ਝੋਨੇ ਦੀ ਸਰਕਾਰੀ ਖ਼ਰੀਦ ਦੇਰੀ ਨਾਲ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ 'ਤੇ ਸਾਧੇ ਨਿਸ਼ਾਨੇ
ਚੰਡੀਗੜ੍ਹ - ਝੋਨੇ ਦੀ ਸਰਕਾਰੀ ਖ਼ਰੀਦ ਦੇਰੀ ਨਾਲ ਹੋ ਰਹੀ ਹੈ, ਇਸ 'ਤੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਪ੍ਰਕ੍ਰਿਆ 'ਚ 10 ਦਿਨ ਦੀ ਦੇਰੀ ਕੀਤੀ ਜਾਣੀ ਕੇਂਦਰ ਅਤੇ ਪੰਜਾਬ ਸਰਕਾਰ, ਦੋਵਾਂ ਦੀ ਕਿਸਾਨ-ਵਿਰੋਧੀ ਸੋਚ ਦਾ ਸਬੂਤ ਹੈ।
ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਦੇਰੀ ਨਾਲ ਕਰਨ ਦਾ ਮੁੱਖ ਕਾਰਨ ਨਮੀ ਦੀ ਮਾਤਰਾ ਦਾ ਜ਼ਿਆਦਾ ਹੋਣਾ ਦੱਸਿਆ ਹੈ। ਕਿਸਾਨਾਂ ਅਨੁਸਾਰ ਝੋਨੇ 'ਚ ਨਮੀ ਦੀ ਮਾਤਰਾ ਉਨ੍ਹੀ ਨਹੀਂ ਹੈ, ਜਿੰਨੀ ਦੱਸੀ ਜਾ ਰਹੀ ਹੈ। ਇਸ ਦੇ ਲਈ ਪੰਜਾਬ ਅਤੇ ਕੇਂਦਰ ਸਰਕਾਰ ਦੋਵੇਂ ਹੀ ਜ਼ਿੰਮੇਵਾਰ ਹਨ।
ਮਜੀਠੀਆ ਨੇ ਪੰਜਾਬ ਦੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਪੰਜਾਬ ਦੀ ਸਰਕਾਰ ਆਪਣੀ ਕੁਰਸੀ ਬਚਾਉਣ ਤੱਕ ਹੀ ਸੀਮਿਤ ਰਹਿ ਗਈ ਹੈ, ਕਿਉਂਕਿ ਕਿਸਾਨਾਂ ਦੀ ਪਰਵਾਹ, ਲੋਕਾਂ ਦਾ ਭਲਾ ਆਦਿ ਦੀ ਇਨ੍ਹਾਂ ਨੂੰ ਕੋਈ ਚਿੰਤਾ ਨਹੀਂ। ਮਜੀਠੀਆ ਨੇ ਅਪੀਲ ਕੀਤੀ ਕਿ ਮੰਡੀਆਂ 'ਚ ਫ਼ਸਲ ਆਉਣੀ ਸ਼ੁਰੂ ਹੋ ਗਈ ਹੈ, ਜਿਸ ਕਰਕੇ ਉਸ ਦੀ ਖ਼ਰੀਦ ਜਲਦੀ ਤੋਂ ਜਲਦੀ ਸ਼ੁਰੂ ਕਰਵਾਈ ਜਾਵੇ।
ਝੋਨੇ ਦੀ ਸਰਕਾਰੀ ਖ਼ਰੀਦ ਦੇਰੀ ਨਾਲ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਦੀ ਆਰਥਿਕਤਾ ਖੇਤੀ 'ਤੇ ਨਿਰਭਰ ਕਰਦੀ ਹੈ। ਝੋਨੇ ਦੀ ਖ਼ਰੀਦ ਹਰ ਸਾਲ ਅਕਤੂਬਰ ਵਿਚ ਸ਼ੁਰੂ ਹੁੰਦੀ ਹੈ ਪਰ ਰਾਜ ਸਰਕਾਰ ਨੇ ਇਸ ਵਾਰ ਨਮੀ ਦੇ ਬਹਾਨੇ ਦਾ ਹਵਾਲਾ ਦਿੰਦੇ ਹੋਏ ਇਸ ਵਿਚ 10 ਦਿਨ ਦੀ ਦੇਰੀ ਕੀਤੀ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿਉਂਕਿ ਉਨ੍ਹਾਂ ਨੇ ਕੋਈ ਪ੍ਰਬੰਧ ਨਹੀਂ ਕੀਤਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਨਮੀ ਦੀ ਜਾਂਚ ਕੀਤੀ, ਇਹ 12.9 ਹੈ।
-PTC News