SGPC ਨੇ ਇਕ ਵਫਦ ਨੂੰ ਪੀੜਤ ਪਰਿਵਾਰ ਕੋਲ ਭੇਜਿਆ ਤੇਲੰਗਾਨਾ
ਅੰਮ੍ਰਿਤਸਰ: ਹੈਦਰਾਬਾਦ ’ਚ ਨਾਬਾਲਗ ਸਿੱਖ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਕਤਲ ਕੀਤੇ ਜਾਣ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨੋਟਿਸ ਲੈਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫਦ ਤੇਲੰਗਾਨਾ ਭੇਜਿਆ ਹੈ। ਭੇਜੇ ਗਏ ਵਫਦ ਵਿਚ ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਗੁਰਮੀਤ ਸਿੰਘ ਸੈਣੀ, ਸਿੱਖ ਮਿਸ਼ਨ ਆਂਧਰਾ ਪ੍ਰਦੇਸ਼ ਦੇ ਇੰਚਾਰਜ ਦਿਲਸ਼ਾਹ ਸਿੰਘ ਅਤੇ ਪ੍ਰਚਾਰਕ ਸ਼ਾਮਿਲ ਹਨ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤੇਲੰਗਾਨਾ ਦੇ ਹੈਦਰਾਬਾਦ ਵਿਚ ਵਾਪਰੀ ਇਸ ਮੰਦਭਾਗੀ ਘਟਨਾ ਨੇ ਮਨੁੱਖਤਾ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਦੁੱਖ ਦੀ ਗਲ ਹੈ ਕਿ ਪਿਛਲੇ ਕੁਝ ਸਮੇਂ ਤੋਂ ਸਿੱਖ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਾਰਾਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣ ਵਿਚ ਅਸਫਲ ਰਹੀਆਂ ਹਨ। ਉਨ੍ਹਾ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇਕ ਬੇਵੱਸ ਅਤੇ ਇਕੱਲੀ ਲੜਕੀ ’ਤੇ ਸਮੂਹਕ ਰੂਪ ਵਿਚ ਜ਼ੁਲਮ ਕੀਤਾ ਗਿਆ ਪਰ ਪੁਲਿਸ ਇਨਸਾਫ ਦੇਣ ਦੀ ਬਜਾਏ ਪੀੜਤ ਪਰਿਵਾਰ ਤੇ ਦਬਾ ਬਣਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਦਾਹਰਣ ਪੇਸ਼ ਕਰਦੀ ਕਰੜੀ ਸਜ਼ਾ ਦਿੱਤੀ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜ੍ਹਤ ਪਰਿਵਾਰ ਦੇ ਨਾਲ ਖੜੀ ਹੈ ਅਤੇ ਸ਼੍ਰੋਮਣੀ ਕਮੇਟੀ ਦਾ ਵਫਦ ਪੀੜ੍ਹਤ ਪਰਿਵਾਰ ਨਾਲ ਮਿਲ ਕੇ ਜੋ ਵੀ ਰਿਪੋਰਟ ਦੇਵੇਗਾ। ਜ਼ਿਕਰਯੋਗ ਹੈ ਕਿ ਤੇਲੰਗਾਨਾ ਦੇ ਹੈਦਰਾਬਾਦ ਦੇ ਰੰਗਾ ਰੇਡੀ ਸ਼ੁਭਾਸ਼ ਨਗਰ ਵਿਚ ਪਿਛਲੇ ਦਿਨੀ ਇਕ ਸਿੱਖ ਨਬਾਲਗ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਚੌਥੀ ਮੰਜਲ ਤੋਂ ਥੱਲੇ ਸੁੱਟ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਵੀ ਪੜ੍ਹੋ:ਕਿਹੜੇ ਦਸਤਾਵੇਜ਼ਾਂ ਦੇ ਆਧਾਰ 'ਤੇ ਤੁਸੀਂ ਵੋਟ ਪਾ ਸਕਦੇ, ਜਾਣੋ -PTC News