ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀਆਂ ਤੋਂ ਮੁਲਾਕਾਤ ਲਈ ਮੰਗਿਆ ਸਮਾਂ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਸਾਂਝੀ ਪੰਥਕ ਕਮੇਟੀ ਦੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਸਮੇਤ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ’ਤੇ ਗ੍ਰਹਿ ਮੰਤਰੀ ਸਮੇਤ ਹੋਰਾਂ ਨੂੰ ਮਿਲਣ ਦਾ ਫੈਸਲਾ 11 ਮੈਂਬਰੀ ਕਮੇਟੀ ਦੀ ਬੀਤੇ ਦਿਨੀ ਹੋਈ ਪਲੇਠੀ ਇਕੱਤਰਤਾ ਵਿਚ ਲਿਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਾਂਝੀ ਕਮੇਟੀ ਦੇ ਫੈਸਲੇ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਕਰਨਾਟਕਾ ਦੇ ਮੁੱਖ ਮੰਤਰੀ ਸ੍ਰੀ ਬਸਾਵਾਰਾਜ ਬੋਮਈ ਨੂੰ ਪੱਤਰ ਲਿੱਖ ਕੇ ਜਲਦ ਸਮਾਂ ਦੇਣ ਲਈ ਆਖਿਆ ਹੈ। ਇਸੇ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਵਿਚਾਰਨ ਲਈ ਸਮਾਂ ਮਿਲਣ ’ਤੇ 11 ਮੈਂਬਰੀ ਕਮੇਟੀ ਦੇ ਸਾਰੇ ਮੈਂਬਰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਸਮਾਂ ਲੈਣ ਲਈ ਭੇਜੇ ਪੱਤਰ ਨਾਲ 11 ਮੈਂਬਰਾਂ ਦੀ ਸੂਚੀ ਵੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ 15 ਦਿਨਾ ਦੇ ਅੰਦਰ ਸਮੇਂ ਦੀ ਮੰਗ ਕੀਤੀ ਹੈ ਜਦਕਿ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਜਲਦ ਤੋਂ ਜਲਦ ਮੁਲਾਕਾਤ ਦੀ ਹਾਮੀ ਭਰਨ ਲਈ ਲਿਖਿਆ ਗਿਆ ਹੈ। ਇਹ ਵੀ ਪੜ੍ਹੋ:ਵਿਜੇ ਸਿੰਗਲਾ ਨੂੰ ਅਦਾਲਤ ’ਚ ਕੀਤਾ ਪੇਸ਼, ਤਿੰਨ ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ -PTC News