ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਮਾਰਗਾਂ 'ਤੇ ਸੀਵਰੇਜ ਦਾ ਪਾਣੀ ਭਰਿਆ, ਮੁਲਾਜ਼ਮਾਂ ਵੱਲੋਂ ਧਰਨਾ
ਬਠਿੰਡਾ : ਤਲਵੰਡੀ ਸਾਬੋ ਤਖ਼ਤ ਸ੍ਰੀ ਦਮਦਮਾ ਸਾਹਿਬ ਦੀਆਂ ਮੁੱਖ ਸੜਕਾਂ ਉਤੇ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਸੰਗਤ ਤੇ ਉਥੇ ਰਹਿਣ ਵਾਲੇ ਲੋਕ ਕਾਫੀ ਪਰੇਸ਼ਾਨ ਹਨ। ਸੜਕਾਂ ਉਤੇ ਗੰਦਾ ਪਾਣੀ ਖੜ੍ਹਨ ਕਾਰਨ ਲੋਕਾਂ ਦਾ ਉਥੋਂ ਲੰਘਣਾ ਮੁਸ਼ਕਲ ਹੋਇਆ ਪਿਆ ਤੇ ਇਸ ਤੋਂ ਇਲਾਵਾ ਭਿਆਨਕ ਬਿਮਾਰੀਆਂ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਲਾਜ਼ਮਾਂ ਵੱਲੋਂ ਗੰਦੇ ਪਾਣੀ ਤੋਂ ਪਰੇਸ਼ਾਨ ਹੋ ਕੇ ਤਲਵੰਡੀ ਸਾਬੋ ਦੇ ਨਿਸ਼ਾਨ-ਏ-ਖ਼ਾਲਸਾ ਚੌਕ ਵਿਚ ਧਰਨਾ ਲਗਾ ਕੇ ਜਾਮ ਲਗਾ ਦਿੱਤਾ ਹੈ। ਮੁਲਾਜ਼ਮਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸੜਕਾਂ ਉਤੇ ਖੜ੍ਹੇ ਗੰਦੇ ਪਾਣੀ ਦੀ ਜਲਦ ਹੱਲ ਕਰਵਾਉਣ ਦੀ ਮੰਗ ਕੀਤੀ। ਇਹ ਵੀ ਪੜ੍ਹੋ : ਕੈਬਨਿਟ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ ਐਕਟ 'ਚ ਸੋਧ ਨੂੰ ਪ੍ਰਵਾਨਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਸੜਕਾਂ ਉਤੇ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ ਪਰ ਸਮੱਸਿਆ ਜਿਉਂ ਦੀ ਤਿਉਂ ਖੜ੍ਹੀ ਸੀ। ਧਰਨਾਕਾਰੀਆਂ ਨੇ ਕਿਹਾ ਦੇਸ਼-ਵਿਦੇਸ਼ ਤੋਂ ਤਖ਼ਤ ਸਾਹਿਬ ਨੂੰ ਆਉਂਦੀਆਂ-ਜਾਂਦੀਆਂ ਸੰਗਤਾਂ ਨੂੰ ਵੀ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਲਵੰਡੀ ਸਾਬੋ ਦੇ ਦੌਰੇ ਉਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਪਏ ਮੀਂਹ ਕਾਰਨ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਉਤੇ ਵੀ ਪਾਣੀ ਭਰ ਗਿਆ ਸੀ। ਇਸ ਵਿਰਾਸਤੀ ਮਾਰਗ 'ਤੇ ਤਿੰਨ ਤੋਂ ਚਾਰ-ਚਾਰ ਫੁੱਟ ਪਾਣੀ ਖੜ੍ਹਾ ਹੋ ਗਿਆ ਸੀ, ਜਿਸ ਨਾਲ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਤੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਰਿਪੋਰਟ-ਮੁਨੀਸ਼ ਗਰਗ -PTC News