ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਧਰਨਾ ਪ੍ਰਦਰਸ਼ਨ
ਗਗਨਦੀਪ ਸਿੰਘ ਅਹੂਜਾ, (ਪਟਿਆਲਾ, 9 ਸਤੰਬਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ 12 ਸਤੰਬਰ ਸੋਮਵਾਰ ਵਾਲੇ ਦਿਨ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਬੀਤੇ ਦਿਨੀਂ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਇਹ ਅਹਿਮ ਫ਼ੈਸਲਾ ਲਿਆ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਵੱਲੋਂ ਅੱਜ ਨੌਵੀਂ ਪਾਤਸ਼ਾਹੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਭ ਮੈਂਬਰਾਨ ਅਤੇ ਧਾਰਮਿਕ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਪੀਟੀਸੀ ਨਿਊਜ਼ ਨਾਲ ਖਾਸ ਗੱਲਬਾਤ ਕਰਦਿਆਂ ਹੋਇਆਂ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਕਿ ਕਾਂਗਰਸ ਜਾਂ ਭਾਰਤੀ ਜਨਤਾ ਪਾਰਟੀ ਜਾਂ ਆਮ ਆਦਮੀ ਪਾਰਟੀ ਸਿੱਖਾਂ ਲਈ ਇਹ ਸੁਹਿਰਦ ਨਹੀਂ ਹਨ। ਉਨ੍ਹਾਂ ਨੇ ਸਮੂਹ ਸਿੱਖ ਜਥੇਬੰਦੀਆਂ ਅਤੇ ਸਿੱਖਾਂ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ।
-PTC News