ਬੇਅਦਬੀ ਮਾਮਲਾ: ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਅੰਮ੍ਰਿਤਸਰ: ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੇ ਮਾਮਲਿਆਂ 'ਤੇ ਦੋਸ਼ੀਆਂ ਦੇ ਕਤਲ ਦਾ ਗੰਭੀਰ ਨੋਟਿਸ ਲਿਆ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਦੀ ਰਿਪੋਰਟ 26 ਦਸੰਬਰ ਤੱਕ ਮੰਗੀ ਹੈ। ਕਮਿਸ਼ਨ ਨੇ ਪੰਜਾਬ ਦੇ ਚੀਫ ਸੈਕਟਰ ਨੂੰ ਨੋਟਿਸ ਜਾਰੀ ਕਰਕੇ ਰਿਪੋਰਟ ਮੰਗੀ ਹੈ।
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪ੍ਰੈੱਸ ਰਿਲੀਜ਼ ਜਾਰੀ ਕਰਕੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿੱਚ ਕਥਿਤ ਬੇਅਦਬੀ ਦੇ ਮਾਮਲੇ ਤੇ ਦੋਸ਼ੀਆਂ ਦੇ ਕਥਿਤ ਕਤਲ ਗੰਭੀਰ ਮਾਮਲਾ ਹੈ। ਇਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੀ ਕਥਿਤ ਤੌਰ 'ਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ ਗੁੱਸੇ 'ਚ ਆਈ ਭੀੜ ਨੇ ਇਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਸੇ ਤਰ੍ਹਾਂ ਦੀ ਇੱਕ ਹੋਰ ਘਟਨਾ ਕਪੂਰਥਲਾ ਵਿੱਚ ਵਾਪਰੀ ਹੈ ਉਥੇ ਵੀ ਐਤਵਾਰ ਨੂੰ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਅਸਥਾਨ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਪੂਰੀ ਤਰ੍ਹਾਂ ਨਾਲ ਜਾਂਚ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
-PTC News