ਸੰਗਰੂਰ ਮੈਡੀਕਲ ਕਾਲਜ ਮਾਮਲੇ 'ਤੇ ਹਾਈ ਕੋਰਟ ਵੱਲੋਂ ਸਥਿਤੀ ਜਿਉਂ ਦੀ ਤਿਉਂ ਬਣਾਉਣ ਦੇ ਹੁਕਮ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੰਗਰੂਰ ਦੇ ਮਸਤੂਆਣਾ ਸਾਹਿਬ ਵਿੱਚ ਉਸਾਰਿਆਂ ਜਾ ਰਿਹਾ ਮੈਡੀਕਲ ਕਾਲਜ ਤੇ ਹਸਪਤਾਲ ਵਿਵਾਦਾਂ ਵਿੱਚ ਘਿਰਦਾ ਨਜ਼ਰ ਆ ਰਿਹਾ ਹੈ। ਮੈਡੀਕਲ ਕਾਲਜ ਨੂੰ ਦਿੱਤੀ ਗਈ ਜ਼ਮੀਨ ਦੇ ਵਿਵਾਦ ਦਾ ਮਾਮਲਾ ਹਾਈ ਕੋਰਟ ਵਿੱਚ ਪੁੱਜ ਗਿਆ ਹੈ। ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਸੰਗਰੂਰ ਵਿੱਚ ਮੈਡੀਕਲ ਕਾਲਜ ਤੇ ਹਸਪਤਾਲ ਦਾ ਨੀਂਹ ਪੱਥਰ ਰੱਖੇ ਜਾਣ ਮਗਰੋਂ ਜ਼ਮੀਨ ਦੀ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਦੇ ਹੁਕਮ ਦਿੱਤੇ ਹਨ। ਕਾਬਿਲੇਗੌਰ ਹੈ ਕਿ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਅਗਸਤ ਨੂੰ ਮੈਡੀਕਲ ਕਾਲਜ ਤੇ ਹਸਪਤਾਲ ਦੇ ਨੀਂਹ ਪੱਥਰ ਰੱਖੇ ਜਾਣ ਪਿਛੋਂ ਪਾਈ ਗਈ ਅਰਜ਼ੀ ਉਤੇ ਹਾਈ ਕੋਰਟ ਨੇ ਅੱਜ ਇਹ ਫ਼ੈਸਲਾ ਸੁਣਾਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਈ ਕੋਰਟ ਵਿੱਚ ਪਾਈ ਗਈ ਅਰਜ਼ੀ ਅਨੁਸਾਰ ਇਹ ਜ਼ਮੀਨ ਗੁਰਦੁਆਰਾ ਅੰਗੀਠਾ ਸਾਹਿਬ ਦੀ ਹੈ ਤੇ ਇਸ ਉਤੇ ਮਾਲਕਾਨਾ ਹੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹੈ ਅਤੇ ਉਥੇ ਦਾ ਟਰੱਸਟ ਇਸ ਨੂੰ ਅੱਗੇ ਕਿਸੇ ਨੂੰ ਨਹੀਂ ਦੇ ਸਕਦਾ। ਟਰੱਸਟ ਵੱਲੋਂ ਇਹ ਜ਼ਮੀਨ ਪੰਜਾਬ ਸਰਕਾਰ ਨੂੰ ਗਿਫ਼ਟ ਡੀਡ ਵਿੱਚ ਦਿੱਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਨੇ ਉਥੇ ਮੈਡੀਕਲ ਕਾਲਜ ਅਤੇ ਹਸਪਤਾਲ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ ਪਰ ਜੁਲਾਈ ਵਿੱਚ ਐਸਜੀਪੀਸੀ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ। ਇਸ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਨਾਲ ਹੀ ਇਹ ਵੀ ਨੋਟਿਸ ਜਾਰੀ ਕੀਤਾ ਸੀ ਕਿ ਇਸ ਉਤੇ ਰੋਕ ਕਿਉਂ ਨਾ ਲਗਾ ਦਿੱਤੀ ਜਾਵੇ ਪਰ ਇਸ ਦੇ ਬਾਵਜੂਦ ਸਰਕਾਰ ਵੱਲੋਂ 5 ਅਗਸਤ ਨੂੰ ਇਸੇ ਜ਼ਮੀਨ ਉਤੇ ਸਰਕਾਰੀ ਕਾਲਜ ਤੇ ਮੈਡੀਕਲ ਕਾਲਜ ਬਣਾਉਣ ਲਈ ਨੀਂਹ ਪੱਥਰ ਰੱਖ ਦਿੱਤਾ ਗਿਆ। ਹਾਈ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਸਤੰਬਰ ਨੂੰ ਹੋਵੇਗੀ। -PTC News ਇਹ ਵੀ ਪੜ੍ਹੋ : ਭਾਰਤ-ਪਾਕਿਸਤਾਨ ਸਰਹੱਦ ਤੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ, ਵੱਡੇ ਪੱਧਰ 'ਤੇ ਜਾਂਚ ਸ਼ੁਰੂ