹੇਠ ਲੈ ਕੇ ਇਨਸਾਫ ਚਲ ਹੇ ਹੋ। ਇਹ ਗੀਤ ਚਲਾਇਆ ਵੀ ਗਿਆ।
ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੰਵਰ ਗਰੇਵਾਲ ਨੇ ਸਿਰਫ ਸਿੱਖ ਕੌਮ ਦੀਆਂ ਭਾਵਨਾਵਾਂ ਪ੍ਰਗਟ ਕੀਤੀਆਂ ਹਨ। ਉਹਨਾਂ ਕਿਹਾ ਕਿ ਅਸੀਂ ਕਦੇ ਵੀ ਰਾਜ ਨਹੀਂ ਚਾਹਿਆ ਤੇ ਗੁਰੂ ਸਾਹਿਬਾਨ ਦੇ ਸਮੇਂ ਤੋਂ ਹਮੇਸ਼ਾ ਤਾਨਾਸ਼ਾਹੀ ਤੇ ਜ਼ਬਰ ਜ਼ੁਲਮ ਦੇ ਖਿਲਾਫ ਸ਼ਹਾਦਤਾਂ ਦਿੱਤੀਆਂ ਹਨ ਤੇ ਪੰਜਾਬੀਆਂ ਤੇ ਵੰਡ ਤੋਂ ਵੀ ਬਾਅਦ ਵੀ ਦੇਸ਼ ਵਾਸਤੇ ਸ਼ਹਾਦਤਾਂ ਦਿੱਤੀਆਂ ਹਨ। ਉਹਨਾਂ ਨੇ ਅਕਾਲੀ ਦਲ ਦੀ ਅਗਵਾਈ ਹੇਠ ਲੱਗੇ ਪੰਜਾਬੀ ਸੂਬੇ ਮੋਰਚੇ ਤੇ ਧਰਮ ਯੁੱਧ ਮੋਰਚੇ ਸਮੇਤ ਹੋਰ ਮੋਰਚਿਆਂ ਦੀ ਗੱਲ ਵੀ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਇਹ ਲਹਿਰਾਂ ਸੱਤਾ ਹਾਸਲ ਕਰਨ ਵਾਸਤੇ ਨਹੀਂ ਚਲਾਈਆਂ ਗਈਆਂ ਸਨ ਸਗੋਂ ਇਹ ਦੇਸ਼ ਭਰ ਵਿਚ ਪੰਜਾਬੀਆਂ ਦੀ ਆਵਾਜ਼ ਸੀ। ਉਹਨਾਂ ਕਿਹਾ ਕਿ ਅਸੀਂ ਇਹ ਕੰਮ ਕਰਦੇ ਰਹਾਂਗੇ ਤੇ ਯਕੀਨੀ ਬਣਾਵਾਂਗੇ ਕਿ ਬੰਦੀ ਸਿੰਘਾਂ ਦੀ ਰਿਹਾਈ ਹੋਵੇ।
ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਇਸਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮਾਂ ’ਤੇ ਹਸਤਾਖ਼ਰ ਨਾ ਕਰਨ ਦੀ ਵੀ ਨਿਖੇਧੀ ਕੀਤੀ ਤੇ ਦੱਸਿਆ ਕਿ ਸਾਰੀਆਂ ਸ਼ਰਤਾਂ ਪੂਰੀਆਂ ਹੋਣ ਤੋਂ ਬਾਅਦ ਇਹ ਫਾਈਲ 8 ਮਹੀਨਿਆਂ ਤੋਂ ਕੇਜਰੀਵਾਲ ਦੇ ਦਫਤਰ ਵਿਚ ਪਈ ਹੈ।
ਉਹਨਾਂ ਨੇ ਪੰਜਾਬੀਆਂ ਨੂੰ ਇਕ ਝੰਡੇ ਥੱਲੇ ਇਕਜੁੱਟ ਹੋਣ ਦਾ ਸੱਦਾ ਦਿੱਤਾ ਤੇ ਨਾਲ ਹੀ ਸਰਦਾਰ ਪਰਮਜੀਤ ਸਿੰਘ ਸਰਨਾ ਤੇ ਸਰਦਾਰ ਮਨਜੀਤ ਸਿੰਘ ਜੀ ਕੇ ਦੀ ਪਹਿਲਕਦਮੀ ਦਾ ਸਵਾਗਤ ਕੀਤਾ ਤੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਸਤੇ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਹਨਾਂ ਨੇ ਸੰਗਰੂਰ ਦੇ ਐਮ ਪੀ ਸਿਮਰਨਜੀਤ ਸਿੰਘ ਮਾਨ ਵੱਲੋਂ ਜਨਤਕ ਥਾਵਾਂ ’ਤੇ ਖਾਲਿਸਤਾਨ ਦੀ ਮੰਗ ਕਰਨ ਪਰ ਸੰਸਦ ਵਿਚ ਸਪੀਕਰ ਦੇ ਚੈਂਬਰ ਵਿਚ ਸੰਵਿਧਾਨ ਦੇ ਨਾਂ ’ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਸਹੁੰ ਚੁੱਕਣ ਦੀ ਵੀ ਨਿਖੇਧੀ ਕੀਤੀ।
ਇਹ ਵੀ ਪੜ੍ਹੋ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੰਤਰ-ਮੰਤਰ 'ਤੇ ਵੱਡਾ ਰੋਸ ਪ੍ਰਦਰਸ਼ਨ
ਅਕਾਲੀ ਦਲ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਮੰਗ ਪੱਤਰ ਸੌਂਪ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰੇਗਾ ਜੋ ਆਪਣੀਆਂ ਸ਼ਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਹਨ ਤੇ ਉਹਨਾਂ ਕੇਜਰੀਵਾਲ ਨੂੰ ਪ੍ਰੋ. ਭੁੱਲਰ ਦੀ ਰਿਹਾਈ ਦੇ ਹੁਕਮਾਂ ’ਤੇ ਹਸਤਾਖ਼ਰ ਕਰਨ ਵਾਸਤੇ ਵੀ ਆਖਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੀਬਾ ਹਰਸਿਮਰਤ ਕੌਰ ਬਾਦਲ, ਅਵਤਾਰ ਸਿੰਘ ਹਿੱਤ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਹੀਰਾ ਸਿੰਘ ਗਾਬੜੀਆ, ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ, ਮਨਜੀਤ ਸਿੰਘ ਜੀ ਕੇ, ਡਾ. ਦਲਜੀਤ ਸਿੰਘ ਚੀਮਾ, ਜਗਮੀਤ ਸਿੰਘ ਬਰਾੜ, ਪਰਮਬੰਸ ਸਿੰਘ ਰੋਮਾਣਾ, ਡਾ. ਸੁਖਵਿੰਦਰ ਸਿੰਘ ਸੁੱਖੀ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਪ੍ਰੋ. ਵਿਰਸਾ ਸਿੰਘ ਵਲਟੋਹਾ, ਸੁਰਿੰਦਰ ਸਿੰਘ ਠੇਕੇਦਾਰ, ਅਮਰਜੀਤ ਸਿੰਘ ਚਾਵਲਾ, ਗੁਰਚਰਨ ਸਿੰਘ ਰਗੇਵਾਲ, ਤਜਿੰਦਰ ਸਿੰ ਮਿੱਡੂਖੇੜਾ ਆਦਿ ਹਾਜ਼ਰ ਸਨ।
-PTC News