ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਐਸਜੀਪੀਸੀ ਨੇ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਲਗਾਏ ਪੋਸਟਰ
ਸ੍ਰੀ ਅੰਮ੍ਰਿਤਸਰ ਸਾਹਿਬ, 26 ਜੁਲਾਈ: ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਰਕਾਰਾਂ ਦੇ ਅੜੀਅਲ ਰਵੱਈਏ ਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਦਿੱਤੇ ਗਏ ਆਦੇਸ਼ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆਂ ’ਚ ਬੰਦੀ ਸਿੰਘਾਂ ਬਾਰੇ ਜਾਣਕਾਰੀ ਦਿੰਦੇ ਹੋਰਡਿੰਗ ਬੋਰਡ ਲਗਾਉਣ ਲਈ ਕਿਹਾ ਸੀ। ਉਸੇ ਦੇ ਚਲਦੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਆਲੇ ਦੁਆਲੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬੋਰਡ ਲਗਾਏ ਗਏ ਤਾਂ ਜੋ ਆਉਣ ਜਾਣ ਵਾਲੀਆਂ ਸੰਗਤਾਂ ਨੂੰ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੀ ਜਾ ਰਹੀ ਬੇਇਨਸਾਫੀ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਹੋਇਆ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬੋਰਡ ਲਗਾਏ ਜਾਣ ਤਾਂ ਉਸੇ ਦੇ ਚੱਲਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਆਲੇ ਦੁਆਲੇ ਬੋਰਡ ਲਗਾਏ ਗਏ ਨੇ ਤਾਂ ਜੋ ਲੋਕਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਆਉਣ ਵਾਲੀ ਪੀੜ੍ਹੀ ਨੂੰ ਬੰਦੀ ਸਿੰਘਾਂ ਬਾਰੇ ਪਤਾ ਲੱਗ ਸਕੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਈਆਂ ਸਿੱਖ ਸੰਗਤਾਂ ਨੇ ਕਿਹਾ ਕਿ ਐਸਜੀਪੀਸੀ ਵੱਲੋਂ ਜੋ ਇਹ ਬੋਰਡ ਲਗਾਏ ਗਏ ਹਨ ਇਹ ਬਹੁਤ ਵਧੀਆ ਉਪਰਾਲਾ ਹੈ ਇਸ ਨਾਲ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਬੰਦੀ ਸਿੰਘਾਂ ਬਾਰੇ ਜਾਣਕਾਰੀ ਮਿਲੇਗੀ। -PTC News