ਪਟਿਆਲਾ 'ਚ ਪਹਿਲੀ ਮਹਿਲਾ ਡੀਸੀ ਵਜੋਂ ਸਾਕਸ਼ੀ ਸਾਹਨੀ ਨੇ ਸੰਭਾਲਿਆ ਅਹੁਦਾ
ਪਟਿਆਲਾ : 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸਾਕਸ਼ੀ ਸਾਹਨੀ ਨੇ ਅੱਜ ਪਟਿਆਲਾ ਦੇ ਨਵੇਂ ਅਤੇ ਪਹਿਲੇ ਮਹਿਲਾ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸ੍ਰੀ ਸੰਦੀਪ ਹੰਸ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ, ਜਿਨ੍ਹਾਂ ਦੀ ਬਦਲੀ ਡੀ.ਸੀ. ਹੁਸ਼ਿਆਰਪੁਰ ਵਜੋਂ ਹੋਈ ਹੈ। ਅਹੁਦਾ ਸੰਭਾਲਣ ਮੌਕੇ ਸਾਕਸ਼ੀ ਸਾਹਨੀ ਨੇ ਕਿਹਾ ਕਿ ਲੋਕਾਂ ਦੇ ਸਰਕਾਰੀ ਦਫ਼ਤਰਾਂ 'ਚ ਬਕਾਇਆ ਕੰਮਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਕੈਂਪ ਆਧਾਰਿਤ ਮਾਡਲ ਅਪਣਾ ਕੇ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚ ਬਣਾਏਗਾ। ਸਾਕਸ਼ੀ ਸਾਹਨੀ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ, 'ਪਟਿਆਲਾ ਜ਼ਿਲ੍ਹਾ ਇੱਕ ਮਹੱਤਵਪੂਰਨ ਜ਼ਿਲ੍ਹਾ ਹੈ, ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨਾ ਤੇ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਭ੍ਰਿਸ਼ਟਾਚਾਰ ਰਹਿਤ ਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਵਿਸ਼ੇਸ਼ ਪਹਿਲਕਦਮੀ ਹੋਵੇਗੀ।' ਕਾਨੂੰਨ ਵਿਸ਼ੇ 'ਚ ਗ੍ਰੈਜੂਏਟ ਸਾਕਸ਼ੀ ਸਾਹਨੀ, ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਰੱਖਣ ਸਮੇਤ ਕੰਮ ਪ੍ਰਤੀ ਵਚਨਬੱਧਤਾ ਅਤੇ ਤੁਰੰਤ ਫੈਸਲੇ ਲੈਣ ਲਈ ਜਾਣੇ ਜਾਂਦੇ ਹਨ। ਇਸ ਤੋਂ ਪਹਿਲਾਂ ਉਹ ਵਧੀਕ ਸਕੱਤਰ ਕੋਆਰਡੀਨੇਸ਼ਨ ਤੇ ਮੁੱਖ ਸਕੱਤਰ, ਪੰਜਾਬ ਦੇ ਸਟਾਫ਼ ਅਫ਼ਸਰ ਵਜੋਂ ਚੰਡੀਗੜ੍ਹ ਵਿਖੇ ਸੇਵਾਵਾਂ ਨਿਭਾਅ ਰਹੇ ਸਨ। ਜਦਕਿ ਉਹ ਐਸ.ਏ.ਐਸ. ਨਗਰ ਵਿਖੇ ਏ.ਡੀ.ਸੀ (ਜ) ਅਤੇ ਬਠਿੰਡਾ ਵਿਚ ਏ.ਡੀ.ਸੀ (ਵਿਕਾਸ) ਵਜੋਂ ਵੀ ਆਪਣੀਆਂ ਸੇਵਾਵਾ ਦੇ ਚੁੱਕੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਮੌਕੇ ਸਾਕਸ਼ੀ ਸਾਹਨੀ ਨੇ ਪਟਿਆਲਾ ਵਰਗੇ ਅਹਿਮ ਜ਼ਿਲ੍ਹੇ 'ਚ ਸੇਵਾ ਕਰਨ ਦਾ ਮੌਕਾ ਦੇਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸਮੇਤ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਰਾਇ ਜਾਣਨ ਲਈ ਜਲਦ ਹੀ ਟਵਿੱਟਰ ਹੈਂਡਲ ਰਾਹੀਂ ਇੱਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਪੜ੍ਹਾ-ਲਿਖਾ ਕੇ ਬੁਲੰਦੀਆਂ 'ਤੇ ਪਹੁੰਚਣ ਦਾ ਮੌਕਾ ਪ੍ਰਦਾਨ ਕਰਨ ਕਿਉਂਕਿ ਧੀਆਂ ਅਸਮਾਨ ਛੂਹ ਸਕਦੀਆਂ ਹਨ। ਉਨ੍ਹਾਂ ਲੜਕੀਆਂ ਨੂੰ ਵੀ ਕਿਹਾ ਕਿ ਉਹ ਸੁਪਨੇ ਦੇਖਣ, ਜਿਨ੍ਹਾਂ ਨੂੰ ਸਾਕਾਰ ਕਰਨ ਲਈ ਉਹ ਖ਼ੁਦ ਵੀ ਹਮੇਸ਼ਾ ਲੜਕੀਆਂ ਦੀ ਮਦਦਗਾਰ ਬਣਨਗੇ।ਸਾਹਨੀ ਨੇ ਇੱਕ ਹੋਰ ਸਵਾਲ ਦੇ ਜਵਾਬ 'ਚ ਕਿਹਾ ਕਿ ਉਨ੍ਹਾਂ ਸਮੇਤ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਰਹਿਣਗੇ ਅਤੇ ਲੋਕਾਂ ਦੀ ਸੇਵਾ ਲਈ ਕੈਂਪ ਅਧਾਰਤ ਮਾਡਲ ਸ਼ੁਰੂ ਕੀਤਾ ਜਾਵੇਗਾ ਤਾਂ ਕਿ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰ ਨੇੜੇ ਸੁਖਾਲੀਆਂ ਹੀ ਪ੍ਰਦਾਨ ਹੋ ਸਕਣ ਅਤੇ ਲੋਕਾਂ ਨੂੰ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਡੀ.ਸੀ. ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਟੀਮ ਵਜੋਂ ਕੰਮ ਕਰਨਾ ਯਕੀਨੀ ਬਣਾਉਣ। ਸਾਕਸ਼ੀ ਸਾਹਨੀ ਨੇ ਇਸ ਤੋਂ ਬਾਅਦ ਸਮੂਹ ਐਸ.ਡੀ.ਐਮਜ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਕੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਸਮੂਹ ਬ੍ਰਾਂਚਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਅਹੁਦਾ ਛੱਡਕੇ ਜਾ ਰਹੇ ਸੰਦੀਪ ਹੰਸ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਅਤੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਵਾਲੇ ਸਾਕਸ਼ੀ ਸਾਹਨੀ ਦਾ ਸਵਾਗਤ ਕੀਤਾ। ਇਸ ਉਪਰੰਤ ਸਾਹਨੀ ਪਟਿਆਲਾ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਅਤੇ ਪੁਰਾਤਨ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਵੀ ਨਤਮਸਤਕ ਹੋਏ।ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲੇ ਮੌਕੇ ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ, ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. (ਐਚ) ਹਰਕਮਲ ਕੌਰ, ਐਸ.ਡੀ.ਐਮਜ ਟੀ.ਬੈਨਿਥ, ਅੰਕੁਰਜੀਤ ਸਿੰਘ, ਚਰਨਜੀਤ ਸਿੰਘ, ਡਾ. ਸੰਜੀਵ ਕੁਮਾਰ ਤੇ ਕੰਨੂ ਗਰਗ, ਸਹਾਇਕ ਕਮਿਸ਼ਨਰ (ਯੂ.ਟੀ.) ਚੰਦਰ ਜੋਤੀ ਸਿੰਘ, ਪੁਡਾ ਦੇ ਅਸਟੇਟ ਅਫ਼ਸਰ ਈਸ਼ਾ ਸਿੰਘਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮੜਕਨ ਤੇ ਜਸਲੀਨ ਕੌਰ ਭੁੱਲਰ, ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ, ਡੀ.ਡੀ.ਪੀ.ਓ ਰੂਪ ਸਿੰਘ, ਤਹਿਸੀਲਦਾਰ ਰਾਮ ਕਿਸ਼ਨ, ਸੁਪਰਡੈਂਟ ਹਮੀਰ ਸਿੰਘ ਤੇ ਹਰਜੀਤ ਸਿੰਘ ਸਮੇਤ ਡੀ.ਸੀ. ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਾਕਸ਼ੀ ਸਾਹਨੀ ਦਾ ਨਿੱਘਾ ਸਵਾਗਤ ਕੀਤਾ। ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਅੱਜ ਨਵ ਨਿਯੁਕਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਗੁਰੂ ਘਰ ਨਤਮਸਤਕ ਹੋਏ।ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਜੀ ਆਇਆਂ ਕਿਹਾ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਭੇਟ ਕੀਤਾ ਗਿਆ। ਇਸ ਦੌਰਾਨ ਤਹਿਸੀਲਦਾਰ ਪਟਿਆਲਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਭਾਈ ਅਜਮੇਰ ਸਿੰਘ, ਭਾਈ ਦਰਸ਼ਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦਾ ਸਟਾਫ਼ ਆਦਿ ਹਾਜ਼ਰ ਸਨ। ਇਹ ਵੀ ਪੜ੍ਹੋ : ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਜਾਰੀ