ਐਸਜੀਪੀਸੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਸਥਿਤ ਸਰਾਵਾਂ ਨੂੰ ਜੀਐਸਟੀ ਦੇ ਦਾਇਰੇ 'ਚ ਲਿਆਉਣ ਦੀ ਨਿਖੇਧੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਦੁਆਰਾ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਸਰਾਵਾਂ ਉਤੇ ਜੀਐਸਟੀ ਲਗਉਣ ਦੀ ਸਖਤ ਸ਼ਬਦਾ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਰਫ ਸੰਗਤ ਦੀ ਸਹੂਲਤ ਲਈ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਂਦਾ ਹੈ ਨਾ ਕਿ ਵਪਾਰ ਵਜੋਂ। ਉਨ੍ਹਾਂ ਭਾਰਤ ਸਰਕਾਰ ਕੋਲੋਂ ਗੁਰੂ ਘਰਾਂ ਉਤੇ ਜੀਐਸਟੀ ਲਾਉਣ ਦਾ ਇਹ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ ਤੇ ਕਿਹਾ ਕਿ ਇਸ ਸਬੰਧ ਵਿੱਚ ਅੱਜ ਭਾਰਤ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਭੇਜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਦੇ ਨੇੜੇ ਸਥਿਤ ਸ੍ਰੀ ਅਖੰਡ ਪਾਠਾਂ ਲਈ ਬਣੇ ਕਮਰਿਆਂ ਦੇ ਸੁੰਦਰੀਕਰਨ ਦਾ ਕੰਮ ਮੁਕੰਮਲ ਹੋਣ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਤੇ ਹਾਜ਼ਰੀ ਭਰਨ ਪਹੁੰਚੇ ਸਨ। ਉਨ੍ਹਾਂ ਗੁਰੂ ਦੇ ਸੇਵਕ ਭਾਈ ਪ੍ਰਭਜੀਤ ਸਿੰਘ ਤੇ ਉਨ੍ਹਾਂ ਦੇ ਬੇਟੇ ਸੁਰਿੰਦਰਪਾਲ ਸਿੰਘ ਵੱਲੋਂ 50 ਦੇ ਕਰੀਬ ਕਮਰਿਆਂ ਦੇ ਸੁੰਦਰੀਕਰਨ ਦੀ ਸੇਵਾ ਕਰਵਾਉਣ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਧਰਮ ਪ੍ਰਚਾਰ ਦਾ ਦਫ਼ਤਰ ਖੋਲ੍ਹਣ ਦੇ ਫ਼ੈਸਲੇ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਭਰ ਦੇ ਇਤਿਹਾਸਿਕ ਗੁਰੂ ਘਰਾਂ ਦੇ ਪ੍ਰਬੰਧ ਤੇ ਸਾਂਭ-ਸੰਭਾਲ ਦੀ ਸੇਵਾ ਕੀਤੀ ਜਾਂਦੀ ਹੈ ਜਦਕਿ ਦਿੱਲੀ ਕਮੇਟੀ ਸਿਰਫ਼ ਦਿੱਲੀ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਦੀ ਸੇਵਾ ਕਰਦੀ ਹੈ। ਉਨ੍ਹਾਂ ਦਿੱਲੀ ਕਮੇਟੀ ਨੂੰ ਨੇਕ ਨੀਤੀ ਨਾਲ ਸਿੱਖ ਧਰਮ ਦੇ ਪ੍ਰਚਾਰ ਦੀ ਸੇਵਾ ਕਰਨ ਦੀ ਨਸੀਹਤ ਦਿੱਤੀ। ਇਹ ਵੀ ਪੜ੍ਹੋ : HC ਵੱਲੋਂ ਡਰੱਗ ਕੇਸਾਂ ਦੇ ਹੱਲ ਲਈ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਕਮੇਟੀ ਬਣਾਉਣ ਦੇ ਹੁਕਮ