ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮਾਗਮ ਦੀ ਤਿਆਰੀਆਂ ਨੂੰ ਲੈ ਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਨਾਲ ਕੀਤੀ ਇਕੱਤਰਤਾ
ਅੰਮ੍ਰਿਤਸਰ:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਲੰਘੇ ਕੱਲ੍ਹ ਸੋਮਵਾਰ ਨੂੰ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਹ ਗੁਰਮਤਿ ਸਮਾਗਮ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ 21 ਅਪ੍ਰੈਲ 2022 ਨੂੰ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾਣਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਜਿਥੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ, ਉਥੇ ਹੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਨੂੰ ਸਮਾਗਮਾਂ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਵੀ ਕਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੇ ਸੰਪੂਰਨਤਾ ਸਮਾਗਮ ਯਾਦਗਾਰੀ ਹੋਣਗੇ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ ਦੇ ਮੁੱਖ ਸਮਾਗਮ ਤੋਂ ਪਹਿਲਾਂ 19 ਅਪ੍ਰੈਲ ਨੂੰ ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਕੇ ਮਹਿਲ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 21 ਅਪ੍ਰੈਲ ਨੂੰ ਪੈਣਗੇ। 20 ਅਪ੍ਰੈਲ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਇਸੇ ਦਿਨ ਸ਼ਾਮ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਵੀ ਉਲੀਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਵਿਚ ਸਿੰਘ ਸਾਹਿਬਾਨ, ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ ਅਤੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਜਥੇ ਤੇ ਕਥਾਵਾਚਕ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨਾਲ ਸੰਗਤ ਨੂੰ ਜੋੜਨਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਨਤਮਸਤਕ ਹੋਣ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਕਰਤਾਰ ਸਿੰਘ ਆਦਿ ਹਾਜ਼ਰ ਸਨ। ਇਹ ਵੀ ਪੜ੍ਹੋ:ਵਿਸਾਖੀ ਵਿਸ਼ੇਸ਼: ਕਣਕਾਂ ਦੀ ਵਾਢੀ ਹੋਈ ਸ਼ੁਰੂ, ਕਿਸਾਨਾਂ ਦੇ ਚਿਹਰੇ ਖਿੜੇ -PTC News