ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਯਤਨਸ਼ੀਲ : ਐਡਵੋਕੇਟ ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼ ਕਰਨ ਦਾ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਲੰਬੇ ਅਰਸੇ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਨਿਰੋਲ ਕੌਮ ਦਾ ਮਸਲਾ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ 11 ਤਾਰੀਕ ਨੂੰ ਮੀਟਿੰਗ ਕਰਵਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਸਮੂਹ ਪੰਥ ਹਿਤੈਸ਼ੀ ਸੰਸਥਾਵਾਂ, ਜਥੇਬੰਦੀਆਂ, ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਨੂੰ 11 ਮਈ ਨੂੰ 11 ਵਜੇ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਕਿਸ਼ੋਰੀ ਲਾਲ ਨੂੰ 4 ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਪਰ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਸਜ਼ਾ ਮੁਆਫੀ ਸਬੰਧੀ ਫੈਸਲਾ ਲਟਕਾਇਆ ਜਾਣਾ ਕੇਜਰੀਵਾਲ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ 21 ਐਪਸ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ ਗੁਰਬਾਣੀ ਤੇ ਸੁਖਮਨੀ ਸਾਹਿਬ ਲੋਡ ਕੀਤੀ ਗਈ ਹੈ। ਸਿੱਖੀ ਐਪਸ ਵਿੱਚੋਂ ਗੁਰਬਾਣੀ ਦੀਆਂ ਤਰੁੱਟੀਆਂ ਦੂਰ ਕਰ ਕੇ ਆਪਣੀਆਂ ਐਪਸ ਨੂੰ ਸ਼੍ਰੋਮਣੀ ਕਮੇਟੀ ਕੋਲੋਂ ਮਾਨਤਾ ਦਿਵਾਈ ਜਾਵੇ। ਸਿੱਖੀ ਐਪਸ ਦੇ ਮਸਲੇ ਉਤੇ ਸ਼੍ਰੋਮਣੀ ਕਮੇਟੀ ਦੀ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰੋਜ਼ਾਨਾ ਇਕ ਜੱਥਾ ਤੰਤੀ ਸਾਜਾਂ ਨਾਲ ਕੀਰਤਨ ਜ਼ਰੂਰ ਕੀਤਾ ਜਾਵੇਗਾ। ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜਾਂ ਨਾਲ ਕੀਰਤਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਦੀ ਪੈਰਵੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ। 30 ਅਪ੍ਰੈਲ ਨੂੰ ਸੁਪਰੀਮ ਨੇ ਆਪਣੇ ਹੁਕਮ ਸੁਣਾਏ ਹਨ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ ਬਕਾਇਆ ਤਨਖਾਹ 2 ਹਫਤਿਆਂ ਵਿੱਚ ਦੇ ਦਿੱਤੀ ਜਾਵੇਗੀ। ਸਕੂਲਾਂ ਨੂੰ ਆਪਣੇ ਪੈਰੀਂ ਖੜ੍ਹੇ ਹੋਣ ਲਈ ਯਤਨਸ਼ੀਲ ਹੋਣ ਦੀ ਹਦਾਇਤ ਦਿੱਤੀ ਗਈ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਸ਼ੋਭਿਤ ਕਰਨ ਲਈ 2 ਕਮਰੇ ਤਿਆਰ ਕੀਤੇ ਜਾਣਗੇ। 2 ਨਵੀਆਂ ਸਰਾਵਾਂ ਦੀ ਉਸਾਰੀ ਦਾ ਕੰਮ 2 ਹਫਤਿਆਂ ਵਿੱਚ ਜੰਗੀ ਪੱਧਰ ਉਤੇ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਸਮੁੱਚੇ ਸਿੱਖ ਪੰਥ ਨੂੰ ਆਪਸੀ ਮਤਭੇਦ ਭੁਲਾ ਕੇ ਸਿੱਖ ਕੌਮ ਨੂੰ ਦਰਪੇਸ਼ ਮਸਲੇ ਹੱਲ ਕਰਨ ਲਈ ਇਕਜੁਟ ਹੋਣ ਦੀ ਅਪੀਲ ਕੀਤੀ। ਇਹ ਵੀ ਪੜ੍ਹੋ : 'ਆਪ' ਦੀ ਵਾਅਦਾਖ਼ਿਲਾਫ਼ੀ ਵਿਰੁੱਧ ਸੜਕਾਂ 'ਤੇ ਉਤਰੀ ਭਾਜਪਾ