ਕਾਊਂਟਰ ਇੰਟੈਲੀਜੈਂਸ ਦੇ ਸੀਨੀਅਰ ਸਿਪਾਹੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ
ਬਠਿੰਡਾ : ਪੰਜਾਬ ਵਿੱਚ ਧਮਕੀਆਂ ਦੇਣ ਦਾ ਸਿਲਸਿਲਾ ਨਹੀਂ ਰੁਕ ਰਿਹਾ। ਬਦਮਾਸ਼ਾਂ ਵੱਲੋਂ ਅਹਿਮ ਸ਼ਖ਼ਸੀਅਤਾਂ ਨੂੰ ਜਾਨੋਂ ਮਾਰਨ ਅਤੇ ਫਿਰੌਤੀ ਮੰਗਣ ਦੇ ਧਮਕੀਆਂ ਸ਼ਰੇਆਮ ਦਿੱਤੀਆਂ ਜਾ ਰਹੀਆਂ ਹਨ। ਬਠਿੰਡਾ 'ਚ ਕਾਊਂਟਰ ਇੰਟੈਲੀਜੈਂਸ ਦੇ ਸੀਨੀਅਰ ਸਿਪਾਹੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ ਧਮਕੀ ਦੇਣ ਵਾਲੇ ਨੇ ਪਾਕਿਸਤਾਨ ਤੋਂ ਇਮਤਿਆਜ਼ ਅਲੀ ਦੱਸ਼ ਕੇ ਉਨ੍ਹਾਂ ਦੇ ਆਦਮੀਆਂ ਨੂੰ ਖ਼ਰਾਬ ਕਰਨ ਦੀ ਧਮਕੀ ਦਿੱਤੀ। ਪੁਲਿਸ ਨੇ ਜਾਂਚ ਮਗਰੋਂ ਬੰਗੀ ਨਿਹਾਲ ਸਿੰਘ ਵਾਲਾ ਦੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਥਾਣਾ ਸਿਵਲ ਲਾਈਨ 'ਚ ਮਾਮਲਾ ਦਰਜ ਕਰਕੇ ਕਥਿਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਜਾਂਚ ਵਿੱਚ ਪਾਇਆ ਕਿ ਕਥਿਤ ਮੁਲਜ਼ਮ ਪਹਿਲਾਂ ਵੀ ਲੋਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰ ਚੁੱਕਾ ਹੈ। ਪੁਲਿਸ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਜ਼ਿਲ੍ਹਾ ਕਚਹਿਰੀ ਦੇ ਇੰਚਾਰਜ ਜਗਦੇਵ ਸਿੰਘ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਵਿਭਾਗ ਵਿਚ ਤਾਇਨਾਤ ਸੀਨੀਅਰ ਸਿਪਾਹੀ ਗੁਰਜੀਤ ਸਿੰਘ ਨੇ ਸਿਵਲ ਲਾਈਨ ਥਾਣੇ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਕਿਹਾ ਕਿ 29 ਜੁਲਾਈ ਨੂੰ ਉਸ ਨੂੰ ਵਿਦੇਸ਼ ਨੰਬਰ ਤੋਂ ਕਾਲ ਆਈ। ਜਿਸ ਚ ਉਸ ਨੂੰ ਸ਼ਰ੍ਹੇਆਮ ਧਮਕੀਆਂ ਦਿੱਤੀਆਂ ਗਈਆਂ ਕਿ ਉਹ ਉਸਦੇ ਲੋਕਾਂ ਦੇ ਖਿਲਾਫ ਕਾਰਵਾਈ ਕਰ ਰਿਹਾ ਹੈ ਤਾਂ ਉਹ ਉਸ ਨੂੰ ਵੇਖ ਲੈਣਗੇ। ਇਸ ਤੋਂ ਬਾਅਦ ਉਸਨੂੰ ਵਾਟਸਐਪ ਕਾਲ ਰਾਹੀਂ ਧਮਕੀਆਂ ਦਿੱਤੀਆਂ ਗਈਆਂ। ਪੁਲਿਸ ਵੱਲੋਂ ਸਿਪਾਹੀ ਗੁਰਜੀਤ ਸਿੰਘ ਦੀ ਸ਼ਿਕਾਇਤ ਉੱਪਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਦੇ ਹੋਏ ਸੰਦੀਪ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਵਾਲਾ ਨੂੰ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਸੀਨੀਅਰ ਸਿਪਾਹੀ ਗੁਰਜੀਤ ਸਿੰਘ ਨੂੰ ਧਮਕੀਆਂ ਦੇਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਦੋਸ਼ੀ ਦੇ ਮਨਸ਼ਿਆਂ ਨੂੰ ਜਾਣਿਆ ਜਾ ਸਕੇ ਕਿ ਉਸ ਵੱਲੋਂ ਕਿਉਂ ਸੀਨੀਅਰ ਸਿਪਾਹੀ ਗੁਰਜੀਤ ਸਿੰਘ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ। ਉੱਥੇ ਹੀ ਦੂਜੇ ਪਾਸੇ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਸੰਦੀਪ ਸਿੰਘ ਦਾ ਕਹਿਣਾ ਹੈ ਕਿ ਉਸ ਵੱਲੋਂ ਸਿਰਫ ਮਜ਼ਾਕ ਕੀਤਾ ਗਿਆ ਸੀ ਪਰ ਵਿਦੇਸ਼ੀ ਨੰਬਰ ਤੋਂ ਕਾਲ ਕਰਨ ਸਬੰਧੀ ਉਸਨੇ ਕੋਈ ਵੀ ਪੁਖਤਾ ਜਾਣਕਾਰੀ ਨਹੀਂ ਦਿੱਤੀ। ਜ਼ਿਕਰਯੋਗ ਹੈ ਕਿ ਕੱਲ੍ਹ ਹੀ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਮੋਹਾਲੀ ਦੇ ਸੈਕਟਰ-71 ਸਥਿਤ ਰਿਹਾਇਸ਼ 'ਤੇ ਧਮਕੀ ਭਰਿਆ ਪੱਤਰ ਮਿਲਣ ਦਾ ਖੁਲਾਸਾ ਹੋਇਆ ਸ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਸਰਕਾਰ ਦੇ ਧਿਆਨ ਵਿੱਚ ਹੈ। ਪੁਲੀਸ ਟੀਮਾਂ ਮੰਤਰੀ ਦੇ ਘਰ ਦੇ ਆਲੇ-ਦੁਆਲੇ ਲੱਗੇ ਕੈਮਰਿਆਂ ਦੀ ਰਿਕਾਰਡਿੰਗ ਦੇਖ ਰਹੀਆਂ ਹਨ। ਕੇਂਦਰੀ ਮੰਤਰੀ ਨੇ ਇਸ ਪੱਤਰ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੂੰ ਦਿੱਤੀ ਹੈ, ਜਿਸ ’ਤੇ ਡੀਜੀਪੀ ਨੇ ਮੁਹਾਲੀ ਦੇ ਐਸਐਸਪੀ ਨੂੰ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੂਜੇ ਪਾਸੇ ਮੋਹਾਲੀ ਪੁਲੀਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀਸੀਆਰ ਪਾਰਟੀ ਨੂੰ ਇਲਾਕੇ ਵਿੱਚ ਪੱਕੇ ਤੌਰ ’ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਡੀਐਸਪੀ ਪੱਧਰ ਦੇ ਅਧਿਕਾਰੀ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ। ਮੰਤਰੀ ਸੋਮ ਪ੍ਰਕਾਸ਼ ਨੇ ਪੱਤਰ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਡੀਜੀਪੀ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਹੈ। ਪੁਲਿਸ ਇਸ ਪੱਤਰ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਨਾਲ ਹੀ ਪੱਤਰ ਵਿੱਚ ਲਿਖੀ ਭਾਸ਼ਾ ਨੂੰ ਸਮਝਣ ਲਈ ਮਾਹਿਰਾਂ ਦੀ ਮਦਦ ਲਈ ਜਾ ਰਹੀ ਹੈ। -PTC News ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੇ ਵਿਸਥਾਰ ਦੇ ਚਰਚੇ, ਨਵੇਂ ਪੰਜ ਮੰਤਰੀ ਹੋਣਗੇ ਸ਼ਾਮਲ !