SC ਨੇ ਯੂਪੀ ਸਰਕਾਰ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਜਵਾਬ ਦੇਣ ਲਈ ਦਿੱਤਾ ਦੋ ਹਫ਼ਤਿਆਂ ਦਾ ਸਮਾਂ
Lakhimpur Kheri Case: ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਜਵਾਬ ਦਾਇਰ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਸ ਤੋਂ ਪਹਿਲਾਂ 26 ਜੁਲਾਈ ਨੂੰ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਜਸਟਿਸ ਬੀਆਰ ਗਵਈ ਅਤੇ ਬੀਵੀ ਨਗਰਥਾਨਾ ਦੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਹੁਣ 7 ਨਵੰਬਰ ਨੂੰ ਹੋਵੇਗੀ। ਆਸ਼ੀਸ਼ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ 'ਚ ਹਿੰਸਾ ਦੌਰਾਨ 8 ਲੋਕਾਂ ਦੀ ਮੌਤ ਹੋ ਗਈ ਸੀ, ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਇਲਾਕੇ 'ਚ ਦੌਰੇ ਦਾ ਵਿਰੋਧ ਕਰ ਰਹੇ ਸਨ। ਉੱਤਰ ਪ੍ਰਦੇਸ਼ ਪੁਲਿਸ ਐਫਆਈਆਰ ਦੇ ਅਨੁਸਾਰ ਚਾਰ ਕਿਸਾਨਾਂ ਨੂੰ ਇੱਕ ਐਸਯੂਵੀ ਕਾਰ ਨੇ ਕੁਚਲ ਦਿੱਤਾ ਜਿਸ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸਨ। ਇਹ ਵੀ ਪੜ੍ਹੋ: Mumbai Airport Close: ਮੁੰਬਈ ਏਅਰਪੋਰਟ ਭਲਕੇ 6 ਘੰਟੇ ਲਈ ਰਹੇਗਾ ਬੰਦ ਇਸ ਘਟਨਾ ਤੋਂ ਬਾਅਦ ਗੁੱਸੇ 'ਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਕਥਿਤ ਤੌਰ 'ਤੇ ਕੁੱਟਮਾਰ ਕੀਤੀ। ਹਿੰਸਾ ਦੀ ਇਸ ਘਟਨਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਇਸ ਸਾਲ 18 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ ਉਸ ਨੂੰ ਇਕ ਹਫਤੇ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਸੀ। -PTC News